ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੇ ਪੰਜ ਮਹੀਨਿਆਂ ਵਿੱਚ 21,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਸ ਨਿਵੇਸ਼ ਨਾਲ ਸੂਬੇ ਭਰ ਦੇ ਕਰੀਬ 93,000 ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਦਾਅਵਾ ਪੰਜਾਬ ਸਰਕਾਰ ਨੇ ਕੀਤਾ ਹੈ। ਸੂਬੇ ਦੇ ਉਦਯੋਗਿਕ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਵਰੀ 2023 ਵਿੱਚ ਪੰਜਾਬ ਨਿਵੇਸ਼ ਕਾਨਫਰੰਸ ਆਯੋਜਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਾਨਫਰੰਸ ਵਿੱਚ ਦੇਸ਼ ਦੇ ਪ੍ਰਮੁੱਖ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਸੂਬੇ ਨੂੰ ਭਾਰਤ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਾਨਫਰੰਸ ਸੂਬੇ ਨੂੰ ਉਦਯੋਗ ਦੇ ਧੁਰੇ ਵਜੋਂ ਉਭਰਨ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗੀ। ਮਾਨ ਨੇ ਇਨਵੈਸਟ ਪੰਜਾਬ ਨੂੰ ਸੰਭਾਵੀ ਨਿਵੇਸ਼ਕਾਂ ਨੂੰ ਕਾਨਫਰੰਸ ਵਿੱਚ ਸੱਦਾ ਦੇਣ ਅਤੇ ਕਾਨਫਰੰਸ ਦੌਰਾਨ ਸੂਬੇ ਦੀਆਂ ਖਾਸੀਅਤਾਂ ਨੂੰ ਦਰਸਾਉਣ ਲਈ ਭਾਰਤ ਦੇ ਸਾਰੇ ਵੱਡੇ ਸ਼ਹਿਰਾਂ ਅਤੇ ਵਿਸ਼ਵ ਪੱਧਰ ’ਤੇ ਰੋਡ ਸ਼ੋਅ ਸਮੇਤ ਪ੍ਰਮੋਸ਼ਨਲ ਆਊਟਰੀਚ ਪ੍ਰੋਗਰਾਮ ਕਰਵਾਉਣ ਲਈ ਵੀ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਪੰਜਾਬ ਦੇ ਯੂਨੀਫਾਈਡ ਰੈਗੂਲੇਟਰ ਅਤੇ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ ਪ੍ਰਾਪਤ ਕਰਨ ਦੀ ਇਸ ਰਫ਼ਤਾਰ ਨੂੰ ਟੁੱਟਣ ਨਹੀਂ ਦੇਣਾ ਚਾਹੀਦਾ ਅਤੇ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸੂਬਾ ਸਰਕਾਰ ਦੀ ਇਨਵੈਸਟ ਪੰਜਾਬ-ਇਨਵੈਸਟਮੈਂਟ ਪ੍ਰਮੋਸ਼ਨ ਏਜੰਸੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨਫਰੰਸ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਵੇਂ ਰਾਹ ‘ਤੇ ਲਿਜਾਣ ਲਈ ਅਹਿਮ ਭੂਮਿਕਾ ਨਿਭਾਏਗੀ।