ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਰਾਜ ਦੇ ਸਰਕਾਰੀ ਹਸਪਤਾਲਾਂ ਅੰਦਰ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕਰਨ ਲਈ ਜੁਟੀ ਹੋਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਨੇ ਸਿਵਲ ਹਸਪਤਾਲ ਮਾਨਸਾ, ਬੁਢਲਾਡਾ ਅਤੇ ਭੀਖੀ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਵੇਲੇ ਕੀਤਾ।
ਸਿਹਤ ਮੰਤਰੀ ਸ.ਚੇਤਨ ਸਿੰਘ ਜੋੜਾਮਾਜਰਾ ਨੇ ਮਾਨਸਾ, ਬੁਢਲਾਡਾ ਅਤੇ ਭੀਖੀ ਦੇ ਸਰਕਾਰੀ ਹਸਪਤਾਲਾਂ ਵਿਖੇ ਆਪਣੇ ਅਚਨਚੇਤ ਦੌਰੇ ਦੌਰਾਨ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਭਵਿੱਖ ਅੰਦਰ ਹੋਰ ਚੰਗੀਆਂ ਸਿਹਤ ਸੁਵਿਧਾਵਾਂ ਦੇਣ ਲਈ ਸਟਾਫ, ਲੋਂੜੀਦੀਆਂ ਦਵਾਈਆਂ ਆਦਿ ਦੀ ਮਰੀਜ਼ਾਂ ਨੂੰ ਕੋਈ ਘਾਟ ਨਹੀ ਰਹਿਣ ਦਿੱਤੀ ਜਾਵੇਗੀ। ਉਨਾਂ ਆਪਣੇ ਦੌਰੇ ਹਸਪਤਾਲਾਂ ਦੇ ਵੱਖ-ਵੱਖ ਵਾਰਡਾਂ, ਐਮਰਜੈਂਸੀ, ਦਾ ਦੌਰਾ ਕਰਰਕੇ ਇਥੇ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਦਾ ਹਾਲ ਚਾਲ ਵੀ ਪੁੱਛਿਆ।
ਸਿਹਤ ਮੰਤਰੀ ਨੇ ਕਿਹਾ ਕਿ ਬੁਢਲਾਡਾ ਵਿਖੇ ਬਣ ਰਹੇ ਜੱਚਾ ਬੱਚਾ ਹਸਪਤਾਲ ਦਾ 90 ਫੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ, ਜਿਸਨੂੰ ਜਲਦੀ ਪੂਰਾ ਹੋਣ ਤੋਂ ਬਾਅਦ ਲੋਕਾਂ ਦੇ ਸੁਪਰਦ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਮਾਨਸਾ ਦੇ ਸਿਵਲ ਹਸਪਤਾਲ ਨੂੰ ਡਾਕਟਰੀ ਸਟਾਫ ਸਮੇਤ ਲੋੜੀਂਦੀ ਆਧੁਨਿਕ ਮਸ਼ੀਨਾਂ ਉਪਲੱਬਧ ਕਰਵਾਈਆਂ ਜਾਣਗੀਆਂ,ਤਾਂ ਜੋ ਹਸਪਤਾਲ ਅੰਦਰ ਆਉਣ ਵਾਲੇ ਮਰੀਜ਼ਾ ਨੂੰ ਰੈਫਰ ਨਾ ਕੀਤਾ ਜਾਵੇ। ਉਨਾਂ ਹਸਪਤਾਲ ਪ੍ਰਬੰਧਕਾਂ ਨੂੰ ਸਾਫ਼ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੇ ਆਦੇਸ਼ ਜਾਰੀ ਕੀਤੇ, ਤਾਂ ਜੋ ਗੰਦਗੀ ਕਾਰਣ ਮਰੀਜ਼ਾਂ ਅਤੇ ਉਨਾਂ ਦੇ ਨਾਲ ਆਏ ਰਿਸ਼ਤੇਦਾਰਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਮਣਾ ਨਾ ਕਰਨਾ ਪਵੇ।
ਉਨਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਤੋਂ ਸੂਬੇ ਦੇ ਲੋਕ ਪੂਰੀ ਤਰਾਂ ਖੁਸ਼ ਹਨ ਅਤੇ ਮਰੀਜ਼ਾਂ ਦੇ ਇਲਾਜ ਵਿੱਚ ਇਹ ਕਲੀਨਿਕ ਕਾਫੀ ਲਾਭਦਾਇਕ ਸਿੱਧ ਹੋ ਰਹੇ ਹਨ। ਉਨਾਂ ਕਿਹਾ ਕਿ ਸੂਬੇ ਅੰਦਰ 10 ਦਿਨਾਂ ਦੇ ਅੰਦਰ ਕਰੀਬ 52 ਹਜ਼ਾਰ ਦੀ ਓ.ਪੀ.ਡੀ ਇਨਾਂ ਆਮ ਆਦਮੀ ਕਲੀਨਿਕਾਂ ਵਿੱਚ ਦਰਜ਼ ਕੀਤੀ ਗਈ ਹੈ ਅਤੇ 5200 ਦੇ ਕਰੀਬ ਟੈਸਟ ਕੀਤੇ ਗਏ ਹਨ। ਉਨਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਹਸਪਤਾਲਾਂ ਅੰਦਰ ਮਿਲ ਰਹੀਆਂ ਸਿਹਤ ਸੁਵਿਧਾਵਾਂ ਵੱਲ ਕੋਈ ਧਿਆਨ ਨਹੀ ਦਿੱਤਾ, ਜਿਸਦੇ ਲਈ ਉਹ ਖੁਦ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅੰਦਰ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਰ ਜ਼ਿਲੇ ਦਾ ਦੌਰਾ ਕਰ ਰਹੇ ਹਨ। ਉਨਾਂ ਕਿਹਾ ਕਿ ਭਵਿੱਖ ਅੰਦਰ ਵੀ ਰਾਜ ਦੇ ਹਸਪਤਾਲਾਂ ਅੰਦਰ ਅਚਨਚੇਤ ਨਿਰੀਖਣ ਕਰਕੇ ਮਰੀਜ਼ਾਂ ਨੂੰ ਦਿੱਤੀਆ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਜਾਵੇਗਾ। ਉਨਾਂ ਕਿਹਾ ਕਿ ਡਾਕਟਰਾਂ ਜਾਂ ਸਿਹਤ ਸਟਾਫ ਵੱਲੋਂ ਕੀਤੀ ਗਈ ਕਿ ਕਿਸੇ ਵੀ ਤਰਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀ ਕੀਤੀ ਜਾਵੇਗਾ।