ਪੰਜਾਬ ‘ਚ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਧ ਤੋਂ ਵੱਧ ਯਤਨ ਕਰ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਹਰ ਸੰਭਵ ਸਹੂਲਤ ਦੇ ਰਹੇ ਹਨ।ਸੀਐੱਮ ਮਾਨ ਵਲੋਂ ਹੁਣ ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਵੱਡੇ ਪੱਧਰ ‘ਤੇ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕੇਗੀ ਪਰ ਸਖਤੀ ਦੀ ਬਜਾਏ ਪਿਆਰ ਨਾਲ। ਇਸ ਲਈ ਪੰਜਾਬ ਸਰਕਾਰ ਵੱਲੋਂ ਖਾਸ ਪਲਾਨ ਤਿਆਰ ਕੀਤਾ ਗਿਆ ਹੈ। ਸਰਕਾਰ ਇੱਕ ਪਾਸੇ ਕਿਸਾਨਾਂ ਨੂੰ ਜਾਗਰੂਕ ਕਰੇਗੀ ਤੇ ਦੂਜੇ ਪਾਸੇ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਮਸ਼ੀਨਾਂ ਵੰਡੀਆਂ ਜਾਣਗੀਆਂ।
ਇਹ ਵੀ ਪੜ੍ਹੋ : ਖੇਡਾਂ ਵਤਨ ਪੰਜਾਬ ਦੀਆਂ ਤਹਿਤ:ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੌੜ੍ਹ ਲਾਈ…
ਉਂਝ ਭਗਵੰਤ ਮਾਨ ਸਰਕਾਰ ਨੇ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦੇਣ ਦੀ ਤਜਵੀਜ਼ ਰੱਖੀ ਸੀ, ਜਿਸ ਵਿੱਚ ਇਹ ਸੁਝਾਅ ਪੇਸ਼ ਕੀਤਾ ਗਿਆ ਸੀ ਕਿ ਇਸ ਰਾਸ਼ੀ ਵਿੱਚੋਂ 1500 ਰੁਪਏ ਪ੍ਰਤੀ ਏਕੜ ਕੇਂਦਰ ਸਰਕਾਰ ਜਦੋਂਕਿ 1000 ਰੁਪਏ ਪ੍ਰਤੀ ਏਕੜ ਪੰਜਾਬ ਤੇ ਦਿੱਲੀ ਸਰਕਾਰਾਂ ਵੱਲੋਂ ਦਿੱਤੇ ਜਾਣਗੇ ਪਰ ਕੇਂਦਰ ਨੇ ਇਹ ਤਜਵੀਜ਼ ਠੁਕਰਾ ਦਿੱਤੀ ਹੈ।
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੂਰਾ ਪਲਾਨ ਦੱਸਿਆ। ਉਨ੍ਹਾਂ ਕਿਹਾ ਹੈ ਕਿ ਸੂਬਾ ਸਰਕਾਰ ਝੋਨੇ ਦੀ ਵਾਢੀ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਪ੍ਰਬੰਧਨ ਲਈ ਕਮਰਕੱਸੇ ਕਰ ਲਏ ਹਨ।
56000 ਮਸ਼ੀਨਾਂ ਵੰਡੀਆਂ ਜਾਣਗੀਆਂ
ਇਸ ਸੀਜ਼ਨ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ 56000 ਮਸ਼ੀਨਾਂ ਵੰਡੀਆਂ ਜਾਣਗੀਆਂ, ਜਿਸ ਨਾਲ ਸੂਬੇ ਵਿੱਚ ਮਸ਼ੀਨਾਂ ਦੀ ਕੁੱਲ ਗਿਣਤੀ 1,46,422 ਹੋ ਜਾਵੇਗੀ। ਇਸ ਤੋਂ ਪਹਿਲਾਂ 2018 ਤੋਂ 2022 ਤੱਕ ਕਿਸਾਨਾਂ ਨੂੰ 90,422 ਮਸ਼ੀਨਾਂ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਛੋਟੇ ਕਿਸਾਨਾਂ ਨੂੰ ਵੀ ਸੁਪਰਸੀਡਰ, ਹੈਪੀ ਸੀਡਰ, ਜ਼ੀਰੋ ਡਰਿੱਲ ਵਰਗੀਆਂ ਮਸ਼ੀਨਾਂ ਮਿਲਣਗੀਆਂ ਕਿਉਂਕਿ ਅਜਿਹੀਆਂ 500 ਮਸ਼ੀਨਾਂ ਸੂਬੇ ਦੇ 154 ਬਲਾਕਾਂ ਵਿੱਚ ਭੇਜੀਆਂ ਜਾਣਗੀਆਂ।
ਘਰ-ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਏਗਾ ਜਾਗਰੂਕ
ਧਾਲੀਵਾਲ ਨੇ ਦੱਸਿਆ ਕਿ 15 ਸਤੰਬਰ ਤੋਂ ਬਾਅਦ ਉਨ੍ਹਾਂ ਸਮੇਤ ਖੇਤੀਬਾੜੀ ਵਿਭਾਗ ਦੇ ਦਰਜਾ ਚਾਰ ਮੁਲਾਜ਼ਮਾਂ ਤੋਂ ਲੈ ਕੇ ਡਾਇਰੈਕਟਰ ਰੈਂਕ ਤੱਕ ਦੇ ਅਧਿਕਾਰੀ ਫੀਲਡ ਵਿੱਚ ਹੀ ਰਹਿਣਗੇ ਤੇ ਘਰ-ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਕਰਨਗੇ।
ਇਹ ਵੀ ਪੜ੍ਹੋ : 75 ਸਾਲ ਬਾਅਦ ਮਿਲੇ ਵੰਡ ‘ਚ ਵਿਛੜੇ ਭੈਣ-ਭਰਾ, ਗਲ਼ ਲੱਗ ਭੁੱਬਾਂ ਮਾਰ ਰੋਏ