ਮਾਨਸੂਨ ਸੈਸ਼ਨ ਦੌਰਾਨ ਕਿਸਾਨਾਂ ਵੱਲੋਂ ਅੱਜ ਸੰਸਦ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਅਤੇ ਸੰਯੁਕਤ ਕਿਸਾਨ ਮੋਰਚਾ ਦਰਮਿਆਨ ਹੋਈ ਬੈਠਕ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸੰਸਦ ਦੇ ਸੈਸ਼ਨ ਦੌਰਾਨ ਹੀ ਸੰਸਦ ਦੇ ਬਾਹਰ ਭਾਵ ਜੰਤਰ-ਮੰਤਰ ਵਿਖੇ ਤਿੰਨੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨਗੇ। ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ 200 ਕਿਸਾਨ 5 ਵੱਖ-ਵੱਖ ਬੱਸਾਂ ਵਿੱਚ ਸਵਾਰ ਹੋ ਕੇ ਦਿੱਲੀ ਜਾਣਗੇ।
ਕਿਸਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਹੈ। ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟਿਕਰੀ, ਸਿੰਘੂ, ਗਾਜੀਪੁਰ ਸਰਹੱਦ ਅਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੱਖ-ਵੱਖ ਇਲਾਕਿਆਂ ਦੇ ਕਿਸਾਨ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਦਾ ਇੱਕ ਵੱਡਾ ਜੱਥਾ ਬੱਸਾਂ ਰਾਹੀਂ ਜੰਤਰ-ਮੰਤਰ ਪਹੁੰਚ ਰਿਹਾ ਹੈ।ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ ਨੇ 9 ਅਗਸਤ ਤਕ ਜ਼ਿਆਦਾਤਰ 200 ਕਿਸਾਨਾਂ ਵੱਲੋਂ ਪ੍ਰਦਰਸ਼ਨ ਦੀ ਵਿਸ਼ੇਸ਼ ਇਜਾਜ਼ਤ ਦੇ ਦਿੱਤੀ ਹੈ।
ਦਿੱਲੀ ਪੁਲਿਸ ਵੱਲੋਂ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਕਿਸਾਨਾਂ ਨੂੰ ਜੰਤਰ-ਮੰਤਰ ‘ਤੇ ਕੁਝ ਸ਼ਰਤਾਂ ਦੇ ਨਾਲ ਮਨਜ਼ੂਰੀ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 200 ਤੋਂ ਜ਼ਿਆਦਾ ਕਿਸਾਨ ਇਸ ਪ੍ਰੋਗਰਾਮ ‘ਚ ਹਿੱਸਾ ਨਹੀਂ ਲੈਣਗੇ। ਜਦਕਿ ਹੋਰ 6 ਲੋਕ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਰਹਿਣਗੇ। ਪ੍ਰਦਰਸ਼ਨਕਾਰੀ ਕਿਸਾਨ ਸਿੰਘੂ ਬਾਰਡਰ ਤੋਂ ਬੱਸਾਂ ਜ਼ਰੀਏ ਜੰਤਰ-ਮੰਤਰ ਪਹੁੰਚਣਗੇ। ਉਨ੍ਹਾਂ ਨੂੰ ਕੋਵਿਡ ਪਾਬੰਦੀਆਂ ਨੂੰ ਧਿਆਨ ‘ਚ ਰੱਖਦਿਆਂ ਮਾਰਚ ਨਾ ਕੱਢਣ ਦੀ ਸਲਾਹ ਦਿੱਤੀ ਗਈ ਹੈ।
ਕਿਸਾਨ ਸੰਸਦ ਕੀ ਹੈ ? ਅੰਦੋਲਨਕਾਰੀ ਕਿਸਾਨ ਜੰਤਰ-ਮੰਤਰ ਵਿਖੇ ਕਿਸਾਨੀ ਸੰਸਦ 13 ਅਗਸਤ ਤੱਕ ਚਲਾਉਣਗੇ, ਜਿਸ ਦਾ ਅਰਥ ਹੈ ਕਿ ਮੌਨਸੂਨ ਸੈਸ਼ਨ ਚੱਲਣ ਤੱਕ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ ਦਰਸ਼ਨ ਪਾਲ ਨੇ ਕਿਹਾ, ‘ਸਭ ਕੁੱਝ ਸੰਸਦ ਵਰਗਾ ਹੋਵੇਗਾ। ਇੱਕ ਸਪੀਕਰ ਹੋਵੇਗਾ, ਇੱਕ ਡਿਪਟੀ ਸਪੀਕਰ ਹੋਵੇਗਾ। ਟੀ ਬ੍ਰੇਕ ਹੋਵੇਗੀ। ਸਭ ਕੁੱਝ ਸੰਸਦ ਵਰਗਾ ਹੋਵੇਗਾ। ਇਸ ਦੌਰਾਨ ਕਿਸਾਨ ਖੇਤੀਬਾੜੀ ਕਾਨੂੰਨਾਂ ‘ਤੇ ਗੱਲ ਕਰਨਗੇ।’ ਪ੍ਰਦਰਸ਼ਨ ਨੂੰ ਵੇਖਦੇ ਹੋਏ ਦਿੱਲੀ ਪੁਲਿਸ ਨੇ ਸਖਤ ਸੁਰੱਖਿਆ ਕੀਤੀ ਹੈ, ਸੀਸੀਟੀਵੀ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।