Punjab Police on Terrorist Modules: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ (Punjab Police) ਨੇ ਪਿਛਲੇ 10 ਦਿਨਾਂ ਵਿੱਚ 17 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਪੰਜ ਵੱਡੇ ਅੱਤਵਾਦੀ ਮਾਡਿਊਲਾਂ (Terrorist Modules) ਦਾ ਪਰਦਾਫਾਸ਼ ਕੀਤਾ ਹੈ।
ਪੁਲਿਸ ਨੇ ਇਨ੍ਹਾਂ ਅੱਜਵਾਦੀਆਂ ਕੋਲੋਂ ਚਾਰ ਰਾਈਫ਼ਲਾਂ ਜਿਨ੍ਹਾਂ ਵਿੱਚ ਏਕੇ/ਐਮਪੀ-9/ਐਮਪੀ-5 ਤੋਂ ਇਲਾਵਾ 25 ਰਿਵਾਲਵਰ/ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਿੰਨ ਹੈਂਡ ਗਰਨੇਡ ਅਤੇ ਇੱਕ ਆਈਈਡੀ ਵੀ ਬਰਾਮਦ ਕੀਤਾ ਹੈ।
ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ (IGP Sukhchain Singh Gill) ਨੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਪੁਲਿਸ ਟੀਮਾਂ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ ਲੰਡਾ, ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਅਰਸ਼ ਡੱਲਾ ਵੱਲੋਂ ਭਾਰਤ ਤੋਂ ਬਾਹਰੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲਾਂ ਨੂੰ ਵੱਡਾ ਝਟਕਾ ਦਿੱਤਾ ਹੈ।
ਨਸ਼ਿਆਂ ਬਾਰੇ ਹਫ਼ਤਾਵਾਰੀ ਅੱਪਡੇਟ ਦਿੰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 240 ਐਫਆਈਆਰ. ਜਿਹਨਾਂ ਵਿੱਚੋਂ 32 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 314 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਉਹਨਾਂ ਦੇ ਕਬਜ਼ੇ ‘ਚੋਂ 18 ਕਿਲੋ ਹੈਰੋਇਨ, 16 ਕਿਲੋ ਅਫੀਮ, 4 ਕਿਲੋ ਗਾਂਜਾ, 5 ਕੁਇੰਟਲ ਭੁੱਕੀ, ਫਾਰਮਾ ਓਪੀਔਡਜ਼ ਦੀਆਂ 3.71 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 9.73 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਚੋਂ ਨਸ਼ਿਆਂ ਦੀ ਲਾਹਣਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀ.ਪੀਜ/ਐਸ.ਐਸ.ਪੀਜ. ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਉਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਸਾਰੇ ਵੱਡੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ।
ਨਾਲ ਹੀ ਉਨ੍ਹਾਂ ਨੇ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਵੱਲੋਂ ਨਜਾਇਜ ਢੰਗ ਨਾਲ ਜੁਟਾਏ ਇਸ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।