ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ (Tajinder Pal Singh Bagga) ਅਤੇ ਆਮ ਆਦਮੀ ਪਾਰਟੀ (AAP) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ (Kumar Vishwas) ਖ਼ਿਲਾਫ਼ ਦਰਜ ਐਫਆਈਆਰ ਰੱਦ ਕੀਤੀ ਹੈ। ਇਸ ‘ਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਪ੍ਰਤੀਕਿਰਿਆ ਆਈ ਹੈ। ਇਸ ਫੈਸਲੇ ‘ਤੇ ਬੋਲਦਿਆਂ ਬਾਜਵਾ ਨੇ ਕਿਹਾ ਕਿ ਇਹ ਨਾ ਸਿਰਫ਼ ਭਗਵੰਤ ਮਾਨ ਸਰਕਾਰ (Punjab Goverment) ਲਈ ਸਗੋਂ ਉਸ ਦੇ ਸਿਆਸੀ ਗੁਰੂ ਅਰਵਿੰਦ ਕੇਜਰੀਵਾਲ (Arvind Kejriwal) ਲਈ ਵੀ ਵੱਡੀ ਨਮੋਸ਼ੀ ਵਾਲੀ ਗੱਲ ਹੈ।
ਕਾਂਗਰਸੀ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਨੂੰ ਤਾੜਦਿਆਂ ਕਿਹਾ ਕਿ ਉਹ ਆਪਣੀ ਤਾਕਤ ਨੂੰ ਨਿੱਜੀ ਇੱਛਾਵਾਂ ਅਤੇ ਮਨਸੂਬਿਆਂ ਦੀ ਪੂਰਤੀ ਲਈ ਨਾ ਵਰਤਣ। ਉਨ੍ਹਾਂ ਅੱਗੇ ਕਿਹਾ ਕਿ ਸਾਰੀ ਦੁਨੀਆਂ ਜਾਣਦੀ ਹੈ ਕਿ ਤਜਿੰਦਰ ਪਾਲ ਸਿੰਘ ਬੱਗਾ ਨੂੰ ਫੜਨ ਲਈ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਦਿੱਲੀ ਭੇਜਣਾ ਇੱਕ ਨਿਰੋਲ ਸਿਆਸੀ ਬਦਲਾਖੋਰੀ ਸੀ ਅਤੇ ਇਹ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਇਹ ਕਾਰਵਾਈ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੁਮਾਰ ਵਿਸ਼ਵਾਸ ਦੇ ਮਾਮਲੇ ਵਿਚ ਵੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਹੀ ਪੰਜਾਬ ਪੁਲਿਸ ਨੇ ਨਾਮਵਰ ਕਵੀ ‘ਤੇ ਮਾਮਲਾ ਦਰਜ ਕੀਤਾ ਸੀ। ਅਰਵਿੰਦ ਕੇਜਰੀਵਾਲ ਆਪਣੇ ਪੁਰਾਣੇ ਸਹਿਯੋਗੀ ਅਤੇ ‘ਆਪ’ ਦੇ ਸੰਸਥਾਪਕ ਮੈਂਬਰ ਕੁਮਾਰ ਵਿਸ਼ਵਾਸ ਵੱਲੋਂ ਕੀਤੀ ਜਾ ਰਹੀ ਆਲੋਚਨਾ ਨੂੰ ਬਰਦਾਸ਼ਤ ਨਹੀਂ ਕਰ ਸਕੇ ਅਤੇ ਉਨ੍ਹਾਂ ਨੂੰ ਸਬਕ ਸਿਖਾਉਣਾ ਚਾਹੁੰਦੇ ਸੀ। ਇਸੇ ਕਰਕੇ ਉਸ ਵਿਰੁੱਧ ਪੰਜਾਬ ਦੇ ਰੂਪਨਗਰ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਦੋਵਾਂ ਮਾਮਲਿਆਂ ‘ਚ ਬੱਗਾ ਅਤੇ ਵਿਸ਼ਵਾਸ ਨੇ ਕਥਿਤ ਤੌਰ ‘ਤੇ ਦਿੱਲੀ ‘ਚ ਬਿਆਨ ਦਿੱਤੇ ਸੀ। ਇਸ ਲਈ ਪੰਜਾਬ ਪੁਲਿਸ ਕੋਲ ਬੱਗਾ ਨੂੰ ਗ੍ਰਿਫਤਾਰ ਕਰਨ ਅਤੇ ਵਿਸ਼ਵਾਸ ਵਿਰੁੱਧ ਪੰਜਾਬ ਵਿੱਚ ਕੇਸ ਦਰਜ ਕਰਕੇ ਦਿੱਲੀ ਜਾ ਕੇ ਕੋਈ ਅਧਿਕਾਰ ਖੇਤਰ ਨਹੀਂ ਸੀ।
ਬਾਜਵਾ ਨੇ ਅੱਗੇ ਕਿਹਾ, “ਹਾਈਕੋਰਟ ਵੱਲੋਂ ਐਫਆਈਆਰਜ਼ ਨੂੰ ਰੱਦ ਕਰਨ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਆਪਣੇ ਵਿਰੋਧੀਆਂ ‘ਤੇ ਬਰਾਊਨੀ ਪੁਆਇੰਟ ਹਾਸਲ ਕਰਨ ਲਈ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ।