Punjab Haryana SYL Meeting: SYL ਨੂੰ ਲੈ ਕੇ ਪੰਜਾਬ-ਹਰਿਆਣਾ ‘ਚ ਚਲ ਰਹੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਦੇ ਨਾਲ ਦੀ ਦੱਸ ਦਈਏ ਕਿ ਦੋਵਾਂ ਸੂਬਿਆਂ ਦੇ ਸੀਐਮ ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ ‘ਚ ਇਹ ਮੀਟਿੰਗ ਕਰੀਬ 2 ਘੰਟੇ ਚਲੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਇੱਕ ਪ੍ਰੈਸ ਕਾਨਫਰੰਸ ਕਰਨਗੇ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਦੋਵਾਂ ਮੁੱਖ ਮੰਤਰੀਆਂ ਨੂੰ ਇਸ ਮਾਮਲੇ ’ਤੇ ਮਿਲਣ ਤੇ ਸੁਖਾਵੇਂ ਹੱਲ ਕੱਢਣ ਲਈ ਕਿਹਾ ਗਿਆ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅੱਜ ਸਿਰਫ਼ ਨਹਿਰ ਦੇ ਨਿਰਮਾਣ ‘ਤੇ ਗੱਲਬਾਤ ਹੋਈ ਹੈ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਪਾਣੀਆਂ ਸਬੰਧੀ ਗੱਲਬਾਤ ਬਾਅਦ ਵਿੱਚ ਕੀਤੀ ਜਾਵੇਗੀ।
ਸਤਲੁਜ-ਯਮੁਨਾ ਲਿੰਕ ਪ੍ਰੋਜੈਕਟ ਕੀ ਹੈ?
8 ਅਪ੍ਰੈਲ 1982 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਸੀ। ਇੰਦਰਾ ਨੇ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਪੂਰੀ ਵਿੱਚ ਇਸ ਸਕੀਮ ਦੀ ਨੀਂਹ ਰੱਖੀ। ਇਹ 214 ਕਿਲੋਮੀਟਰ ਲੰਬੀ ਨਹਿਰ ਪੰਜਾਬ ਵਿੱਚ ਵਗਦੇ ਸਤਲੁਜ ਅਤੇ ਹਰਿਆਣਾ ਵਿੱਚੋਂ ਲੰਘਦੀ ਯਮੁਨਾ ਨਦੀ ਨੂੰ ਜੋੜਨ ਲਈ ਬਣਾਈ ਜਾਣੀ ਸੀ।
ਕੁੱਲ 214 ਕਿਲੋਮੀਟਰ ਨਹਿਰ ਵਿੱਚੋਂ 122 ਕਿਲੋਮੀਟਰ ਪੰਜਾਬ ਅਤੇ 92 ਕਿਲੋਮੀਟਰ ਹਰਿਆਣਾ ਵਿੱਚ ਪੈਂਦੀ ਹੈ। ਯੋਜਨਾ ਸ਼ੁਰੂ ਹੁੰਦੇ ਹੀ ਅਕਾਲੀ ਦਲ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਖਿਲਾਫ ਅਕਾਲੀ ਦਲ ਨੇ ਅੰਦੋਲਨ ਸ਼ੁਰੂ ਕੀਤਾ ਅਤੇ ਕਪੂਰੀ ਮੋਰਚਾ ਕੱਢਿਆ।
ਜੁਲਾਈ 1985 ਵਿੱਚ, ਵਧਦੇ ਵਿਰੋਧ ਦੇ ਵਿਚਕਾਰ, ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਤਤਕਾਲੀ ਅਕਾਲੀ ਦਲ ਦੇ ਮੁਖੀ ਸੰਤ ਹਰਚੰਦ ਸਿੰਘ ਲੌਂਗੋਵਾਲ ਨਾਲ ਸਮਝੌਤਾ ਕੀਤਾ। ਜਿਸ ਵਿੱਚ ਪਾਣੀ ਦਾ ਨਵੇਂ ਸਿਰੇ ਤੋਂ ਮੁਲਾਂਕਣ ਕਰਨ ਲਈ ਟ੍ਰਿਬਿਊਨਲ ਗਠਿਤ ਕਰਨ ਲਈ ਸਹਿਮਤੀ ਪ੍ਰਗਟਾਈ ਗਈ।
ਦੋਵੇਂ ਸੂਬਿਆਂ ਦੇ ਵਿਵਾਦ ਕਾਰਨ
ਜੁਲਾਈ 1985 ਵਿਚ ਰਾਜੀਵ-ਲੌਂਗੋਵਾਲ ਸਮਝੌਤੇ ਤੋਂ ਇਕ ਮਹੀਨੇ ਬਾਅਦ, 20 ਅਗਸਤ 1985 ਨੂੰ ਅੱਤਵਾਦੀਆਂ ਦੁਆਰਾ ਲੌਂਗੋਵਾਲ ਦੀ ਹੱਤਿਆ ਕਰ ਦਿੱਤੀ ਗਈ ਸੀ। 1990 ਵਿੱਚ ਐਸਵਾਈਐਲ ਪ੍ਰਾਜੈਕਟ ’ਤੇ ਕੰਮ ਕਰ ਰਹੇ ਚੀਫ ਇੰਜਨੀਅਰ ਐਮਐਲ ਸੇਖੜੀ ਅਤੇ ਇੰਜਨੀਅਰ ਅਵਤਾਰ ਸਿੰਘ ਔਲਖ ਦਾ ਕਤਲ ਕਰ ਦਿੱਤਾ ਗਿਆ ਸੀ। ਵਰਕਰਾਂ ਨੂੰ ਦੋ ਵੱਖ-ਵੱਖ ਮੌਕਿਆਂ ‘ਤੇ ਗੋਲੀਆਂ ਮਾਰੀਆਂ ਗਈਆਂ। ਇਸ ਤੋਂ ਬਾਅਦ ਨਹਿਰ ਦੀ ਉਸਾਰੀ ਦਾ ਕੰਮ ਰੋਕ ਦਿੱਤਾ ਗਿਆ।