ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ ਤੀਜੀ ਵਾਰ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਡੇਰਾ ਮੁਖੀ ਦੀ ਪੈਰੋਲ ਨਾਲ ਜਿਥੇ ਡੇਰਾ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੈਰੋਲ ਨੂੰ ਲੈ ਕੇ ਨਾਰਾਜ਼ ਨਜ਼ਰ ਆ ਰਹੀ ਹੈ। ਜਿਸ ‘ਤੇ ਐਸਜੀਪੀਸੀ ਦਾ ਬਿਆਨ ਦੇਖਣ ਨੂੰ ਮਿਲਿਆ ਹੈ ਉਨ੍ਹਾਂ ਕਿਹਾ ਹੈ ਕਿ ਜੇਕਰ ਡੇਰਾ ਮੁੱਖੀ ਨੂੰ ਤੀਜੀ ਵਾਰ ਪੈਰੋਲ ਮਿਲ ਸਕਦੀ ਹੈ ਤਾਂ ਕੇਦਰ ਸਰਕਾਰ ਬੰਦੀ ਸਿੰਘਾਂ ਨਾਲ ਵਿਤਕਰਾ ਕਿਉਂ ਕਰ ਰਹੀ ਹੈ।
ਐਸਜੀਪੀਸੀ ਨੇ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਮੁੜ ਇੱਕ ਵਾਰ ਪੈਰੋਲ ਦੇਣ ਉਪਰ ਸਖ਼ਤ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਨੇ ਪੈਰੋਲ ਨੂੰ ਲੈ ਕੇ ਰਾਮ ਰਹੀਮ ‘ਤੇ ਹਮਦਰਦੀ ਵਿਖਾਉਣ ਦੇ ਸਰਕਾਰਾਂ ਉਪਰ ਦੋਸ਼ ਲਾਏ ਹਨ। ਉਥੇ ਹੀ ਐਸਜੀਪੀਸੀ ਨੇ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੀ ਮੰਗ ਮੁੜ ਚੁੱਕ ਦਿੱਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਧਾਮੀ ਨੇ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਇੱਕ ਪਾਸੇ ਜਿੱਥੇ ਬਲਾਤਕਾਰ ਅਤੇ ਕਤਲ ਵਰਗੇ ਸੰਗੀਨ ਦੋਸ਼ਾਂ ਅਤੇ ਈਸ਼ਨਿੰਦਾ ਦੇ ਕੇਸਾਂ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ‘ਤੇ ਵਿਸ਼ੇਸ਼ ਰਹਿਮ ਕੀਤਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਾਂ ਨੂੰ ਤਿੰਨ ਦਹਾਕੇ, ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਪੈਰੋਲ ਨਹੀਂ ਦਿੱਤੀ ਗਈ। ਇਹ ਦੋਹਰੀ ਨੀਤੀ ਹੈ, ਜਿਸ ‘ਤੇ ਸਰਕਾਰਾਂ ਸਵਾਲਾਂ ਦੇ ਘੇਰੇ ‘ਚ ਹਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੋਸ਼ ਲਾਏ ਹਨ ਕਿ ਸੂਬਾ ਸਰਕਾਰਾਂ ਰਾਮ ਰਹੀਮ ਨੂੰ ਇੱਕ ਵਾਰ ਮੁੜ ਹਮਦਰਦੀ ਵਿਖਾ ਕੇ 40 ਦਿਨ ਦੀ ਪੈਰੋਲ ਦਿੱਤੀ ਹੈ, ਜਦਕਿ ਉਹ ਇੱਕ ਬਲਾਤਕਾਰੀ ਅਤੇ ਕਾਤਲ ਵੀ ਹੈ। ਪਰੰਤੂ ਦੂਜੇ ਪਾਸੇ ਪੰਜਾਬ ਦੇ ਕਈ ਸਿੱਖ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਹਨ, ਪਰ ਉਨ੍ਹਾਂ ਨੂੰ ਰਿਹਾਅ ਕਰਨ ‘ਤੇ ਕੋਈ ਵਿਚਾਰ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਹਮੇਸ਼ਾ ਵਿਤਕਰਾ ਕੀਤਾ ਜਾਂਦਾ ਹੈ ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਸਬੰਧੀ ਕਈ ਸੂਬਾ ਸਰਕਾਰਾਂ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ, ਪਰੰਤੂ ਉਹ ਸਿੱਖਾਂ ਨੂੰ ਰਿਹਾਅ ਕਰਨ ‘ਤੇ ਵਿਚਾਰ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਇੱਕ ਪਾਸੇ ਬੰਦੀ ਸਿੱਖ ਹਨ, ਜਿਹੜੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਜਦਕਿ ਦੂਜੇ ਪਾਸੇ ਬਲਾਤਾਰੀ ਰਾਮ ਰਹੀਮ ਹੈ, ਜਿਸ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਜੋ ਕਿ ਸਿੱਖਾਂ ਨਾਲ ਅਨਿਆਂ, ਹਮੇਸ਼ਾ ਹੁੰਦਾ ਆਇਆ ਹੈ।