Harpal Cheema: ਪੰਜਾਬ ਕੈਬਿਨੇਟ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੋਗਾ ਅਦਾਲਤ ਨੇ ਤਲਬ ਕੀਤਾ ਹੈ। ਚੀਮਾ ਨੂੰ ਅਦਾਲਤ ਨੇ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਸੰਮਨ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲ ਦੀ ਸ਼ਿਕਾਇਤ ਤੋਂ ਬਾਅਦ ਭੇਜਿਆ ਗਿਆ ਹੈ।
ਦਰਅਸਲ ਹਰਜੋਤ ਕਮਲ ਨੇ ਹਰਪਾਲ ਚੀਮਾ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ। ਹਰਜੋਤ ਕਮਲ ਨੇ ਕਿਹਾ ਕਿ ਦੋ ਸਾਲ ਪਹਿਲਾਂ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਦੋਸ਼ ਲਾਏ ਸੀ।
ਹਰਜੋਤ ਕਮਲ ਨੇ ਇਹ ਵੀ ਕਿਹਾ ਕਿ ਹਰਪਾਲ ਚੀਮਾ ਨੇ ਮਿਲੀਭੁਗਤ ਨਾਲ ਖੇਤੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ਵਿੱਚ ਤਬਦੀਲ ਕਰਨ ਦੇ ਵੀ ਦੋਸ਼ ਲਾਏ ਸਨ। ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਹਰਜੋਤ ਕਮਲ ਨੇ ਕਿਹਾ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਕਾਰਨ ਉਨ੍ਹਾਂ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਵੱਲੋਂ ਉਨ੍ਹਾਂ ’ਤੇ ਲਾਏ ਗਏ ਦੋਸ਼ਾਂ ਵਿੱਚ ਨਾ ਤਾਂ ਕੋਈ ਸਚਾਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਬੂਤ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਚੀਮਾ ਉਨ੍ਹਾਂ ‘ਤੇ ਲਗਾਏ ਗਏ ਦੋਸ਼ਾਂ ਨੂੰ ਸਾਬਤ ਕਰਕੇ ਦਿਖਾਵੇ।