Punjab Weather Update 17 Oct, 2022: ਪੰਜਾਬ ‘ਚ ਮੌਸਮ (Punjab Weather) ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ। ਸੂਬੇ ‘ਚ ਹੁਣ ਰਾਤਾਂ ਨੂੰ ਠੰਢ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 16 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ ਹੈ, ਜਦੋਂ ਕਿ ਦਿਨ ਦਾ ਤਾਪਮਾਨ ਅਜੇ ਵੀ 30 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ‘ਚ ਠੰਢ ਹੋਰ ਵਧ ਸਕਦੀ ਹੈ।
ਮੌਸਮ ‘ਚ ਆਈ ਤਬਦਿਲੀ ਦੇ ਨਾਲ ਹੁਣ ਸੂਬੇ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਬਠਿੰਡਾ ਪੰਜਾਬ ਦਾ ਸਭ ਤੋਂ ਠੰਢਾ ਰਿਹਾ ਜਿੱਥੇ ਰਾਤ ਦਾ ਤਾਪਮਾਨ 15.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਚਾਰ ਡਿਗਰੀ ਘੱਟ ਸੀ। ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਬਠਿੰਡਾ ਵਿੱਚ ਰਾਤ ਦਾ ਤਾਪਮਾਨ 15.6 ਡਿਗਰੀ ਸੈਲਸੀਅਸ ਸੀ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ 18 ਅਕਤੂਬਰ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਹ ਹਿਮਾਚਲ ਖੇਤਰ ‘ਤੇ ਬਣ ਰਿਹਾ ਹੈ। ਇਸ ਕਾਰਨ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ, ਗਰਜ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੱਛਮੀ ਗੜਬੜੀ 20 ਅਕਤੂਬਰ ਤੱਕ ਸਰਗਰਮ ਰਹੇਗੀ
ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੱਛਮੀ ਗੜਬੜੀ 20 ਅਕਤੂਬਰ ਤੱਕ ਪੰਜਾਬ ਵਿੱਚ ਸਰਗਰਮ ਰਹਿ ਸਕਦਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਤੋਂ ਠਢੀਆਂ ਹਵਾਵਾਂ ਦੇ ਆਉਣ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਸਾਲ ਸਤੰਬਰ ਮਹੀਨੇ ਵਿੱਚ ਹੀ ਮੀਂਹ ਪਿਆ ਹੈ।
ਅਕਤੂਬਰ ‘ਚ ਵਧੀ ਮਰੀਜ਼ਾਂ ਦੀ ਗਿਣਤੀ
ਅਕਤੂਬਰ ਵਿੱਚ ਹੁਣ ਤੱਕ ਮੌਸਮ ਖੁਸ਼ਕ ਹੀ ਰਿਹਾ ਹੈ। ਇਸ ਕਾਰਨ ਬਿਮਾਰੀਆਂ ਦਾ ਖਤਰਾ ਵੱਧ ਗਿਆ ਹੈ। ਲੁਧਿਆਣਾ ਦੇ ਹਸਪਤਾਲਾਂ ਵਿੱਚ ਵਾਇਰਲ ਅਤੇ ਬੁਖਾਰ ਦੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਸ ਮੌਸਮ ‘ਚ ਲੋਕਾਂ ਨੂੰ ਘਰੋਂ ਬਾਹਰ ਨਿਕਲਦੇ ਸਮੇਂ ਮੂੰਹ ‘ਤੇ ਰੁਮਾਲ ਬੰਨ੍ਹ ਲੈਣਾ ਚਾਹੀਦਾ ਹੈ ਤਾਂ ਜੋ ਧੂੜ ਦੇ ਕਣ ਸਰੀਰ ‘ਚ ਨਾ ਜਾਣ।