ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਵਿਚ ਘਿਰੇ ‘ਆਪ’ ਦੇ ਫੌਜਾ ਸਿੰਘ ਸਰਾਰੀ (Fauja Sijngh Sarari) ਦੀ ਬਰਖਾਸਤਗੀ ਦੀ ਮੰਗ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਦੱਸ ਦਈਏ ਕਿ ਕੈਬਿਨਟ ਤੋਂ ਸਰਾਰੀ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ 21 ਅਕਤੂਬਰ ਨੂੰ ਖਟਕੜ ਕਲਾਂ (Khatkar Kalan) ਸਥਿਤ ਸ਼ਹੀਦ-ਏ-ਆਜ਼ਮ (Shaheed-e-Azam) ਭਗਤ ਸਿੰਘ ਦੇ ਜੱਦੀ ਘਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ।
ਪੰਜਾਬ ਦੇ ਕਾਂਗਰਸ ਪ੍ਰਧਾਨ (Punjab Congress) ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੱਖ ਤੋਂ ਇਹ ਸ਼ਰਮਨਾਕ ਗੱਲ ਹੈ ਕਿ ਸਰਾਰੀ ਖਿਲਾਫ ਭ੍ਰਿਸ਼ਟਾਚਾਰ ਦਾ ਖੁੱਲ੍ਹਾ ਮਾਮਲਾ ਹੋਣ ਦੇ ਬਾਵਜੂਦ ਵੀ ਉਸ ਨੂੰ ਇਸ ਸਰਕਾਰ ‘ਚ ਮੰਤਰੀ ਵਜੋਂ ਬਰਕਰਾਰ ਰੱਖਿਆ ਹੈ, ਜਦਕਿ ਆਪ ਝੂਠ ਦੇ ਆਧਾਰ ‘ਤੇ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਨਾ ਸਿਰਫ਼ ਸਰਾਰੀ ਵਰਗੇ ਭ੍ਰਿਸ਼ਟ ਮੰਤਰੀ ਦਾ ਬੇਸ਼ਰਮੀ ਨਾਲ ਬਚਾਅ ਕਰ ਰਹੀ ਹੈ, ਸਗੋਂ ਇਸਨੇ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਵਰਗੇ ਆਗੂਆਂ ਦੀ ਸ਼ਹੀਦ ਭਗਤ ਸਿੰਘ ਨਾਲ ਬਰਾਬਰੀ ਕਰਨ ਦੀ ਹਿੰਮਤ ਵੀ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਸਰਾਰੀ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਸੂਬਾ ਕਾਂਗਰਸ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਾਂਗਰਸ ‘ਆਪ’ ਸਰਕਾਰ ਨੂੰ ਦੋਹਰੇ ਮਾਪਦੰਡ ਨਹੀਂ ਰੱਖੇ ਦਿਤੇ ਜਾਣਗੇ। ਜੋ ਅਫਵਾਹਾਂ ਦੇ ਆਧਾਰ ‘ਤੇ ਕਾਂਗਰਸੀ ਆਗੂਆਂ ਨੂੰ ਝੂਠੇ ਕੇਸਾਂ ‘ਚ ਫਸਾ ਰਿਹਾ ਹੈ, ਪਰ ਗੰਭੀਰ ਦੋਸ਼ਾਂ ਦੇ ਬਾਵਜੂਦ ਆਪਣੇ ਲੋਕਾਂ ਨੂੰ ਬਚਾ ਰਿਹਾ ਹੈ। ਇਸ ਨੂੰ ਰੋਕਣਾ ਪਵੇਗਾ।
ਦੋਵਾਂ ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਖਟਕੜ ਕਲਾਂ ਨੂੰ ਇਸ ਲਈ ਚੁਣਿਆ ਹੈ ਕਿਉਂਕਿ ਇਹ ਸ਼ਹੀਦ ਭਗਤ ਸਿੰਘ ਦਾ ਜੱਦੀ ਘਰ ਹੈ, ਜਿਨ੍ਹਾਂ ਦੇ ਨਾਂ ਦੀ ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਭ੍ਰਿਸ਼ਟ ਤੇ ਦਾਗੀ ਮੰਤਰੀਆਂ ਦੇ ਨਾਲ ਬਰਾਬਰੀ ਕੀਤੀ ਹੈ। ਇਸ ਦੇ ਲਈ ਉਹ ਬਿਨਾਂ ਕਿਸੇ ਸ਼ਰਤ ਦੇ ਕੇਜਰੀਵਾਲ ਤੋਂ ਮੁਆਫੀ ਮੰਗਣ।
ਵੜਿੰਗ ਅਤੇ ਬਾਜਵਾ ਨੇ ਕਿਹਾ ਕਿ ਕਾਂਗਰਸੀ ਵਰਕਰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਰਾਖੀ ਅਤੇ ਉਨ੍ਹਾਂ ‘ਤੇ ਚੱਲਣ ਦਾ ਪ੍ਰਣ ਲੈਣਗੇ, ਜਿਸ ਲਈ ਉਨ੍ਹਾਂ ਨੇ ਆਪਣੀਆਂ ਜਾਨ ਕੁਰਬਾਨ ਕੀਤੀ। ਉਨ੍ਹਾਂ ਕੇਜਰੀਵਾਲ ਅਤੇ ਉਸ ਵਰਗੇ ਲੋਕਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਉਹ ਆਪਣੇ ਦਾਗੀ ਅਤੇ ਭ੍ਰਿਸ਼ਟ ਲੋਕਾਂ ਨੂੰ ਬਚਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ।