Finance Minister Harpal Cheema: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ Taxation Minister ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਲਈ ਮੁਹੱਈਆ ਕਰਵਾਏ ਗਏ ਫੰਡਾਂ ਦੀ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਤਾਂ ਜੋ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਜਾਂ ਭਲਾਈ ਸਕੀਮਾਂ ਦੀ ਸਪੁਰਦਗੀ ਵਿੱਚ ਦੇਰੀ ਕਾਰਨ ਫੰਡਾਂ ਦੇ ਅਣਵਰਤੇ ਰਹਿ ਜਾਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।
ਵਿੱਤ ਮੰਤਰੀ ਨੇ ਅੱਜ ਇੱਥੇ ਵਿਤ ਤੇ ਯੋਜਨਾ ਭਵਨ ਵਿਖੇ ਸਿਹਤ ਅਤੇ ਪਰਿਵਾਰ ਭਲਾਈ, ਸਥਾਨਕ ਸਰਕਾਰਾਂ, ਟਰਾਂਸਪੋਰਟ ਅਤੇ ਜਲ ਸਰੋਤ ਵਿਭਾਗ ਨਾਲ ਵਿਭਾਗੀ ਸਮੀਖਿਆ ਮੀਟਿੰਗਾਂ ਦੌਰਾਨ ਇਹ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਬਜਟ ਪ੍ਰਬੰਧਾਂ ਅਤੇ ਵੱਖ-ਵੱਖ ਰਾਜ ਅਤੇ ਕੇਂਦਰ ਸਪਾਂਸਰਡ ਸਕੀਮਾਂ ਤਹਿਤ ਇਨ੍ਹਾਂ ਵਿਭਾਗਾਂ ਨੂੰ ਮੁਹੱਈਆ ਕਰਵਾਏ ਫੰਡਾਂ ਦੀ ਵਰਤਮਾਨ ਸਥਿਤੀ ਦੀ ਸਮੀਖਿਆ ਕੀਤੀ।
ਹਰਪਾਲ ਸਿੰਘ ਚੀਮਾ ਨੇ ਵਿੱਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੌਰਾਨ ਵਿਭਾਗਾਂ ਦੇ ਮੁਖੀਆਂ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਯਮਤ ਸਮੀਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ। ਵਿੱਤ ਮੰਤਰੀ ਨੇ ਦੁਹਰਾਇਆ ਕਿ ਸੂਬੇ ਦਾ ਤੇਜ਼ੀ ਨਾਲ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਆਦਾਤਰ ਵਿਭਾਗਾਂ ਨੇ ਆਪਣੇ ਕੰਮਕਾਜ ਵਿੱਚ ਸੁਧਾਰ ਕਰ ਲਿਆ ਹੈ, ਜਿਸ ਨਾਲ ਵਿਕਾਸ ਕਾਰਜਾਂ ਅਤੇ ਫੰਡਾਂ ਦੀ ਵਰਤੋਂ ਦੀ ਰਫਤਾਰ ਵਿੱਚ ਵਾਧਾ ਹੋਇਆ ਹੈ, ਜਦਕਿ ਕੁਝ ਵਿਭਾਗਾਂ ਦੀ ਕਾਰਗੁਜ਼ਾਰੀ ਤਸੱਲੀਬਖਸ਼ ਨਹੀਂ ਹੈ ਅਤੇ ਉਨ੍ਹਾਂ ਕੋਲ ਕਰੋੜਾਂ ਰੁਪਏ ਦੇ ਫੰਡ ਆਪਣੀ ਯੋਗ ਵਰਤੋਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਸਾਰੇ ਵਿਭਾਗਾਂ ‘ਤੇ ਪੂਰੀ ਨਜ਼ਰ ਰੱਖੇਗਾ ਅਤੇ ਉਹ ਨਿੱਜੀ ਤੌਰ ‘ਤੇ ਪ੍ਰਮੁੱਖ ਵਿਭਾਗਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕਰਕੇ ਉਨ੍ਹਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਦਾ ਅਧਿਐਨ ਕਰਨਗੇ।
ਵਿੱਤ ਮੰਤਰੀ ਨੇ ਜਨਤਕ ਵਿੱਤ ਪ੍ਰਬੰਧਾਂ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਵਿਭਾਗਾਂ ਨੂੰ ਸਾਰੇ ਸਰਗਰਮ ਬੈਂਕ ਖਾਤਿਆਂ ਦੇ ਵੇਰਵਿਆਂ ਅਤੇ ਫੰਡਾਂ ਦਾ ਈ.ਡੀ.ਐਮ.ਐਸ. ਪੋਰਟਲ ‘ਤੇ ਖੁਲਾਸਾ ਕਰਨ ਦੇ ਵੀ ਨਿਰਦੇਸ਼ ਦਿੱਤੇ।