Diwali Wishes: ਦੇਸ਼ ਇਸ ਸਮੇਂ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਮਨਾ ਰਿਹਾ ਹੈ। ਲੋਕ ਆਪਣੇ ਘਰਾਂ ਅਤੇ ਦੁਕਾਨਾਂ ਨੂੰ ਸਜਾਉਣ ਵਿੱਚ ਲੱਗੇ ਹੋਏ ਹਨ। ਹਰ ਪਾਸੇ ਦੀਵਾਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਇਸ ਦੇ ਨਾਲ ਹੀ ਪੰਜਾਬ ਦੀ ਆਪ ਸਰਕਾਰ (Punjab Government) ਦੇ ਮੰਤਰੀਆੰ ਨੇ ਕੁਝ ਇਸ ਅੰਦਾਜ਼ ‘ਚ ਦੇਸ਼ ਅਤੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਸਪੀਕਰ ਵੱਲੋਂ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ’ਤੇ ਲੋਕਾਂ ਨੂੰ ਵਧਾਈ-
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਦੀਵਾਲੀ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ।
ਸੰਧਵਾਂ ਨੇ ਸਿੱਖ ਕੌਮ ਨੰੂ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਸਪੀਕਰ ਨੇ ਲੋਕਾਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਨਾਲ ਹੀ ਸੰਧਵਾ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ’ਤੇ ਵੀ ਕਿਰਤੀਆਂ ਨੂੰ ਵਧਾਈ ਦਿੱਤੀ। ਉਨਾਂ ਉਮੀਦ ਪ੍ਰਗਟ ਕੀਤੀ ਕਿ ਭਗਵਾਨ ਵਿਸ਼ਵਕਰਮਾ ਦੀ ਸ਼ਿਲਪਕਾਰੀ ਕਿਰਤ ਦੇ ਸਨਮਾਨ ਦੀ ਭਾਵਨਾ ਨੂੰ ਰੰਗਤ ਕਰਦੀ ਰਹੇਗੀ ਅਤੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਵੇਗੀ।
ਅਮਨ ਅਰੋੜਾ ਵਲੋਂ ਲੋਕਾਂ ਨੂੰ ਵਧਾਈ
ਅਮਨ ਅਰੋੜਾ ਨੇ ਸੂਬਾ ਵਾਸੀਆਂ ਅਤੇ ਪੱਤਰਕਾਰ ਭਾਈਚਾਰੇ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ- ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਪੂਰਵ ਸੰਧਿਆ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆੰ। ਉਨ੍ਹਾਂ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਤਿਉਹਾਰ ਨੂੰ ਰਵਾਇਤੀ ਢੰਗ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, “ਰੱਬ ਕਰੇ, ਇਹ ਦੀਵਾਲੀ ਅਤੇ ਬੰਦੀ ਛੋੜ ਦਿਵਸ ਲੋਕਾਂ ਦੇ ਜੀਵਨ ਨੂੰ ਖੁਸ਼ੀਆਂ ਅਤੇ ਖੇੜਿਆਂ ਨਾਲ ਭਰ ਦੇਵੇ ਅਤੇ ਸਾਰਿਆਂ ਲਈ ਤੰਦਰੁਸਤੀ ਭਰਿਆ ਤੇ ਖੁਸ਼ਹਾਲ ਭਵਿੱਖ ਲੈ ਕੇ ਆਵੇ।”
ਅਨਮੋਲ ਗਗਨ ਮਾਨ ਨੇ ਇੰਝ ਦਿੱਤੀ ਵਧਾਈ:
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਅਨਮੋਲ ਗਗਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, “ਆਓ, ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਅਸੀਂ ਰਵਾਇਤੀ ਤਰੀਕੇ ਰਾਹੀਂ ਮਨਾਉਂਦੇ ਹੋਏ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨਾਲ ਖ਼ੁਸ਼ੀਆਂ ਤੇ ਚਾਵਾਂ ਦੇ ਦੀਵੇ ਬਾਲੀਏ।”
ਨਾਲ ਹੀ ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖਾਂ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।
ਗ੍ਰੀਨ ਪਟਾਕੇ ਚਲਾਉਣ ਦੀ ਅਪੀਲ
ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।