ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਰਣਇੰਦਰ ਸਿੰਘ ਵਿਰੁੱਧ ਲੁਧਿਆਣਾ ਦੇ ਸੀਜੇਐੱਮ ਕੋਰਟ ‘ਚ ਚੱਲ ਰਹੇ ਇਨਕਮ ਟੈਕਸ ਮਾਮਲੇ ਦੀ ਸੁਣਵਾਈ ‘ਤੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਰੋਕ ਲਗਾ ਦਿੱਤੀ ਗਈ ਹੈ।ਇਨਕਮ ਟੈਕਸ ਵਿਭਾਗ ਨੇ ਇਸ ਸਬੰਧ ‘ਚ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਜਸਟਿਸ ਜੀਐੱਸ ਸੰਧਾਵਾਲੀਆ ਨੇ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਸ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਤੋਂ 18 ਨਵੰਬਰ ਤੱਕ ਜਵਾਬ ਮੰਗਿਆ ਹੈ।ਇਸਦੇ ਨਾਲ ਹੀ ਹਾਈਕੋਰਟ ਇਸ ਮਾਮਲੇ ‘ਚ ਪਹਿਲਾਂ ਹੀ ਦਾਇਰ ਪਟੀਸ਼ਨ ‘ਤੇ 18 ਨਵੰਬਰ ਨੂੰ ਹੀ ਸੁਣਵਾਈ ਕਰੇਗਾ।
ਜ਼ਿਕਰਯੋਗ ਹੈ ਕਿ 24 ਅਪ੍ਰੈਲ 2017 ਨੂੰ ਲੁਧਿਆਣਾ ਦੀ ਹੇਠਲੀ ਅਦਾਲਤ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕੀਤੇ ਸਨ। ਤਲਬ ਕਰਨ ਦੇ ਇਨ੍ਹਾਂ ਹੁਕਮਾਂ ਨੂੰ ਦੋਵਾਂ ਨੇ ਚੁਣੌਤੀ ਦਿੱਤੀ ਸੀ। ਵਧੀਕ ਸੈਸ਼ਨ ਜੱਜ ਨੇ ਪਿਛਲੇ ਸਾਲ 27 ਨਵੰਬਰ ਨੂੰ ਦੋਵਾਂ ਦੀ ਮੰਗ ਮੰਨਦਿਆਂ ਸੰਮਨ ਦੇ ਆਦੇਸ਼ ਰੱਦ ਕਰ ਦਿੱਤੇ ਸਨ।