ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਨੇਤਾ ਓਮ ਪ੍ਰਕਾਸ਼ ਚੌਟਾਲਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੌਟਾਲਾ ਨੇ ਬਾਦਲ ਦੀ ਸਿਹਤ ਦਾ ਹਾਲ-ਚਾਲ ਬਾਰੇ ਪੁੱਛਣ ਮਗਰੋਂ ਰਾਜਨੀਤਕ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ।
ਚੌਟਾਲਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਅਰਾ ਦਿੱਤਾ ਸੀ ਕਿ ‘ਦੇਸ਼ ਨਹੀਂ ਬਿਕਨੇ ਦੂੰਗਾ’। ਅੱਜ ਉਸ ਦੇ ਉਲਟ ਕੁਝ ਪੂੰਜੀਪਤੀਆਂ ਨੂੰ ਦੇਸ਼ ਵੇਚਣ ਲੱਗੇ ਹੋਏ ਹਨ। ਉਨ੍ਹਾਂ ‘ਸਾਧਾਰਨ ਬੀਮਾ ਕਾਰੋਬਾਰ ਸੋਧ ਬਿੱਲ-2021’ ਨੂੰ ਮਨਜ਼ੂਰੀ ਦੇ ਕੇ ਐੱਲਆਈਸੀ ਵੇਚਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਰੇਲਵੇ ਸਟੇਸ਼ਨਾਂ ਅਤੇ ਰੇਲ ਗੱਡੀਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਤਬਾਹ ਹੋ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਉਹ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵੇਗੌੜਾ, ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਸਣੇ ਹੋਰਨਾਂ ਕਈ ਰਾਜਸੀ ਆਗੂਆਂ ਨੂੰ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤੀਜੇ ਫਰੰਟ ਦਾ ਐਲਾਨ 25 ਸਤੰਬਰ ਨੂੰ ਚੌਧਰੀ ਦੇਵੀ ਲਾਲ ਦੇ ਜਨਮ ਦਿਨ ਮੌਕੇ ਕੀਤਾ ਜਾਵੇਗਾ।