Punjab Five-star Culture: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਬੀਤੇ ਦਿਨ ਸਾਰੇ ਵਜ਼ੀਰਾਂ ਨੂੰ ਹੁਕਮ ਦਿੱਤਾ ਹੈ ਕਿ ਜਦੋਂ ਵੀ ਫ਼ੀਲਡ ਵਿੱਚ ਜਾਣ ਤਾਂ ਉਹ ਸਰਕਟ ਹਾਊਸਾਂ ਜਾਂ ਸਰਕਾਰੀ ਗੈਸਟ ਹਾਊਸਾਂ (Governemnt Circuit Houses) ’ਚ ਠਹਿਰਨ। ਕੈਬਨਿਟ ਮੰਤਰੀਆਂ (Punjab Cabinet Ministers) ਨੂੰ ਪੰਜ ਤਾਰਾ ਹੋਟਲਾਂ ’ਚ ਠਹਿਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਆਉਂਦੇ ਦਿਨਾਂ ਵਿਚ ਮੁੱਖ ਮੰਤਰੀ ਦਫ਼ਤਰ ਵੱਲੋਂ ਲਿਖਤੀ ਹੁਕਮ ਵੀ ਜਾਰੀ ਕੀਤੇ ਜਾਣੇ ਹਨ।
ਦੱਸ ਦਈਏ ਕਿ ਮੁੱਖ ਮੰਤਰੀ ਦਫ਼ਤਰ (Punjab CMO) ਨੇ ਸਾਰੇ ਸਰਕਟ ਹਾਊਸਾਂ ਤੇ ਸਰਕਾਰੀ ਗੈਸਟ ਹਾਊਸਾਂ ਨੂੰ ਸੁਰਜੀਤ ਕਰਨ ਦੀ ਵਿਉਂਤਬੰਦੀ ਕੀਤੀ ਹੈ। ਸਾਰੇ ਵਿਭਾਗਾਂ ਤੋਂ ਰੈਸਟ ਹਾਊਸਾਂ ਦੇ ਵੇਰਵੇ ਹਾਸਲ ਕੀਤੇ ਗਏ ਹਨ। ਖੰਡਰ ਬਣ ਰਹੇ ਰੈਸਟ ਹਾਊਸਾਂ ਦੀ ਮੁਰੰਮਤ ਕੀਤੀ ਜਾਣੀ ਹੈ। ਕੈਬਨਿਟ ਵਜ਼ੀਰਾਂ ਅਤੇ ਵਿਧਾਇਕਾਂ ਨੂੰ ਸਰਕਾਰੀ ਕੰਮਕਾਰ ਸਰਕਟ ਹਾਊਸਾਂ ’ਚੋਂ ਕਰਨ ਵਾਸਤੇ ਕਿਹਾ ਗਿਆ ਹੈ।
ਪੰਜਾਬ ਸਰਕਾਰ ਕਿਫ਼ਾਇਤੀ ਮੁਹਿੰਮ ਤਹਿਤ ਹੁਣ ਪੰਜ ਤਾਰਾ ਹੋਟਲ ਸੱਭਿਆਚਾਰ ਨੂੰ ਖ਼ਤਮ ਕਰੇਗੀ ਤਾਂ ਜੋ ਸਰਕਾਰੀ ਖ਼ਜ਼ਾਨੇ ਤੋਂ ਬੋਝ ਘਟਾਇਆ ਜਾ ਸਕੇ। ਨਾਲ ਹੀ ਨਵੀਂ ਯੋਜਨਾਬੰਦੀ ਵਿੱਚ ਰੈਸਟ ਹਾਊਸਾਂ ਨੂੰ ਆਮ ਲੋਕਾਂ ਲਈ ਵੀ ਖੋਲ੍ਹਿਆ ਜਾਣਾ ਹੈ ਤਾਂ ਜੋ ਉਹ ਵੀ ਬੁਕਿੰਗ ਕਰਾ ਸਕਣ। ਸੂਤਰਾਂ ਮੁਤਾਬਕ ਕੈਬਨਿਟ ਮੰਤਰੀਆਂ ਨੂੰ ਸਰਕਟ ਹਾਊਸਾਂ ਦਾ ਗੇੜਾ ਰੱਖਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਵੀ 20 ਅਕਤੂਬਰ ਨੂੰ ਪਟਿਆਲਾ ਦੇ ਸਰਕਟ ਹਾਊਸ ਦਾ ਦੌਰਾ ਕੀਤਾ ਸੀ।
ਪੰਜਾਬ ਵਿਚ ਸੱਤ ਸਰਕਟ ਹਾਊਸ ਹਨ ਜਦਕਿ ਰੈਸਟ ਹਾਊਸਾਂ ਦੀ ਗਿਣਤੀ ਸੈਂਕੜਿਆਂ ਵਿਚ ਹੈ। ਨਹਿਰ ਮਹਿਕਮੇ ਵੱਲੋਂ ਇਕੱਠੇ ਕੀਤੇ ਵੇਰਵਿਆਂ ਮੁਤਾਬਕ ਪੰਜਾਬ ਵਿੱਚ 227 ਰੈਸਟ ਹਾਊਸ ਹਨ। ਇਨ੍ਹਾਂ ’ਚੋਂ 24 ਰੈਸਟ ਹਾਊਸ ਤਾਂ ਕੌਮੀ ਸੜਕ ਮਾਰਗਾਂ ਜਾਂ ਸਟੇਟ ਹਾਈਵੇਅ ’ਤੇ ਬਣੇ ਹੋਏ ਹਨ। 1997-98 ਵਿਚ ਤਤਕਾਲੀ ਸਰਕਾਰ ਨੇ ਕਰੀਬ 14 ਨਹਿਰੀ ਆਰਾਮ ਘਰ ਨਿਲਾਮ ਵੀ ਕਰ ਦਿੱਤੇ ਸੀ ਤੇ ਹੁਣ ਬਹੁਤੇ ਨਹਿਰੀ ਆਰਾਮ ਘਰ ਖੰਡਰ ਹੋ ਚੁੱਕੇ ਹਨ। ਹੁਣ ਸੂਬਾ ਸਰਕਾਰ ਇਨ੍ਹਾਂ ਆਰਾਮ ਘਰਾਂ ਦੀ ਮੁਰੰਮਤ ਕਰਾਉਣ ਦੀ ਯੋਜਨਾ ਬਣਾ ਰਹੀ ਹੈ।
ਜੰਗਲਾਤ ਵਿਭਾਗ ਦੇ ਕਾਫ਼ੀ ਰੈਸਟ ਹਾਊਸ ਚਾਲੂ ਹਾਲਤ ’ਚ ਹਨ। ਲੋਕ ਨਿਰਮਾਣ ਵਿਭਾਗ ਦੇ 25 ਸਰਕਟ ਹਾਊਸ/ਗੈੱਸਟ ਹਾਊਸ ਮੌਜੂਦ ਹਨ ਜਿਨ੍ਹਾਂ ’ਚੋਂ ਕੁਝ ਕੁ ਪੁਲੀਸ ਦੇ ਕਬਜ਼ੇ ਹੇਠ ਹਨ। ਬਠਿੰਡਾ ਵਿਚਲੇ ਗੈਸਟ ਹਾਊਸ ਪੁਲੀਸ ਅਫ਼ਸਰਾਂ ਦੇ ਕਬਜ਼ੇ ਹੇਠ ਹਨ। ਪੰਜਾਬ ਮੰਡੀ ਬੋਰਡ ਦੇ ਪੁਰਾਣੇ ਕਿਸਾਨ ਆਰਾਮ ਘਰ ਬਣੇ ਹੋਏ ਹਨ ਜਿਨ੍ਹਾਂ ਵਿੱਚ ਹੁਣ ਪੁਲਿਸ ਅਫ਼ਸਰਾਂ ਦੇ ਦਫ਼ਤਰ ਵੀ ਚੱਲ ਰਹੇ ਹਨ।
ਇਸੇ ਤਰ੍ਹਾਂ ਪਾਵਰਕੌਮ ਦੇ ਕਈ ਰੈਸਟ ਹਾਊਸ ਸਿਆਸੀ ਆਧਾਰ ’ਤੇ ਬਣੇ ਹੋਣ ਕਰਕੇ ਪੂਰੀ ਤਰ੍ਹਾਂ ਵਰਤੋਂ ਵਿੱਚ ਨਹੀਂ ਆ ਰਹੇ। ਪਿੰਡ ਬਾਦਲ ਵਿਚ 1997-98 ਵਿੱਚ ਪਾਵਰਕੌਮ ਦਾ ਬਹੁ-ਮੰਜ਼ਿਲਾ ਰੈਸਟ ਹਾਊਸ ਬਣਿਆ ਸੀ ਜਿਸ ਦੇ ਨਿਰਮਾਣ ’ਤੇ ਹੁਣ ਤੱਕ ਕਰੀਬ ਦੋ ਕਰੋੜ ਰੁਪਏ ਖ਼ਰਚੇ ਜਾ ਚੁੱਕੇ ਹਨ। ਇਸ ਰੈਸਟ ਹਾਊਸ ਵਿੱਚ ਠਹਿਰਨ ਵਾਲੇ ਮਹਿਮਾਨਾਂ ਦੀ ਗਿਣਤੀ ਸਿਫਰ ਵਰਗੀ ਹੈ। ਬਠਿੰਡਾ ਵਿਚ ਪਾਵਰਕੌਮ ਦੇ ਪਹਿਲਾਂ ਹੀ ਗੈੱਸਟ ਹਾਊਸ ਮੌਜੂਦ ਸੀ ਜਿਸ ਦੇ ਨੇੜੇ ਹੀ ਝੀਲਾਂ ’ਤੇ 7 ਕਰੋੜ ਰੁਪਏ ਰੈਨੋਵੇਸ਼ਨ ’ਤੇ ਖ਼ਰਚ ਕਰਕੇ ਲੇਕਵਿਊ ਗੈਸਟ ਹਾਊਸ ਬਣਾਇਆ ਗਿਆ ਹੈ।
ਲਹਿਰਾ ਮੁਹੱਬਤ ਤਾਪ ਬਿਜਲੀ ਘਰ ’ਚ ਗੈਸਟ ਹਾਊਸ ਸੀ ਅਤੇ ਇਸ ਦੇ ਨੇੜੇ ਭਗਤਾ ਭਾਈਕਾ ’ਚ ਪਾਵਰਕੌਮ ਨੇ ਗੈੱਸਟ ਹਾਊਸ ਦਿੱਤਾ। ਪਾਵਰਕੌਮ ਦੇ ਬਹੁਤੇ ਗੈਸਟ ਹਾਊਸ ਅੱਜ ਖ਼ਰਚੇ ਦਾ ਘਰ ਬਣੇ ਹੋਏ ਹਨ ਜਿੱਥੇ ਠਹਿਰਨ ਵਾਲੇ ਮਹਿਮਾਨਾਂ ਦੀ ਗਿਣਤੀ ਨਾਮਾਤਰ ਹੈ। ਪੰਜਾਬ ਸਰਕਾਰ ਇਨ੍ਹਾਂ ਸਾਰੇ ਰੈਸਟ ਹਾਊਸਾਂ ਨੂੰ ਵਰਤੋਂ ਵਿਚ ਲਿਆਉਣਾ ਚਾਹੁੰਦੀ ਹੈ।
ਇਸ ਬਾਰੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਨਾਲ ਆਮ ਆਦਮੀ ਦਾ ਸੱਭਿਆਚਾਰ ਮਜ਼ਬੂਤ ਹੋਵੇਗਾ ਅਤੇ ਕਿਸੇ ਤਰ੍ਹਾਂ ਦਾ ਵਾਧੂ ਬੋਝ ਵੀ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਬਹੁਤੇ ਮੰਤਰੀ ਤਾਂ ਪਹਿਲਾਂ ਹੀ ਸਰਕਟ ਹਾਊਸਾਂ ਵਿਚ ਠਹਿਰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h