Punjab Farmers Suicide Report: ਪੰਜਾਬ ‘ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਜੋ ਅੰਕੜਾ ਸਾਹਮਣੇ ਆਇਆ ਹੈ, ਉਹ ਹੈਰਾਨ ਕਰਨ ਵਾਲਾ ਹੈ।
ਸਾਹਮਣੇ ਆਏ ਅੰਕੜਿਆਂ ਮੁਤਾਬਕ 01 ਮਾਰਚ 2012 ਤੋਂ 28 ਫਰਵਰੀ 2023 ਤੱਕ 1403 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਜਦਕਿ 403 ਖੇਤ ਮਜ਼ਦੂਰਾਂ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲੇ ਵੀ ਸਾਹਮਣੇ ਆਏ। ਇਸ ਦੇ ਨਾਲ ਹੀ ਦੱਸ ਦਈਏ ਕਿ ਸਭ ਤੋਂ ਵੱਧ ਮੌਤਾਂ ਮਾਨਸਾ ਜ਼ਿਲ੍ਹੇ ਵਿੱਚ ਹੋਈਆਂ ਹਨ, ਜਿੱਥੇ 314 ਕਿਸਾਨ ਕਰਜ਼ੇ ਕਾਰਨ ਮੌਤ ਨੂੰ ਗਲੇ ਲਗਾ ਚੁੱਕੇ ਹਨ। ਦੂਜੇ ਨੰਬਰ ‘ਤੇ ਬਠਿੰਡਾ ਜ਼ਿਲ੍ਹਾ ਹੈ, ਜਿੱਥੇ 269 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।
ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਲੈ ਕੇ ਸਰਕਾਰ ਘੇਰੇ ‘ਚ
ਜੇਕਰ ਸਾਲ 2022 ਦੀ ਗੱਲ ਕਰੀਏ ਤਾਂ ਪੰਜਾਬ ਸਰਕਾਰ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮੁੱਦੇ ‘ਤੇ ਘਿਰੀ ਨਜ਼ਰ ਆਈ। ਜਦੋਂ 25 ਦਿਨਾਂ ਵਿੱਚ 14 ਦੇ ਕਰੀਬ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ। ਇਸ ਨੂੰ ਲੈ ਕੇ ਸੂਬੇ ‘ਚ ਕਾਫੀ ਸਿਆਸਤ ਗਰਮਾਈ ਹੋਈ ਸੀ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ 25 ਦਿਨਾਂ ‘ਚ 14 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ, ਕੀ ਤੁਸੀਂ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਲਈ ਅੰਨਦਾਤਾ ਦੀ ਸਜ਼ਾ ਦੇ ਰਹੇ ਹੋ?
ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੀ ਦਾਅਵਾ ਕੀਤਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਲਗਭਗ 14 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਜਿਨ੍ਹਾਂ ਵਿੱਚੋਂ 11 ਕਿਸਾਨ ਮਾਲਵਾ ਖੇਤਰ ਦੇ ਸਨ।
ਜਾਣੋ ਕੀ ਹੈ ਬਾਕੀ ਸੂਬਿਆਂ ਦੀ ਹਾਲਤ
ਪੰਜਾਬ ਤੋਂ ਬਾਅਦ ਜੇਕਰ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਪੰਜ ਸਾਲਾਂ ਵਿੱਚ ਕਰੀਬ 23 ਕਿਸਾਨ ਮੌਤ ਨੂੰ ਗਲੇ ਲਗਾ ਚੁੱਕੇ ਹਨ। ਉੱਤਰ ਪ੍ਰਦੇਸ਼ ਵਿੱਚ ਪਿਛਲੇ ਪੰਜ ਸਾਲਾਂ ਵਿੱਚ 398 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਰਾਜਸਥਾਨ ਵਿੱਚ ਪਿਛਲੇ ਪੰਜ ਸਾਲਾਂ ਵਿੱਚ 7 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਇਸ ਤਰ੍ਹਾਂ ਮਹਾਰਾਸ਼ਟਰ ਵਿੱਚ ਪਿਛਲੇ ਪੰਜ ਸਾਲਾਂ ਵਿੱਚ 12,552 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ।
ਖੇਤੀਬਾੜੀ ਯੂਨੀਵਰਸਿਟੀਆਂ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਖੋਜਾਂ ਰਾਹੀਂ ਇਹ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਵੱਡਾ ਕਾਰਨ ਵੱਡਾ ਕਰਜ਼ਾ ਹੈ। ਕਿਸਾਨ ਕਰਜ਼ੇ ਦੇ ਜਾਲ ਵਿੱਚ ਫਸਦੇ ਜਾ ਰਹੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਪਿਛਲੇ ਮਹੀਨੇ ਸੰਸਦ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h