ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ
* ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਸੀ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਆਦਮੀ ਦੀ ਭਲਾਈ ਦੇ ਇਰਾਦੇ ਦੀ ਘਾਟ ਸੀ
* ਪੰਜਾਬ ਨੂੰ ਬੇਰਹਿਮੀ ਨਾਲ ਲੁੱਟਣ ਉਤੇ ਵਿਰੋਧੀਆਂ ਦੀ ਕੀਤੀ ਨਿੰਦਾ
* ਲੋਕਾਂ ਦੇ ਪੈਸੇ ਲੁੱਟ ਕੇ ਗੈਰ-ਕਾਨੂੰਨੀ ਢੰਗ ਨਾਲ ਬਣਾਏ ਮਹਿਲ, ਪੈਲੇਸ, ਫਾਰਮ ਹਾਊਸ ਅਤੇ ਰਿਜ਼ੌਰਟਾਂ ਨੂੰ ਢਾਹੁਣ ਦਾ ਐਲਾਨ
* ਢੀਂਡਸਾ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਸਕਦੇ ਹਨ ਪਰ ਲੋਕਾਂ ਦੇ ਘਰਾਂ ਵਿੱਚ ਨਹੀਂ ਵੜ ਸਕਦੇ
* ਆਗਾਮੀ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਲਈ ਮੋਦੀ ਉੱਤੇ ਸਾਧਿਆ ਨਿਸ਼ਾਨਾ
* ਭਾਜਪਾ ਦੇ ਪੰਜਾਬ ਵਿਰੋਧੀ ਰੁਖ਼ ਦੇ ਮੁੱਦੇ ਉੱਤੇ ਕੈਪਟਨ, ਜਾਖੜ ਤੇ ਮਨਪ੍ਰੀਤ ਦੀ ਚੁੱਪ ‘ਤੇ ਚੁੱਕੇ ਸਵਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਮੁਕਾਮੀ ਬਸ਼ਿੰਦਿਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।
ਇੱਥੇ ਵਿਕਾਸ ਕ੍ਰਾਂਤੀ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਚਾਹੁੰਦੇ ਸਨ ਕਿ ਇਸ ਖਿੱਤੇ ਵਿੱਚ ਇੱਕ ਅਤਿ-ਆਧੁਨਿਕ ਹਸਪਤਾਲ ਹੋਵੇ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਸੁਪਨਾ ਧੂਰੀ ਵਿਖੇ 80 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ, ਚੀਮਾ ਵਿਖੇ 30 ਬਿਸਤਰਿਆਂ ਵਾਲੇ ਰੂਰਲ ਹਸਪਤਾਲ ਅਤੇ ਕੌਰੀਆਂ ਵਿਖੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦੀ ਸਥਾਪਨਾ ਨਾਲ ਸਾਕਾਰ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਹੀ ਹਸਪਤਾਲ ਦੇ ਅੰਦਰ ਹੀ ਮਰੀਜ਼ਾਂ ਨੂੰ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਹਰ ਹਸਪਤਾਲ ਵਿੱਚ ਐਕਸ-ਰੇਅ ਅਤੇ ਅਲਟਰਾਸਾਊਂਡ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਤੇ ਖੜਗ ਭੁਜਾ ਹੈ ਅਤੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਵੱਲੋਂ 90 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਹਨ। 829 ਆਮ ਆਦਮੀ ਕਲੀਨਿਕਾਂ ਵੱਲੋਂ ਪੰਜਾਬ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਗਸਤ, 2022 ਤੋਂ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਕ ਕਰੋੜ ਤੋਂ ਵੱਧ ਮਰੀਜ਼ ਇੱਥੋਂ ਇਲਾਜ ਕਰਵਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆ-ਕਲਪ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਅਤੇ 40 ਦੇ ਕਰੀਬ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਪੰਜਾਬ ਵਿੱਚ ਲੋਕਾਂ ਨੂੰ ਹੋ ਰਹੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡੇਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕੀਤੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਰੋਕਣ ਅਤੇ ਸੂਬੇ ਦੀਆਂ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਗਲਤ ਡਰਾਈਵਿੰਗ ਰੋਕਣ, ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ੁਰੂਆਤੀ ਤੌਰ ‘ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਸੜਕਾਂ ‘ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਵਾਉਣਾ ਹੀ ਆਮ ਆਦਮੀ ਲਈ ਇੱਕੋ ਇੱਕ ਰਾਹ ਹੁੰਦਾ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਹੁਣ ਮਾਪਿਆਂ ਦੇ ਦਿਲ ਦੀ ਇੱਛਾ ਹੋਵੇਗੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਕਿਉਂਕਿ ਸਿੱਖਿਆ ਪ੍ਰਣਾਲੀ ਵਿੱਚ ਗੁਣਾਤਮਕ ਸੁਧਾਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਦੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ। ਇਸ ਪਾਵਰ ਪਲਾਂਟ ਦੀ ਖ਼ਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਖ਼ੇਤਰ ਨੂੰ ਬਿਜਲੀ ਦੇਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।
ਵਿਰੋਧੀਆਂ ‘ਤੇ ਨਿਸ਼ਾਨੇ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ ਪਰ ਸਿਆਸੀ ਆਗੂਆਂ ਕੋਲ ਆਮ ਆਦਮੀ ਦੀ ਭਲਾਈ ਲਈ ਨੀਅਤ ਦੀ ਘਾਟ ਸੀ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਨਿੱਜੀ ਲਾਭਾਂ ਲਈ ਸੂਬੇ ਵਿੱਚੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ ਅਤੇ ਇਨ੍ਹਾਂ ਦੇ ਰਿਜ਼ੌਰਟਾਂ ਅਤੇ ਫਾਰਮ ਹਾਊਸਾਂ ਦਾ ਲਗਜ਼ਰੀ ਟੈਕਸ ਮੁਆਫ਼ ਕੀਤਾ ਗਿਆ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਬਹੁਤ ਚੰਗੀ ਖ਼ਬਰ ਮਿਲੇਗੀ ਕਿਉਂਕਿ ਲੀਡਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਏ ਵੱਡੇ ਪੈਲੇਸ ਅਤੇ ਫਾਰਮ ਹਾਊਸਾਂ ਨੂੰ ਜਲਦੀ ਢਾਹ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦੇ ਖ਼ੂਨ-ਪਸੀਨੇ ਨਾਲ ਕਮਾਏ ਪੈਸੇ ਨਾਲ ਇਹ ਸ਼ਾਨਦਾਰ ਮਹਿਲ ਬਣਾਏ ਹਨ, ਜੋ ਬਰਦਾਸ਼ਤਯੋਗ ਨਹੀਂ ਹੈ ਅਤੇ ਹਰ ਪੰਜਾਬੀ ਦੇ ਮਨ ਨੂੰ ਸਕੂਨ ਪਹੁੰਚਾਉਣ ਲਈ ਇਨ੍ਹਾਂ ਨੂੰ ਜਲਦੀ ਹੀ ਢਹਿ-ਢੇਰੀ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਚੰਗਾ ਸਬਕ ਸਿਖਾਇਆ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਆਮ ਆਦਮੀ ਦੀ ਭਲਾਈ ਲਈ ਖ਼ਰਚ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ਸਿਆਸੀ ਆਗੂਆਂ ਨੇ ਲੋਕਾਂ ਨੂੰ ਲੁਭਾਉਣਾ ਸ਼ੁਰੂ ਕਰ ਦਿੱਤਾ ਹੈ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਕਟੌਤੀ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਉਨ੍ਹਾਂ ਨੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਪਰ ਹੁਣ ਉਹ ਭਾਅ ਵਿੱਚ ਕਟੌਤੀ ਕਰ ਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਨ੍ਹਾਂ ਜੁਮਲਿਆਂ ਦੇ ਝਾਂਸੇ ਵਿੱਚ ਨਾ ਆਉਣ ਦੀ ਸਲਾਹ ਦਿੱਤੀ ਕਿਉਂਕਿ ਅਜਿਹੇ ਆਗੂ ਦੋਗਲੇ ਚਰਿੱਤਰ ਵਾਲੇ ਹਨ ਅਤੇ ਅਜਿਹੇ ਜੁਮਲਿਆਂ ਨਾਲ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।
ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ‘ਚ ਵਾਪਸੀ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਿਆਸੀ ਕਰੀਅਰ ਖ਼ਤਮ ਹੋ ਚੁੱਕਾ ਹੈ ਜੋ ਜਨਤਾ ਨਾਲੋਂ ਪੂਰੀ ਤਰ੍ਹਾਂ ਟੁੱਟਣ ਕਾਰਨ ਕਦੇ ਸੀਟ ਨਹੀਂ ਜਿੱਤ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਢੀਂਡਸਾ ਪਰਿਵਾਰ ਨੇ ਅਕਾਲੀ ਦਲ ਵਿੱਚ ‘ਘਰ ਵਾਪਸੀ’ ਹੋਣ ਦਾ ਦਾਅਵਾ ਕੀਤਾ ਹੈ, ਪਰ ਉਹ ਹੁਣ ਕਦੇ ਵੀ ਆਮ ਲੋਕਾਂ ਦਾ ਦਿਲ ਨਹੀਂ ਜਿੱਤ ਸਕਦੇ ਕਿਉਂਕਿ ਆਮ ਲੋਕ ਜਾਣਦੇ ਹਨ ਕਿ ਇਹ ਆਗੂ ਉਨ੍ਹਾਂ ਦਾ ਕੋਈ ਫਾਇਦਾ ਨਹੀਂ ਚਾਹੁੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਸਮੇਂ ਇਨ੍ਹਾਂ ਲੋਕਾਂ ਨੂੰ ਸਿਆਸਤ ਤੋਂ ਸੰਨਿਆਸ ਲੈਣਾ ਚਾਹੀਦਾ ਹੈ, ਉਸ ਸਮੇਂ ਇਹ ਸਿਆਸੀ ਮੌਕਾਪ੍ਰਸਤ ਸਿਰਫ਼ ਸੱਤਾ ਦੀ ਖ਼ਾਤਰ ਆਪਣੀ ਵਫ਼ਾਦਾਰੀ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਨਾ ਤਾਂ ਪੰਥ ਦਾ ਫ਼ਿਕਰ ਹੈ ਅਤੇ ਨਾ ਹੀ ਸੂਬੇ ਦਾ, ਸਗੋਂ ਇਨ੍ਹਾਂ ਦਾ ਇੱਕੋ-ਇੱਕ ਮੰਤਵ ਸੱਤਾ ਹਾਸਲ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਨੂੰ ਛੱਡ ਕੇ ਸੂਬੇ ਵਿੱਚ ਪਿਛਲੇ 75 ਸਾਲਾਂ ਵਿੱਚ ਕੋਈ ਵਿਕਾਸ ਨਹੀਂ ਹੋਇਆ ਕਿਉਂਕਿ ਇਨ੍ਹਾਂ ਆਗੂਆਂ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਇਰਾਦਾ ਅਤੇ ਇੱਛਾ ਸ਼ਕਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦੀ ਪ੍ਰਵਾਹ ਕੀਤੇ ਬਿਨਾਂ ਸਿਰਫ਼ ਆਪਣੇ ਪਰਿਵਾਰਾਂ ਲਈ ਪੰਜਾਬੀਆਂ ਦਾ ਪੈਸਾ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪਹਿਲੀ ਵਾਰ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਨੀਤੀਆਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਹੀ ਇੱਕ ਇਤਿਹਾਸ ਹੈ।
ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਖੜ੍ਹੋਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਚੰਗਾ ਸਬਕ ਸਿਖਾਉਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਬਾਦਲ ਅਤੇ ਹੋਰ ਆਗੂ ਸੱਤਾ ਦਾ ਸੁੱਖ ਲੈਣ ਲਈ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚੁੱਪੀ ਧਾਰੀ ਬੈਠੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਜਪਾ ਸਰਕਾਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਦੂਜੇ ਪਾਸੇ ਇਹ ਆਗੂ ਆਪਣੇ ਹਿੱਤਾਂ ਲਈ ਭਗਵਾ ਪਾਰਟੀ ਦੇ ਗੁਣ ਗਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਸਿਆਸੀ ਕਰੀਅਰ ਖ਼ਤਮ ਕਰ ਕੇ ਇਨ੍ਹਾਂ ਨੂੰ ਚੰਗਾ ਸਬਕ ਸਿਖਾਉਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਟਾਕਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੂੰ 13-0 ਨਾਲ ਜਿਤਾ ਕੇ ‘ਆਪ’ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪ ਦੇ 13 ਸੰਸਦ ਮੈਂਬਰ ਚੁਣੇ ਜਾਣ ਨਾਲ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਵੀ ਵਿਅਕਤੀ ਖਾਸ ਕਰਕੇ ਕੇਂਦਰ ਵਿੱਚ ਬੈਠੇ ਸੱਤਾਧਾਰੀ ਆਗੂਆਂ ਤੋਂ ਕਿਸੇ ਤਰ੍ਹਾਂ ਦੀ ਪ੍ਰਵਾਨਗੀ ਦੀ ਲੋੜ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ, ਜਦੋਂ ਕਿ ਸੱਚਾਈ ਇਹ ਹੈ ਕਿ ਆਜ਼ਾਦੀ ਦੇ ਸੰਘਰਸ਼ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਨਾ ਬਰਦਾਸ਼ਤ ਕਰਨ ਯੋਗ ਹੈ ਕਿਉਂਕਿ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਰੱਦ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ।