ਸ਼ੰਭੂ ਬਾਰਡਰ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਲਈ ਗਏ ਦਵਿੰਦਰ ਸਿੰਘ ਦਾ ਸੁਪਨਾ ਸੀ ਕਿ ਉਹ ਸਰਕਾਰੀ ਨੌਕਰੀ ਹਾਸਲ ਕਰਕੇ ਪੰਜਾਬ ਵਿੱਚ ਹੀ ਰਹੇਗਾ।
ਪਰਿਵਾਰ ਮੁਤਾਬਕ 13 ਫਰਵਰੀ ਨੂੰ ਅੰਦੋਲਨ ਦੇ ਦੌਰਾਨ ਹੀ ਉਨ੍ਹਾਂ ਦੀ ਖੱਬੀ ਅੱਖ ਉੱਤੇ ਗੰਭੀਰ ਸੱਟ ਲੱਗਣ ਕਾਰਨ ਉਨ੍ਹਾਂ ਦੀ ਇੱਕ ਅੱਖ ਦੀ ਰੌਸ਼ਨੀ ਚਲੀ ਗਈ ਹੈ।
ਦਵਿੰਦਰ ਸਿੰਘ ਦੀ ਉਮਰ 22 ਸਾਲ ਹੈ।
ਦਵਿੰਦਰ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਚਿਹਰੇ ‘ਤੇ ਪਲਾਸਟਿਕ ਦੀ ਗੋਲੀ ਅਤੇ ਅੱਥਰੂ ਗੈਸ ਦੇ ਗੋਲੇ ਲੱਗਣ ਨਾਲ ਦਵਿੰਦਰ ਕਥਿਤ ਤੌਰ ‘ਤੇ ਗੰਭੀਰ ਜ਼ਖਮੀ ਹੋ ਗਿਆ ਸੀ।
ਇਸ ਤੋਂ ਬਾਅਦ ਦਵਿੰਦਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਥਾਨਕ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ।
ਫਿਰ ਉਸਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।
ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਸ਼ੇਖੂਪੁਰਾ ਨਾਲ ਸਬੰਧਤ ਮਨਜੀਤ ਸਿੰਘ ਨੇ ਦੱਸਿਆ ਕਿ ਦਵਿੰਦਰ ਦੀ 15 ਫਰਵਰੀ ਨੂੰ ਸਰਜਰੀ ਹੋਈ ਅਤੇ ਉਸ ਦੀ ਖੱਬੀ ਅੱਖ ਕੱਢ ਦਿੱਤੀ ਗਈ ਹੈ।
ਉਨ੍ਹਾਂ ਨੇ ਭਾਵੁਕ ਹੁੰਦਿਆਂ ਦੱਸਿਆ, “ਮੇਰਾ ਪੁੱਤਰ ਵਿਦੇਸ਼ ਨਹੀਂ ਗਿਆ ਕਿਉਂਕਿ ਉਹ ਪੰਜਾਬ ਵਿੱਚ ਹੀ ਰਹਿਣਾ ਚਾਹੁੰਦਾ ਸੀ ਅਤੇ ਖੇਤੀ ਦੇ ਨਾਲ-ਨਾਲ ਸਰਕਾਰੀ ਨੌਕਰੀ ਦੇ ਇਮਤਿਹਾਨਾਂ ਦੀ ਤਿਆਰੀ ਕਰ ਰਿਹਾ ਸੀ।”
ਉਹ ਦੱਸਦੇ ਹਨ ਕਿ ਦਵਿੰਦਰ ਨੇ ਸਾਲ 2020-21 ਦੌਰਾਨ ਹੋਏ ਪਿਛਲੇ ਕਿਸਾਨ ਧਰਨੇ ਵਿੱਚ ਵੀ ਸਰਗਰਮੀ ਨਾਲ ਹਿੱਸਾ ਲਿਆ।
ਉਨ੍ਹਾਂ ਅੱਗੇ ਦੱਸਿਆ, “ਮੇਰੇ ਪੁੱਤਰ ਦੇ ਚਿਹਰੇ ‘ਤੇ ਪਲਾਸਟਿਕ ਦੀ ਗੋਲੀ ਲੱਗੀ, ਜਿਸ ਕਾਰਨ ਉਸ ਦੀ ਖੱਬੀ ਅੱਖ ਖ਼ਰਾਬ ਹੋ ਗਈ ਹੈ। ”
ਮਨਜੀਤ ਸਿੰਘ ਦਾ ਕਹਿਣਾ ਹੈ, “ਅਸੀਂ ਪੰਜਾਬ ਸਰਕਾਰ ਨੂੰ ਬੇਨਤੀ ਕਰਨੀ ਚਾਹਾਂਗੇ ਕਿ ਦਵਿੰਦਰ ਨੂੰ ਸਹਾਇਤਾ ਦਿੱਤੀ ਜਾਵੇ ਕਿਉਂਕਿ ਉਸ ਦਾ ਭਵਿੱਖ ਬਿਲਕੁਲ ਧੁੰਦਲਾ ਹੋ ਗਿਆ ਹੈ।”
ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਮੀਡੀਆ ਨੂੰ ਦੱਸਿਆ, “ਘੱਟੋ-ਘੱਟ ਤਿੰਨ ਕਿਸਾਨਾਂ ਦੀ ਅੱਖਾਂ ਦੀ ਰੌਸ਼ਨੀ ਗਈ ਹੈ, ਉਨ੍ਹਾਂ ਵਿੱਚੋਂ ਇੱਕ ਚੰਡੀਗੜ੍ਹ ਦੇ 32 ਸੈਕਟਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਹੈ।”
ਉਨ੍ਹਾਂ ਅੱਗੇ ਕਿਹਾ, “ਅਸੀਂ ਉਨ੍ਹਾਂ ਦੀ ਜਾਂਚ ਕਰਵਾਈ ਅਤੇ ਉਨ੍ਹਾਂ ਦੀਆਂ ਅੱਖਾਂ ਬਚਾਈਆਂ ਨਹੀਂ ਜਾ ਸਕੀਆਂ।”