ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਚੋਣ ਤੋਂ ਸੰਬੰਧਿਤ ਖੇਤਰ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਨਗਰ ਨਿਗਮਾਂ ਅਤੇ ਕਮੇਟੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਲਈ ਚੋਣਾਂ ਹੋਣੀਆਂ ਹਨ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਜ਼ਿਮਨੀ ਚੋਣਾਂ ਵਾਂਗ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵੀ ਵੱਡੇ ਫਰਕ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸ਼ਹਿਰੀ ਖੇਤਰਾਂ ਵਿੱਚ ਵੀ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ। ਸਾਨੂੰ ਭਰੋਸਾ ਹੈ ਕਿ ਅਸੀਂ ਇਨ੍ਹਾਂ ਚੋਣਾਂ ਵਿੱਚ ਵੀ ਵੱਡੀ ਲੀਡ ਹਾਸਿਲ ਕਰਾਂਗੇ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਨੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਵਧਾਇਆ ਹੈ। ਨਗਰ ਨਿਗਮ ਚੋਣਾਂ ‘ਤੇ ਵੀ ਇਸ ਦਾ ਸਕਾਰਾਤਮਕ ਪ੍ਰਭਾਵ ਪਵੇਗਾ।
ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਪੰਜਾਬ ਦੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਨਗਰ ਨਿਗਮ ਚੋਣਾਂ ਸ਼ਹਿਰਾਂ ਦੇ ਵਿਕਾਸ ਅਤੇ ਵਿਕਾਸ ਸੰਬੰਧੀ ਯੋਜਨਾਵਾਂ ਬਣਾਉਣ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨਿਰਪੱਖ ਅਤੇ ਆਜ਼ਾਦ ਚੋਣਾਂ ਦੀ ਆਸ ਪ੍ਰਗਟ ਕਰਦਿਆਂ ਕਿਹਾ ਕਿ ਚੋਣਾਂ ਤੋਂ ਬਾਅਦ ਸ਼ਹਿਰਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ। ਅਸੀਂ ਸਥਾਨਕ ਸ਼ਾਸਨ ਵਿੱਚ ਵੀ ਪਾਰਦਰਸ਼ੀ ਅਤੇ ਇਮਾਨਦਾਰ ਸ਼ਾਸਨ ਲਈ ਰਾਹ ਪੱਧਰਾ ਕਰਾਂਗੇ। ਉਨ੍ਹਾਂ ਕਿਹਾ ਕਿ ਪਾਰਟੀ ਹਰ ਸ਼ਹਿਰ ਲਈ ਵੱਖਰੀ ਯੋਜਨਾ ਤਿਆਰ ਕਰ ਰਹੀ ਹੈ। ਕੁਝ ਮੁੱਦੇ ਹਰ ਥਾਂ ਆਮ ਹਨ, ਪਰ ਹਰ ਖੇਤਰ ਵਿਚ ਵੱਖੋ-ਵੱਖਰੀਆਂ ਸਮੱਸਿਆਵਾਂ ਹਨ, ਇਨ੍ਹਾਂ ਗੱਲਾਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਅਰੋੜਾ ਨੇ ਐਲਾਨ ਕੀਤਾ ਕਿ 1 ਦਸੰਬਰ ਤੋਂ ਆਮ ਆਦਮੀ ਪਾਰਟੀ ਸਾਰੀਆਂ ਨਗਰ ਨਿਗਮਾਂ ਅਤੇ ਕੌਂਸਲਾਂ ਦੇ ਕੌਂਸਲਰ ਉਮੀਦਵਾਰਾਂ ਦੀਆਂ ਅਰਜ਼ੀਆਂ ਸਵੀਕਾਰ ਕਰਨੀਆਂ ਸ਼ੁਰੂ ਕਰ ਦੇਵੇਗੀ। ਚੋਣ ਪ੍ਰਕਿਰਿਆ ਵਿੱਚ ਮੈਰਿਟ, ਪਾਰਟੀ ਪ੍ਰਤੀ ਵਫ਼ਾਦਾਰੀ, ਇਲਾਕੇ ਦੇ ਸਮਾਜਿਕ ਸਮੀਕਰਨ ਅਤੇ ਜਿੱਤਣ ਦੀ ਯੋਗਤਾ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਜਿਹੜੇ ਵੀ ਪਾਰਟੀ ਮੈਂਬਰ ਚੋਣ ਲੜਨ ਦੇ ਇੱਛੁਕ ਹਨ, ਉਹ ਆਪਣੇ ਸਥਾਨਕ ਪਾਰਟੀ ਔਹਦੇਦਾਰਾਂ ਜਾਂ ਵਿਧਾਇਕਾਂ ਨਾਲ ਸੰਪਰਕ ਕਰਕੇ ਅਪਲਾਈ ਕਰ ਸਕਦੇ ਹਨ। ਸਾਰੀਆਂ ਅਰਜ਼ੀਆਂ ਨੂੰ ਚੰਗੀ ਤਰ੍ਹਾਂ ਵਿਚਾਰਿਆ ਜਾਵੇਗਾ।