ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਮੱਦਦ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਤੁਰੰਤ ਮਨਜ਼ੂਰੀ ਦੇਵੇ, ਤਾਂ ਕਿ ਉਹ ਡਰ ਭਰੇ ਮਾਹੌਲ ’ਚੋਂ ਨਿਕਲ ਸਕਣ। ਉਨਾਂ ਕਿਹਾ ਕਿ ਅਫਗਾਨਿਸਤਾਨ ’ਚ ਰਹਿੰਦੇ ਸਿੱਖਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਿੰਨਾ ਕੋਲ ਆਵਾਜਾਈ ਦੇ ਖਰਚਿਆਂ ਦਾ ਪ੍ਰਬੰਧ ਨਹੀਂ ਹੈ, ਉਨਾਂ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰਾਂ ਦਾ ਸਹਿਯੋਗ ਕਰੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਬੀਤੇ ਕੱਲ ਹੀ ਦਿੱਲੀ ਵਿਖੇ ਅਫਗਾਨੀ ਸਿੱਖਾਂ ਨਾਲ ਉਨਾਂ ਦੀ ਗੱਲ ਹੋਈ ਹੈ, ਜਿਨਾਂ ਨੇ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਦੀਆਂ ਤਕਲੀਫਾਂ ਬਾਰੇ ਜਾਣੂ ਕਰਵਾਇਆ ਹੈ। ਅਫਗਾਨੀ ਸਿੱਖਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਦੇ ਚੱਲਦਿਆਂ ਭਾਰਤ ਰਹਿੰਦੇ ਅਫਗਾਨੀ ਸਿੱਖਾਂ ਸਮੇਤ ਪੂਰੀ ਸਿੱਖ ਕੌਮ ਚਿੰਤਤ ਹੈ।
ਅਜਿਹੇ ਸੰਕਟਮਈ ਸਮੇਂ ਵਿਚ ਅਫਗਾਨਿਸਤਾਨ ਦੇ ਸਿੱਖਾਂ ਨਾਲ ਪੂਰੀ ਕੌਮ ਨੂੰ ਹਮਦਰਦੀ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੀ ਇਨਾਂ ਦਾ ਦਰਦ ਮਹਿਸੂਸ ਕਰਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਅਫਗਾਨਿਸਤਾਨ ’ਚ ਆਪਣੇ ਕਾਰੋਬਾਰਾਂ ਅਤੇ ਜਾਨ ਤੋਂ ਪਿਆਰੇ ਗੁਰੂ-ਘਰਾਂ ਨੂੰ ਛੱਡ ਕੇ ਆਉਣਾ ਸਿੱਖਾਂ ਲਈ ਬਹੁਤ ਔਖਾ ਹੈ, ਪਰ ਤਲਖ ਹਾਲਾਤਾਂ ਅੱਗੇ ਉਥੇ ਰਹਿੰਦੇ ਸਿੱਖ ਬੇਵੱਸ ਹਨ। ਇਸ ਦੇ ਚੱਲਦਿਆਂ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਫਗਾਨਿਸਤਾਨ ’ਚ ਹਰ ਸਿੱਖ ਦੀ ਸੁਰੱਖਿਆ ਲਈ ਸੰਜੀਦਾ ਯਤਨ ਕਰੇ ਅਤੇ ਉਨਾਂ ਨੂੰ ਭਾਰਤ ਲਿਆ ਕੇ ਨਾਗਰਿਕਤਾ ਦੇਵੇ।