Weather Update: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ 24 ਘੰਟੇ ਜਾਰੀ ਰਹਿ ਸਕਦਾ ਹੈ। ਇਧਰ, ਮੀਂਹ ਮਗਰੋਂ ਚੱਲੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ। ਸ਼ਾਮ ਸਮੇਂ ਪੰਜਾਬ ਦੇ ਬਠਿੰਡਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਫ਼ਾਜ਼ਿਲਕਾ ਸਣੇ ਹੋਰਨਾਂ ਥਾਵਾਂ ਉਤੇ ਵੀ ਮੀਂਹ (heavy rainfall) ਪਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਗੁਰਦਾਸਪੁਰ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ। ਇੱਥੇ ਘੱਟ ਤੋਂ ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਨੇ 12 ਤੇ 13 ਜਨਵਰੀ ਨੂੰ ਸੂਬੇ ਵਿੱਚ ਸੰਘਣੀ ਧੁੰਦ ਪੈਣ ਸਬੰਧੀ ਓਰੈਂਜ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਵਿਚ ਸਭ ਤੋਂ ਵੱਧ 13 ਐਮਐਮ, ਫ਼ਰੀਦਕੋਟ ਵਿੱਚ 10 ਐਮਐਮ, ਫ਼ਾਜ਼ਿਲਕਾ ਵਿੱਚ 6 ਐਮਐਮ, ਬਰਨਾਲਾ ਵਿਚ 3 ਐੱਮਐੱਮ ਅਤੇ ਫ਼ਿਰੋਜ਼ਪੁਰ ਵਿੱਚ ਇੱਕ ਐਮਐਮ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਐਤਵਾਰ ਨੂੰ ਵੀ ਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਤਾਮਿਲਨਾਡੂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਤਾਮਿਲਨਾਡੂ ਦੇ ਕੁਝ ਹਿੱਸਿਆਂ ‘ਚ 70 ਮਿਲੀਮੀਟਰ ਤੋਂ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ।
ਸੀਤ ਲਹਿਰ ਦੇ ਨਾਲ-ਨਾਲ ਪੂਰਾ ਉੱਤਰ ਭਾਰਤ ਸੰਘਣੀ ਧੁੰਦ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਬਿਹਾਰ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ ਵਿਚ ਵਿਜ਼ੀਬਿਲਟੀ 50 ਘੱਟ ਦਰਜ ਕੀਤੀ ਗਈ ਹੈ। ਦਿੱਲੀ ‘ਚ ਸੰਘਣੀ ਧੁੰਦ ਕਾਰਨ 300 ਤੋਂ ਵੱਧ ਉਡਾਣਾਂ ਨੂੰ ਰੱਦ ਕਰਨਾ ਪਿਆ, ਕਈ ਟਰੇਨਾਂ 24 ਘੰਟੇ ਤੋਂ ਜ਼ਿਆਦਾ ਦੇਰੀ ਨਾਲ ਚੱਲ ਰਹੀਆਂ ਸਨ ਅਤੇ ਵਾਹਨ ਵੀ ਸੜਕਾਂ ਉਤੇ ਘੁੰਮ ਰਹੇ ਸਨ। ਹਾਲਾਂਕਿ ਸ਼ਨੀਵਾਰ ਨੂੰ ਪਏ ਮੀਂਹ ਕਾਰਨ ਧੁੰਦ ਤੋਂ ਰਾਹਤ ਮਿਲੀ ਹੈ ਪਰ ਮੌਸਮ ਵਿਭਾਗ ਨੇ ਅੱਜ ਫਿਰ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੁਝ ਹਿੱਸਿਆਂ ‘ਚ ਤਾਪਮਾਨ 0 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਤਾਪਮਾਨ 1 ਤੋਂ 5 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਉੱਤਰ ਪ੍ਰਦੇਸ਼ ਦੇ ਨਾਲ-ਨਾਲ ਮੱਧ ਭਾਰਤ ਅਤੇ ਪੂਰਬੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ 6 ਤੋਂ 12 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ, ਜਦੋਂ ਕਿ ਪੱਛਮੀ ਰਾਜਾਂ ਗੁਜਰਾਤ, ਮੱਧ ਪ੍ਰਦੇਸ਼, ਅੰਦਰੂਨੀ ਕਰਨਾਟਕ ਅਤੇ ਇੱਥੋਂ ਤੱਕ ਕਿ ਤਾਮਿਲਨਾਡੂ ਵਿੱਚ ਵੀ ਘੱਟੋ-ਘੱਟ ਤਾਪਮਾਨ ਆਮ ਨਾਲੋਂ ਬਹੁਤ ਜ਼ਿਆਦਾ ਰਿਹਾ। ਇੱਥੇ ਆਮ ਤਾਪਮਾਨ 12 ਤੋਂ 16 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।