ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਕੋਤਵਾਲੀ ਪੁਲਸ ਥਾਣੇ ’ਚ ਸ਼ੁੱਕਰਵਾਰ ਨੂੰ ਕੇਂਦਰ ਦੀ ਅਗਨੀਪਥ ਯੋਜਨਾ ਖ਼ਿਲਾਫ ਪ੍ਰਦਰਸ਼ਨ ਮਾਮਲੇ ’ਚ ਪੁਲਸ ਨੇ 400 ਅਣਪਛਾਤੇ ਲੋਕਾਂ ਖ਼ਿਲਾਫ ਕੇਸ ਦਰਜ ਕੀਤਾ ਹੈ। ਇਸ ਦਰਮਿਆਨ ਇਕ ਸਥਾਨਕ ਅਦਾਲਤ ਨੇ ਵਿਰੋਧ ਪ੍ਰਦਰਸ਼ਨ ਦੇ ਸਿਲਸਿਲੇ ’ਚ ਗ੍ਰਿਫ਼ਤਾਰ 109 ਲੋਕਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।
ਪੁਲਸ ਖੇਤਰ ਅਧਿਕਾਰੀ ਪ੍ਰੀਤੀ ਤ੍ਰਿਪਾਠੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਬਲੀਆ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਦੀ ਸ਼ਿਕਾਇਤ ਦੇ ਆਧਾਰ ’ਤੇ 400 ਅਣਪਛਾਤੇ ਲੋਕਾਂ ਖ਼ਿਲਾਫ ਰੇਲਵੇ ਐਕਟ, ਭਾਰਤੀ ਸਜ਼ਾ ਜ਼ਾਬਤਾ (ਆਈ. ਪੀ. ਸੀ.) ਅਤੇ ਜਨਤਕ ਸੰਪਤੀ ਨੂੰ ਨੁਕਸਾਨ ਦੀ ਰੋਕਥਾਮ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 109 ਗ੍ਰਿਫ਼ਤਾਰ ਵਿਅਕਤੀਆਂ ਨੂੰ ਸਿਟੀ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ।
ਤ੍ਰਿਪਾਠੀ ਮੁਤਾਬਕ ਜਿਨ੍ਹਾਂ ਲੋਕਾਂ ਨੇ ਟਰੇਨ ਦੇ ਡੱਬੇ ’ਚ ਅੱਗ ਲਾ ਦਿੱਤੀ ਸੀ ਅਤੇ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਸੀ, ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਲੀਆ ਦੀ ਜ਼ਿਲ੍ਹਾ ਅਧਿਕਾਰੀ ਸੌਮਯਾ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ’ਚ ਸੁਰੱਖਿਆ ਦੇ ਉੱਚਿਤ ਇਤਜ਼ਾਮ ਕੀਤੇ ਗਏ ਹਨ। ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉੱਥੇ ਭਾਰੀ ਗਿਣਤੀ ’ਚ ਪੁਲਸ ਫੋਰਸ ਅਤੇ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ। ਪੁਲਸ ਸ਼ਨੀਵਾਰ ਤੜਕੇ ਤੋਂ ਹਾਈ ਅਲਰਟ ’ਤੇ ਹੈ ਅਤੇ ਬਲੀਆ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਹਨ।
ਜ਼ਿਕਰਯੋਗ ਹੈ ਕਿ ਸਰਕਾਰ ਨੇ ਮੰਗਲਵਾਰ ਨੂੰ ਦਹਾਕਿਆਂ ਪੁਰਾਣੀ ਰੱਖਿਆ ਭਰਤੀ ਪ੍ਰਕਿਰਿਆ ਵਿਚ ਬਦਲਾਅ ਕਰਦੇ ਹੋਏ ਤਿੰਨੋਂ ਸੈਨਾਵਾਂ ਵਿਚ ਫ਼ੌਜੀਆਂ ਦੀ ਭਰਤੀ ਲਈ ‘ਅਗਨੀਪਥ’ ਯੋਜਨਾ ਦਾ ਐਲਾਨ ਕੀਤਾ। ਇਸ ਤਹਿਤ ਫ਼ੌਜੀਆਂ ਦੀ ਭਰਤੀ 4 ਸਾਲ ਦੇ ਥੋੜ੍ਹੇ ਸਮੇਂ ਲਈ ਠੇਕੇ ‘ਤੇ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਇਸ ਸਾਲ ਤਿੰਨਾਂ ਸੇਵਾਵਾਂ ਵਿਚ ਕਰੀਬ 46,000 ਫ਼ੌਜੀਆਂ ਦੀ ਭਰਤੀ ਕੀਤੀ ਜਾਵੇਗੀ। ਚੋਣ ਲਈ ਯੋਗਤਾ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਦੇ ਵਿਚਕਾਰ ਹੋਵੇਗੀ ਅਤੇ ਭਰਤੀ ਕੀਤੇ ਜਾਣ ਵਾਲੇ ਫ਼ੌਜੀਆਂ ਦਾ ਨਾਂ ‘ਅਗਨੀਵੀਰ’ ਹੋਵੇਗਾ।