ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਇਸ ਦੇ ਨਾਲ ਹੀ ਬਾਰਿਸ਼ ਆਮ ਨਾਲੋਂ ਘੱਟ ਹੋ ਸਕਦੀ ਹੈ। ਚੰਡੀਗੜ੍ਹ ਦੇ ਨਾਲ ਹਰਿਆਣਾ ਦੇ 13 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਹੈ।
ਪੰਜਾਬ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ ਅਤੇ ਅੱਜ ਸ਼ਾਮ ਹੋਈ ਬਾਰਿਸ਼ ਤੋਂ ਬਾਅਦ ਠੰਡ ਵਧ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਰਾਤ ਤੱਕ ਤੂਫਾਨ, ਹਨੇਰੀ ਅਤੇ ਗੜੇਮਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਰਾਤ ਸੰਗਰੂਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਵਿੱਚ ਹਨ੍ਹੇਰੀ, ਹਨੇਰੀ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। 2 ਮਾਰਚ ਨੂੰ ਪਠਾਨਕੋਟ, ਜਲੰਧਰ ਅਤੇ ਕਪੂਰਥਲਾ ‘ਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਵੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਵਿਭਾਗ ਨੇ ਅਗਲੇ 2-3 ਦਿਨਾਂ ਲਈ ਖਰਾਬ ਮੌਸਮ ਦਾ ਹਵਾਲਾ ਦਿੰਦੇ ਹੋਏ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਐਤਵਾਰ ਤੱਕ ਭਾਰਤ ਦੇ ਵੱਖ-ਵੱਖ ਹਿੱਸਿਆਂ ਸਮੇਤ ਪੰਜਾਬ ‘ਚ ਮੌਸਮ ਖਰਾਬ ਰਹੇਗਾ, ਜਿਸ ਕਾਰਨ ਹਨੇਰੀ ਦੇ ਨਾਲ-ਨਾਲ ਭਾਰੀ ਮੀਂਹ ਮੁਸੀਬਤ ਬਣ ਸਕਦਾ ਹੈ। ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਿਲਸਿਲੇ ‘ਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤੂਫਾਨ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਜਾਰੀ ਕੀਤੀ ਗਈ ਹੈ। ਵਿਭਾਗ ਨੇ ਕਿਹਾ ਹੈ ਕਿ 3 ਮਾਰਚ ਤੱਕ ਮੌਸਮ ਖ਼ਰਾਬ ਰਹੇਗਾ।