ਐੱਸ ਏ ਐੱਸ ਨਗਰ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਅਥਾਰਟੀ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ।
ਮੋਹਾਲੀ ਕਲੱਬ, ਐਸ.ਏ.ਐਸ.ਨਗਰ ਵਿਖੇ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਨਿਵੇਸ਼ਕਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸਿੰਗਲ ਪੁਆਇੰਟ ਸੰਪਰਕ ਅਧਿਕਾਰੀ, ਜਿਸ ਨਾਲ ਸਾਰੀਆਂ ਸੇਵਾਵਾਂ ਲਈ ਸਿੱਧਾ ਸੰਪਰਕ ਕੀਤਾ ਜਾ ਸਕੇ, ਲਗਾਏ ਜਾਣ ਅਤੇ ਵੱਖ-ਵੱਖ ਸ਼੍ਰੇਣੀਆਂ ਦੀਆਂ ਜਾਇਦਾਦਾਂ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਚੈੱਕਲਿਸਟ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਉਤੇ ਭਰੋਸਾ ਜਤਾਉਣ ਅਤੇ ਇਸ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਨਿਵੇਸ਼ਕਾਂ ਦਾ ਧੰਨਵਾਦ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਗਮਾਡਾ ਵੱਲੋਂ ਉਨ੍ਹਾਂ ਨੂੰ ਹਰ ਕਦਮ ਉਤੇ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਨਿਵੇਸ਼ਕ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਪੰਜਾਬ ਵੱਲ ਆਕਰਸ਼ਿਤ ਹੋ ਰਹੇ ਹਨ।
ਸਾਰੇ ਨਿਵੇਸ਼ਕਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਵਾਸਤੇ ਇਹ ਸਮਾਗਮ ਕਰਵਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਦਾ ਧੰਨਵਾਦ ਕੀਤਾ। ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h