ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਵੱਲੋਂ ਜਥੇਦਾਰ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ, ਸੁਖਬੀਰ ਬਾਦਲ ‘ਤੇ ਲਾਏ ਗੰਭੀਰ ਦੋਸ਼
ਸੁਖਬੀਰ ਸਿੰਘ ਬਾਦਲ ਦੇ ਖਿਲਾਫ ਕਾਰਵਾਈ ਕਰਵਾਉਣ ਵਾਸਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਗੁਜ਼ਾਰਿਸ਼ ਕੀਤੀ ਗਈ ਹੈ ਕਿ ਪੰਥਕ ਰਵਾਇਤਾਂ ਤਹਿਤ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਨੇਤਾਵਾਂ ਤੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਤਰਸੇਮ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਰਾਜ ਦੇ ਸਮੇਂ ਹੋਈਆਂ ਬੱਜਰ ਗਲਤੀਆਂ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੰਨੀ ਢਾਹ ਸਿੱਖਾਂ ਨੂੰ ਲਗਾਈ ਗਈ ਹੈ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਨਹੀਂ ਲਗਾਈ ਗਈ।
ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਹੀ ਅਕਾਲੀ ਦਲ ਦਾ ਗਿਰਾਵਟ ਦਾ ਸਭ ਤੋਂ ਵੱਡਾ ਕਾਰਨ ਇਹੀ ਹੈ ਕਿ ਅਕਾਲੀ ਦਲ ਸਿਰਫ ਔਰ ਸਿਰਫ ਆਪਣੇ ਪਰਿਵਾਰ ਬਾਰੇ ਹੀ ਸੋਚਦੀ ਹੋਈ ਨਜ਼ਰ ਆਈ ਹੈ। ਉੱਥੇ ਦੂਸਰੇ ਪਾਸੇ ਕੰਗਣਾ ਰਨੌਤ ਦੀ ਆਉਣ ਵਾਲੀ ਫਿਲਮ ਨੂੰ ਲੈ ਕੇ ਤਰਸੇਮ ਸਿੰਘ ਵੱਲੋਂ ਆਪਣੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਗਿਆ ਕਿ ਜੋ ਇਸ ਫਿਲਮ ਦੇ ਵਿੱਚ ਦਿਖਾਇਆ ਗਿਆ ਹੈ ਉਸ ਨੂੰ ਪੂਰਨ ਤੌਰ ਤੇ ਬੈਨ ਕਰ ਦੇਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਜਾਣ ਬੁਝ ਕੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਰਸੇਮ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਵੋਟਾਂ ਬਣਾ ਕੇ ਸ਼੍ਰੋਮਣੀ ਅਕਾਲੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਲਾਉਣਾ ਚਾਹੀਦਾ ਹੈ ਤਾਂ ਜੋ ਕਿ ਸਿੱਖਾਂ ਦੀ ਸਰਵੋਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੋਕਾਂ ਦੇ ਹਿੱਤ ਲਈ ਕੰਮ ਕਰ ਸਕੇ।