ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦਾ ਭਾਂਡਾ ਭੰਨਣ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 7 ਕਿਲੋਗ੍ਰਾਮ ਨਸ਼ੀਲੇ ਪਦਾਰਥ ਅਤੇ ਪੰਜ ਪਿਸਤੌਲ ਬਰਾਮਦ ਕੀਤੇ – ਜਿਸ ਵਿੱਚ ਚਾਰ 9mm ਗਲੋਕ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਪੁੱਛਗਿੱਛ ਜਾਰੀ ਹੈ। ਇਨ੍ਹਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਡੀਜੀਪੀ ਪੰਜਾਬ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ ਵਾਸੀ ਭੂਰਾ ਕੋਨਾ, ਤਰਨਤਾਰਨ ਅਤੇ ਜਗਵੰਤ ਸਿੰਘ ਵਾਸੀ ਮਹਿੰਦੀਪੁਰ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ‘ਚੋਂ ਪੰਜ ਜਿੰਦਾ ਕਾਰਤੂਸ ਅਤੇ ਪੰਜ ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸ ਦੀ ਸਵਿਫਟ ਡਿਜ਼ਾਇਰ ਕਾਰ ਵੀ ਜ਼ਬਤ ਕਰ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਤਸਕਰ ਇੱਕ ਸਵਿਫਟ ਡਿਜ਼ਾਇਰ ਕਾਰ ਵਿੱਚ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ। ਜਿਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਘਰਿੰਡਾ ਖੇਤਰ ਦੇ ਪਿੰਡ ਮੁਹਾਵਾ ਕੋਲ ਵਿਸ਼ੇਸ਼ ਨਾਕਾ ਲਗਾ ਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਘਰੋਂ ਹੈਰੋਇਨ ਦੀ ਖੇਪ ਬਰਾਮਦ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਨੇ ਘਰ ਵਿੱਚ ਰੱਖੀ ਹੈਰੋਇਨ ਦੀ ਖੇਪ ਬਾਰੇ ਦੱਸਿਆ। ਜਿਸ ਤੋਂ ਬਾਅਦ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੱਸੇ ਸਥਾਨ ‘ਤੇ ਛਾਪਾ ਮਾਰ ਕੇ 7 ਕਿਲੋ ਹੈਰੋਇਨ ਬਰਾਮਦ ਕੀਤੀ।
ਮੁੱਢਲੀ ਜਾਂਚ ਅਨੁਸਾਰ ਫੜੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਸਮੱਗਲਿੰਗ ਕਰਕੇ ਸੂਬੇ ਭਰ ਵਿੱਚ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ।