amritsar smuggling gang busted: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਆਧੁਨਿਕ ਪਿਸਤੌਲ ਅਤੇ 500 ਗ੍ਰਾਮ ਅਫੀਮ ਬਰਾਮਦ ਕੀਤੀ।

ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਅੰਤਰ-ਜ਼ਿਲ੍ਹਾ ਤਸਕਰੀ ਗਿਰੋਹ ਚਲਾ ਰਹੇ ਸਨ ਅਤੇ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ। ਜ਼ਬਤ ਕੀਤੇ ਗਏ ਹਥਿਆਰਾਂ ਦਾ ਉਦੇਸ਼ ਪੰਜਾਬ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕਰਨਾ ਸੀ ਤਾਂ ਜੋ ਸੂਬੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਸੁਖਾਲਾ ਬਣਾਇਆ ਜਾ ਸਕੇ। ਇਸ ਸਬੰਧੀ ਅੰਮ੍ਰਿਤਸਰ ਪੁਲਿਸ ਸਟੇਸ਼ਨ ਸਦਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਤਸਕਰਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਰਨਤਾਰਨ, ਅੰਮ੍ਰਿਤਸਰ ਅਤੇ ਫਾਜ਼ਿਲਕਾ ਦੇ ਰਹਿਣ ਵਾਲੇ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਦੇ ਰਾਜਨ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਸਦਰ ਜਲਾਲਾਬਾਦ (ਫਾਜ਼ਿਲਕਾ) ਦੇ ਸੁਰਿੰਦਰ ਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਤਰਨਤਾਰਨ ਦੇ ਰਹਿਣ ਵਾਲੇ ਜਗਜੀਤ ਨੂੰ ਸੁਰਿੰਦਰ ਪਾਲ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਨੂੰ ਜੜ੍ਹੋਂ ਪੁੱਟਣ ਅਤੇ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਦੇ ਫੈਲਾਅ ਨੂੰ ਰੋਕਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ।