ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਪਾਉਣ ਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਉਨ੍ਹਾਂ ਦੇ ਵਕੀਲ ਵੱਲੋਂ ਅਰਜੀ ਦਾਇਰ ਕੀਤੀ ਗਈ ਸੀ। ਜਿਸ ‘ਤੇ ਸੁਪਰੀਮ ਕੋਰਟ ‘ਚ ਇਸ ਮਾਮਲੇ ਦੀ ਅੰਤਿਮ ਸੁਣਵਾਈ 1 ਨਵੰਬਰ ਨੂੰ ਹੋਵੇਗੀ। ਸੁਪਰੀਮ ਕੋਰਟ ਵਿੱਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਕਿਹਾ ਸੀ ਕਿ ਮੇਰਾ ਮੁਵੱਕਿਲ 26 ਸਾਲਾਂ ਤੋਂ ਜੇਲ੍ਹ ਵਿੱਚ ਹੈ। ਇਸ ਲਈ ਉਨ੍ਹਾਂ ਦੀ ਫਾਸੀ ਦੀ ਸਜਾ ਮੁਆਫ ਹੋਣੀ ਚਾਹੀਦੀ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਫੈਸਲਾ ਲੈਣ ਲਈ ਆਜ਼ਾਦ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕੀਤਾ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਫੈਸਲਾ ਨਹੀਂ ਲਿਆ ਜਾ ਸਕਦਾ ਹੈ।
ਰਾਜੋਆਣਾ ਬਾਰੇ ਕੀ ਕਿਹਾ ਸੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ?
ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਹ ਬਿਆਨ ਲੁਧਿਆਣਾ ਤੋਂ ਕਾਂਗਰਸੀ ਐੱਮਪੀ ਰਵਨੀਤ ਸਿੰਘ ਬਿੱਟੂ ਦੇ ਸਵਾਲ ਦੇ ਜਵਾਬ ਵਿੱਚ ਦਿੱਤਾ ਸੀ। ਰਵਨੀਤ ਸਿੰਘ ਬਿੱਟੂ ਨੇ ਪ੍ਰਸ਼ਨ ਕਾਲ ਦੌਰਾਨ ਅਮਿਤ ਸ਼ਾਹ ਨੂੰ ਪੁੱਛਿਆ, “ਅਸੀਂ ਹੈਦਰਾਬਾਦ ਰੇਪ ਮਾਮਲੇ ਤੋਂ ਬਾਅਦ ਰੇਪ ਦੇ ਮੁਲਜ਼ਮਾਂ ਨੂੰ ਫਾਂਸੀ ਦੇਣ ਦੀ ਗੱਲ ਕਰ ਰਹੇ ਹਾਂ ਪਰ ਅਮਿਤ ਸ਼ਾਹ ਰਾਜੋਆਣਾ ਦੀ ਸਜ਼ਾ ਮੁਆਫ ਕਿਉਂ ਕਰ ਰਹੇ ਹਨ। ਇਸ ਸਵਾਲ ਦੇ ਜਵਾਬ ਵਿੱਚ ਅਮਿਤ ਸ਼ਾਹ ਨੇ ਕਿਹਾ, “ਤੁਸੀਂ ਮੀਡੀਆ ਦੀ ਰਿਪੋਰਟਾਂ ਨੂੰ ਨਾ ਮੰਨੋ। ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਹੈ।”
ਬੇਅੰਤ ਸਿੰਘ ਦਾ ਕਤਲ
31 ਅਗਸਤ 1995: ਬਲਵੰਤ ਸਿੰਘ ਰਾਜੋਆਣਾ ਦੇ ਅਦਾਲਤ ’ਚ ਬਿਆਨ ਮੁਤਾਬਕ ਉਨ੍ਹਾਂ ਅਤੇ ਪੰਜਾਬ ਪੁਲਿਸ ਦੇ ਐਸਪੀਓ ਦਿਲਾਵਰ ਸਿੰਘ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿਚ ਕਤਲ ਕਰ ਦਿੱਤਾ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਹਮਲਾ ਕੀਤਾ ਤੇ ਰਾਜੋਆਣਾ ਉਸ ਦੇ ਪਿੱਛੇ ਸੀ। ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਰਾਜੋਆਣਾ ਨੇ ਹਮਲਾ ਕਰਨਾ ਸੀ।