ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਹਾਈ-ਟੈਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਸਭ ਤੋਂ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸਨੂੰ ਵਿਗਿਆਨਕ ਲੀਹਾਂ ‘ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਇਹ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਯੋਗ ਹੋ ਸਕੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਾਹਨਾਂ ਦੇ ਨਵੇਂ ਬੇੜੇ ਦੇ ਸ਼ਾਮਲ ਹੋਣ ਨਾਲ, ਸੂਬੇ ਭਰ ਦੇ 454 ਥਾਣਿਆਂ ਦੇ ਸਟੇਸ਼ਨ ਹਾਊਸ ਅਫਸਰਾਂ ਐੱਸ ਐੱਚ ਓ ਨੂੰ ਨਵੇਂ ਵਾਹਨ ਮਿਲੇ ਹਨ। “ਇਹ ਪਹਿਲਾਂ ਦੇ ਰੁਝਾਨਾਂ ਦੇ ਉਲਟ ਹੈ ਜਦੋਂ ਨਵੇਂ ਵਾਹਨ ਜ਼ਮੀਨੀ ਪੱਧਰ ‘ਤੇ ਅਧਿਕਾਰੀਆਂ ਦੀ ਬਜਾਏ ਉੱਚ ਅਧਿਕਾਰੀਆਂ ਨੂੰ ਦਿੱਤੇ ਗਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ, ਸੂਬੇ ਦੀਆਂ ਵਿਰੋਧੀ ਕਈ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ, ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਹੋਰ ਦੂਰ ਕਰਨ ਲਈ, ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਉੱਨਤ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਜਾਵੇ।