SGPC Reaction on incident at Gurdwara Sri Dukhniwaran Sahib Patiala: ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਵਾਪਰੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਸੋਝੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ।
ਸ਼ਰਾਬ ਪੀਣ ਦੀ ਘਿਨੌਣੀ ਹਰਕਤ ਸਾਜ਼ਿਸ਼ੀ
ਉਨ੍ਹਾਂ ਕਿਹਾ ਕਿ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ ਇਕ ਲੜਕੀ ਵੱਲੋਂ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਸਾਜ਼ਿਸ਼ੀ ਹੈ, ਇਹ ਸਹਿਵਨ ਵਾਪਰਿਆ ਵਰਤਾਰਾ ਨਹੀਂ ਹੋ ਸਕਦਾ। ਉਨ੍ਹਾਂ ਪੰਜਾਬ ਦੀ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਕਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਧਮਾਕਿਆਂ ਅਤੇ ਸ਼ਰਧਾਲੂਆਂ ਦੀ ਮਾਰ ਕੁਟਾਈ ਦੀ ਘਟਨਾਵਾਂ ਅਤੇ ਕਦੇ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਿੱਖ ਵਿਰੋਧੀ ਵਰਤਾਰਾ ਪੰਜਾਬ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੀ ਹੈ। ਕਿਉਂਕਿ ਜੇਕਰ ਦੋਸ਼ੀਆਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿਸੇ ਦਾ ਅਜਿਹਾ ਕਰਨ ਦਾ ਹੀਆ ਨਾ ਪਵੇ।
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਸਰਕਾਰ ਸੰਜੀਦਾ ਹੋ ਕੇ ਬਣਦੀ ਜ਼ੁੰਮੇਵਾਰੀ ਨਿਭਾਵੇ ਤਾਂ ਅਜਿਹੀਆਂ ਸਾਜ਼ਿਸ਼ੀ ਘਟਨਾਵਾਂ ਨਾ ਵਾਪਰਣ। ਧਾਮੀ ਨੇ ਅੱਗੇ ਕਿਹਾ ਕਿ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਬੀਤੇ ਕੱਲ੍ਹ ਇੱਕ ਲੜਕੀ ਵੱਲੋਂ ਸ਼ਰਾਬ ਪੀਣ ਦੀ ਘਟਨਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਸਿੱਖ ਵਿਰੋਧੀ ਸ਼ਕਤੀਆਂ ਆਪਣੇ ਮਨਸੂਬਿਆਂ ਵਿਚ ਸਫਲ ਹੋ ਰਹੀਆਂ ਹਨ, ਜਿਸ ਨਾਲ ਕੌਮ ਅੰਦਰ ਭਾਰੀ ਰੋਸ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਨੂੰ ਲੜੀਵਾਰ ਨਿਸ਼ਾਨੇ ’ਤੇ ਲਿਆ ਜਾਣਾ ਸਿੱਖਾਂ ਖਿਲਾਫ ਗਹਿਰੀ ਸਾਜ਼ਿਸ਼ ਦਾ ਹਿੱਸਾ ਪ੍ਰਤੀਤ ਹੋ ਰਿਹਾ ਹੈ। ਇਨ੍ਹਾਂ ਬਣੇ ਹਾਲਾਤਾਂ ਕਰਕੇ ਹੀ ਸਿੱਖ ਸ਼ਰਧਾਲੂਆਂ ਅਤੇ ਸੰਗਤਾਂ ਦੇ ਜਜ਼ਬਾਤ ਭੜਕ ਰਹੇ ਹਨ ਅਤੇ ਲੋਕ ਖੁਦ-ਬਖੁਦ ਕਾਰਵਾਈ ਕਰਨ ਨੂੰ ਮਜ਼ਬੂਰ ਹਨ।
ਸ਼ਰਾਬ ਪੀਣ ਦੀ ਘਟਨਾ ਦੀ ਸਰਕਾਰ ਉੱਚ ਪੱਧਰੀ ਜਾਂਚ ਕਰੇ- ਹਰਜਿੰਦਰ ਸਿੰਘ ਧਾਮੀ
ਉਨ੍ਹਾਂ ਕਿਹਾ ਕਿ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਲੜਕੀ ਵੱਲੋਂ ਸ਼ਰਾਬ ਪੀਣ ਦੀ ਘਟਨਾ ਦੀ ਸਰਕਾਰ ਉੱਚ ਪੱਧਰੀ ਜਾਂਚ ਕਰੇ ਅਤੇ ਇਹ ਪਤਾ ਲਗਾਵੇ ਕਿ ਕਿਹੜੀਆਂ ਸ਼ਕਤੀਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਅਤੇ ਮਾਣ-ਮਰਯਾਦਾ ਨੂੰ ਢਾਹ ਲਗਾਉਣ ਦੀਆਂ ਹਰਕਤਾਂ ਕਰ ਰਹੀਆਂ ਹਨ। ਇਹ ਸੰਜੀਦਾ ਭਾਵਨਾਵਾਂ ਨਾਲ ਕੀਤੀ ਜਾਣ ਵਾਲੀ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਤੌਰ ’ਤੇ ਵੀ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਘਟਨਾ ਦੌਰਾਨ ਜ਼ਖ਼ਮੀ ਹੋਏ ਸ਼ਰਧਾਲੂ ਸੇਵਾਦਾਰ ਨਾਲ ਸ਼੍ਰੋਮਣੀ ਕਮੇਟੀ ਹਮਦਰਦੀ ਰੱਖਦੀ ਹੈ ਅਤੇ ਉਸ ਦਾ ਇਲਾਜ਼ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਸੁਚੇਤ ਰੂਪ ਵਿਚ ਸਹਿਯੋਗੀ ਭਾਵਨਾਵਾਂ ਨਾਲ ਸੇਵਾਵਾਂ ਨਿਭਾਉਣ ਤਾਂ ਜੋ ਸਿੱਖ ਵਿਰੋਧੀ ਸ਼ਕਤੀਆਂ ਦੇ ਸਨਸੂਬੇ ਕਾਮਯਾਬ ਨਾ ਹੋ ਸਕਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h