ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ 2022 ਦੀਆਂ ਚੋਣਾਂ ਵਿਕਾਸ ਦੇ ਏਜੰਡੇ ‘ਤੇ ਲੜੇਗੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਪੰਜਾਬ ਸਮੇਤ ਦੇਸ਼ ਭਰ ਵਿੱਚ ਦਿੱਲੀ ਸਰਕਾਰ ਦੇ ‘ਕੰਮ’ ਦੀ ਸਿਆਸਤ ਨੇ ਇੱਕ ਨਵੀਂ ਉਮੀਦ ਜਗਾਈ ਹੈ।
ਅਰਵਿੰਦ ਕੇਜਰੀਵਾਲ ਨੇ ਆਪਣੇ ਦੋ ਦਿਨਾਂ ਪੰਜਾਬ ਦੌਰੇ ਦੇ ਪਹਿਲੇ ਦਿਨ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਮਾਮਲਿਆਂ ਦੇ ਕੋ-ਇੰਚਾਰਜ ਰਾਘਵ ਚੱਢਾ ਹਾਜ਼ਰ ਸਨ।
ਕੇਜਰੀਵਾਲ ਨੇ ਪਾਰਟੀ ਉਮੀਦਵਾਰਾਂ ਤੋਂ ਉਨ੍ਹਾਂ ਦੇ ਹਲਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਅਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਪਾਰਟੀ ਸੂਤਰਾਂ ਅਨੁਸਾਰ ਕੇਜਰੀਵਾਲ ਨੇ ਸਪੱਸ਼ਟ ਕੀਤਾ ਕਿ 2022 ‘ਚ ‘ਆਪ’ ਦਾ ਮਿਸ਼ਨ ਸਕਾਰਾਤਮਕ ਹੋਵੇਗਾ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਦੇ ਏਜੰਡੇ ‘ਤੇ ਧਿਆਨ ਕੇਂਦਰਿਤ ਕਰੇਗਾ। ਕੇਜਰੀਵਾਲ ਨੇ ਕਿਹਾ ਕਿ ਅੱਜ ਸੂਬੇ ਦੇ ਲੋਕ ਅਤੇ ਸੂਬੇ ਦੀ ਆਰਥਿਕ ਹਾਲਤ ਗੰਭੀਰ ਚੁਣੌਤੀਆਂ ਅਤੇ ਸੰਕਟਾਂ ਦਾ ਸਾਹਮਣਾ ਕਰ ਰਹੀ ਹੈ।