Ashwani Sharma met SP Jugraj Singh: ਅਜਨਾਲਾ ‘ਚ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਲੋਂ ਆਪਣੇ ਸਾਥੀ ਲਵਪ੍ਰੀਤ ਸਿੰਘ ‘ਤੂਫਾਨ’ ਨੂੰ ਥਾਣਾ ਅਜਨਾਲਾ ਤੋਂ ਛੁਡਵਾਉਣ ਲਈ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕੀਤਾ ਗਿਆ। ਦੱਸ ਦਈਏ ਕਿ ਇਸ ਦੌਰਾਨ ਕਈ ਪੁਲਿਸ ਵਾਲੇ ਬੁਰੀ ਤਰ੍ਹਾਂ ਜ਼ਖਮੀ ਹੋਏ। ਜ਼ਖ਼ਮੀਆਂ ‘ਚ ਐਸਪੀ ਜੁਗਰਾਜ ਸਿੰਘ ਵੀ ਸ਼ਾਮਲ ਹਨ।
ਜ਼ਖ਼ਮੀ ਐਸਪੀ ਜੁਗਰਾਜ ਸਿੰਘ ਦਾ ਹਾਲ-ਚਾਲ ਪੁੱਛਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਘਰ ਗੁਰਨਗਰੀ ਪੁੱਜੇI ਜਿੱਥੇ ਸ਼ਰਮਾ ਨੇ ਐਸਪੀ ਜੁਗਰਾਜ ਸਿੰਘ ਨਾਲ ਮੁਲਾਕਾਤ ਕਰਕੇ ਸਾਰੀ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ ਤੇ ਇਸ ਵਿੱਚ ਭਗਵੰਤ ਮਾਨ ਦੀ ਸਰਕਾਰ ਦੀ ਨਾਕਾਮੀ ਸਾਫ਼ ਨਜ਼ਰ ਆ ਰਹੀ ਹੈ।
ਇਸ ਮੌਕੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਰਜਿੰਦਰ ਮੋਹਨ ਸਿੰਘ ਛੀਨਾ, ਜ਼ਿਲ੍ਹਾ ਮੀਤ ਪ੍ਰਧਾਨ ਬਲਦੇਵ ਰਾਜ ਬੱਗਾ, ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਸੰਜੀਵ ਕੁਮਾਰ ਅਤੇ ਸਲਿਲ ਕਪੂਰ ਵੀ ਹਾਜ਼ਰ ਰਹੇ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੋ ਲੋਕ ਖਾਲਿਸਤਾਨ ਪੱਖੀ ਹਨ, ਉਹ ਕਦੇ ਪੰਜਾਬ ਦੇ ਵਾਰਿਸ ਨਹੀਂ ਹੋ ਸਕਦੇ। ਕਿਉਂਕਿ ਗੁਰੂਆਂ ਅਤੇ ਲੱਖਾਂ ਕੁਰਬਾਨੀਆਂ ਦੀ ਧਰਤੀ ਪੰਜਾਬ ਕਦੇ ਵੀ ਦੇਸ਼ ਵਿਰੋਧੀਆਂ ਨੂੰ ਪ੍ਰਵਾਨ ਨਹੀਂ ਕਰਦਾ।
ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲੀਆ ਨਿਸ਼ਾਨ ਲਗਾਉਂਦੇ ਹੋਏ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਨੂੰ ਛੁਡਾਉਣ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵਜੋਂ ਵਰਤਿਆ ਅਤੇ ਹਜ਼ਾਰਾਂ ਹਥਿਆਰਬੰਦ ਸਾਥੀਆਂ ਸਮੇਤ ਥਾਣੇ ‘ਤੇ ਹਮਲਾ ਕਰਕੇ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਥਾਣੇ ‘ਤੇ ਕਬਜ਼ਾ ਕਰਕੇ ਉਥੇ ਭੰਨਤੋੜ ਕੀਤੀ। ਇਸ ਸਥਿਤੀ ਨੂੰ ਪੁਲਿਸ ਨੇ ਬਹੁਤ ਹੀ ਸਮਝਦਾਰੀ ਨਾਲ ਨਜਿੱਠਿਆ ਤੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦਾ ਤਸ਼ੱਦਦ ਝੱਲਿਆ ਤੇ ਆਪਣਾ ਖੂਨ ਵਗਦੀਆਂ ਵੇਖਿਆ। ਜੇਕਰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਰੋਕਣ ਲਈ ਉਸ ਸਮੇਂ ਕੋਈ ਕਾਰਵਾਈ ਕੀਤੀ ਹੁੰਦੀ ਤਾਂ ਇਸ ਦੇ ਨਤੀਜੇ ਭਿਆਨਕ ਹੋ ਸਕਦੇ ਸੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਤੂਫਾਨ ਵਿਰੁੱਧ ਦਰਜ ਕੀਤੇ ਕੇਸਾਂ ਤੋਂ ਛੁਟਕਾਰਾ ਦਿਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵਜੋਂ ਵਰਤ ਕੇ ਦੋਸ਼ੀਆਂ ਨੂੰ ਪੁਲਿਸ ਤੋਂ ਛੁਡਾਉਣ ਦਾ ਨਵਾਂ ਤਰੀਕਾ ਅਪਰਾਧੀਆਂ ਨੂੰ ਦਿਖਾਇਆ ਗਿਆ ਹੈ। ਜਿਸ ‘ਤੇ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਚੁੱਪੀ ਧਾਰੀ ਹੋਈ ਹੈ।
ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਦੀ ਗੁਹਾਰ ਲਾਉਂਦਿਆਂ ਅਤੇ ਧਰਨੇ ‘ਤੇ ਬੈਠੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਨੂੰ ਅੰਮ੍ਰਿਤਪਾਲ ਸਿੰਘ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਕਿ ਦਿਖਾਈ ਨਹੀਂ ਦਿੰਦੀ?
ਨਾਲ ਹੀ ਸ਼ਰਮਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h