ਅੱਜ ਬਰਨਾਲਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਚੱਲ ਰਹੇ ਧਰਨੇ ਵਿੱਚ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੂੰ ਸਟੇਜ ‘ਤੇ ਬੋਲਣ ਦਾ ਸਮਾਂ ਨਾ ਦੇਣ ਤੇ ਬਲਦੇਵ ਸਿੰਘ ਚੂੰਘਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਦੂਜੇ ਧਰਨਾਕਾਰੀ ਐੱਸਜੀਪੀਸੀ ਮੈਂਬਰਾਂ ਨੂੰ ਖਰੀਆਂ ਖਰੀਆਂ ਸੁਣਾਈਆਂ।
ਇਸ ਮੌਕੇ ਬਲਦੇਵ ਸਿੰਘ ਚੂੰਘਾਂ ਮੈਂਬਰ ਐਸਜੀਪੀਸੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਸੰਘਰਸ਼ ਚੱਲ ਰਿਹਾ ਹੈ ਚੰਗੀ ਗੱਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਾਵੇਂ ਕਿ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਸੀ ਪਰ ਐੱਸਜੀਪੀਸੀ ਮੈਂਬਰ ਉਹ ਮੌਜੂਦਾ ਹਨ।
ਉਨ੍ਹਾਂ ਕਿਹਾ ਕਿ ਜਦ ਪੰਦਰਾਂ ਸਾਲ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਸੀ ਤਾਂ ਉਸ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਅਕਾਲੀ ਦਲ ਨੂੰ ਚੇਤੇ ਕਿਉਂ ਨਹੀਂ ਆਈ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਸੱਤਾ ਤੋਂ ਬਾਹਰ ਹੋਣ ਬਾਅਦ ਡਰਾਮੇ ਕਰ ਰਿਹਾ ਹੈ।