ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ
ਸੀਨੀਅਰ ਵਿਭਾਗੀ ਅਧਿਕਾਰੀਆਂ ਤੋਂ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਰਿਪੋਰਟ ਲਈ
ਸਥਾਨਕ ਸਰਕਾਰਾਂ ਮੰਤਰੀ ਨੇ ਸਮੁੱਚੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਸਮੁੱਚੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਚਨਬੱਧ ਹੈ।
ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮਿਊਂਸੀਪਲ ਕੌਂਸਲ/ਨਗਰ ਪੰਚਾਇਤ ਗੜਸ਼ੰਕਰ, ਗੜ੍ਹਦੀਵਾਲਾ, ਹਰਿਆਣਾ, ਮੁਕੇਰੀਆਂ, ਦਸੂਹਾ, ਉੜਮੁੜ ਟਾਂਡਾ, ਤਲਵਾੜਾ, ਸ਼ਾਮ ਚੌਰਾਸੀ, ਮਹਿਲਪੁਰ, ਨਵਾਂਸ਼ਹਿਰ, ਬੰਗਾ, ਰਾਹੋਂ ਅਤੇ ਬਲਾਚੌਰ ਦੇ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਬੰਧਤ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੇ ਮੁੱਦਿਆਂ ਨੂੰ ਵੀ ਵਿਭਾਗੀ ਅਧਿਕਾਰੀਆਂ ਨਾਲ ਵਿਚਾਰਿਆ ਅਤੇ ਉਹਨਾਂ ਦਾ ਹੱਲ ਕੱਢਣ ਲਈ ਕਿਹਾ।
ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾਂ ਦੀ ਉਪਲਬੱਤਾ ਸਬੰਧੀ, ਟਰਾਂਚ-3 ਅਮਰੁਤ ਅਤੇ ਐਮ.ਡੀ.ਐਫ/ਪੀ.ਆਈ.ਡੀ.ਬੀ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਸਬੰਧੀ ਡੂੰਘਾਈ ਨਾਲ ਵਿਚਾਰ ਪੂਰਵਕ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਲਈ ਜੋਰ ਦਿੱਤਾ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਸਥਾਨਕ ਪੱਧਰ ‘ਤੇ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਆਉਣ ਦੀ ਸੂਰਤ ਵਿੱਚ ਸਬੰਧਤ ਹਲਕੇ ਦੇ ਵਿਧਾਇਕ ਨੂੰ ਜਾਣੂ ਕਰਵਾਇਆ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਸਮੱਸਿਆਂ ਦਾ ਹੱਲ ਜਲਦੀ ਤੋਂ ਜਲਦੀ ਕੱਢਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਵਿੱਚ ਕਿਸੇ ਕਿਸਮ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ।
ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਜਰੂਰਤ ਹੋਵੇ ਤਾਂ ਉਹ ਆਪਣੇ ਹਲਕੇ ਦੇ ਵਿਧਾਇਕ ਨਾਲ ਰਾਬਤਾ ਕਾਇਮ ਕਰਕੇ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ।

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਨੂੰ “ਰੰਗਲਾਂ ਪੰਜਾਬ” ਬਣਾਉਣ ਲਈ ਸਾਨੂੰ ਸਾਰਿਆਂ ਨੂੰ ਈਮਾਨਦਾਰੀ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਚਾਹੀਦਾ ਹੈ।
ਇਸ ਮੌਕੇ ਵਿਧਾਇਕਾਂ ਵਿੱਚ ਕਰਮਬੀਰ ਸਿੰਘ ਘੁੰਮਣ, ਜਸਵੀਰ ਸਿੰਘ ਗਿੱਲ ਰਾਜਾ, ਡਾ ਰਵਜੋਤ ਸਿੰਘ, ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਪੀ.ਐਮ. ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਵੱਖ ਵੱਖ ਮਿਊਂਸੀਪਲ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ ਰੀਵੀਓ ਮੀਟਿੰਗ ਵਿੱਚ ਸ਼ਾਮਲ ਹੋਏ।
