Punjab CM for Farmer: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੀਂਹ ਅਤੇ ਗੜੇਮਾਰੀ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ 75 ਫ਼ੀਸਦੀ ਤੋਂ ਵੱਧ ਨੁਕਸਾਨ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ ਅਤੇ ਜੇਕਰ 33 ਤੋਂ 75 ਫੀਸਦੀ ਤੱਕ ਨੁਕਸਾਨ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਲੋਕਾਂ ਦੇ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਕ-ਇਕ ਪੈਸੇ ਦੇ ਨੁਕਸਾਨ ਦਾ ਲੇਖਾ ਜੋਖਾ ਕੀਤਾ ਜਾਵੇਗਾ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਜ਼ਮੀਨ ਦਾ ਮੁਆਵਜ਼ਾ ਸਿਰਫ਼ ਕਾਸ਼ਤਕਾਰ ਕਿਸਾਨਾਂ ਨੂੰ ਹੀ ਮਿਲੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਘੋਸ਼ਣਾਵਾਂ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਿਸਾਨ ਪੱਖੀ ਇਕ ਵੱਡੀ ਪਹਿਲਕਦਮੀ ਕਰਦਿਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਫ਼ੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਕਿਸਾਨਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋੜੀਂਦੀ ਰਾਹਤ ਮਿਲੇਗੀ ਅਤੇ ਕਿਸਾਨ ਇਸ ਬੇਮੌਸਮੀ ਮੀਂਹ ਕਾਰਨ ਹੋਏ ਨੁਕਸਾਨ ਤੋਂ ਉਭਰਨ ਮਗਰੋਂ ਇਹ ਰਕਮ ਵਾਪਸ ਕਰ ਸਕਦੇ ਹਨ।
ਸੀਐਮ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਜੀਵਨ ਬਸਰ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਕਾਰਨ ਘਰ ਦੇ ਪੂਰੇ ਨੁਕਸਾਨ ਲਈ 95100 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ, ਜਦ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਕੇਂਦਰ ਸਰਕਾਰ ਵੱਲ ਬਕਾਇਆ ਪੇਂਡੂ ਵਿਕਾਸ ਫੰਡਾਂ (ਆਰ.ਡੀ.ਐਫ) ਦਾ ਬਣਦਾ ਹਿੱਸਾ ਲੈਣ ਲਈ ਸੂਬਾ ਸਰਕਾਰ ਕਾਨੂੰਨੀ ਚਾਰਾਜੋਈ ਦਾ ਰਸਤਾ ਅਖ਼ਤਿਆਰ ਕਰਨ ਲਈ ਸੰਭਾਵਨਾਵਾਂ ਤਲਾਸ਼ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਿਨ੍ਹਾਂ ਵਜ੍ਹਾ ਪੰਜਾਬ ਰਾਜ ਦਾ ਪੇਂਡੂ ਵਿਕਾਸ ਫੰਡ ਦਾ 30 ਹਜ਼ਾਰ ਕਰੋੜ ਰੁਪਏ ਰੋਕ ਕੇ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ ਸਬੰਧੀ ਸਾਰੀਆਂ ਜ਼ਰੂਰੀ ਕਾਰਵਾਈਆਂ ਮੁਕੰਮਲ ਕਰ ਦਿੱਤੀਆਂ ਗਈਆਂ ਹਨ, ਫਿਰ ਵੀ ਕੇਂਦਰ ਸਰਕਾਰ ਇਹ ਫੰਡ ਜਾਰੀ ਕਰਨ ਵਿਚ ਅੜਿੱਕਾ ਡਾਹ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h