ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ
ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਸਮੁੱਚਾ ਮੁਲਕ ਕਰਜ਼ਦਾਰ ਹੈਃ ਮੁੱਖ ਮੰਤਰੀ
ਪਹਿਲੀ ਵਾਰ ਕੋਈ ਸਰਕਾਰ ਹਥਿਆਰਬੰਦ ਬਲਾਂ ਦੇ ਜਵਾਨਾਂ ਦੀ ਸ਼ਹਾਦਤ ਨੂੰ ਸਤਿਕਾਰ ਦੇ ਰਹੀ ਹੈਃ ਕੇਜਰੀਵਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕ ਸਿੰਘ ਪਿੰਡ ਝੰਡੂਕੇ ਦਾ ਰਹਿਣ ਵਾਲਾ ਸੀ ਅਤੇ ਉਸ ਨੇ ਝਾਂਸੀ (ਉੱਤਰ ਪ੍ਰਦੇਸ਼) ਵਿਖੇ ਤਾਇਨਾਤੀ ਦੌਰਾਨ ਧਰਤੀ ਮਾਤਾ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਜਵਾਨ ਵੱਲੋਂ ਦੇਸ਼ ਲਈ ਦਿੱਤੀ ਗਈ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਖਾਤਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਧਰਤੀ ਮਾਂ ਦੇ ਇਨ੍ਹਾਂ ਪੁੱਤਰਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ, ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ।
ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੈਨਿਕਾਂ ਦੀ ਮਹਾਨ ਕੁਰਬਾਨੀ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਅਗਨੀਵੀਰ ਯੋਜਨਾ ਦੇ ਉਲਟ ਹੈ, ਜਿੱਥੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਪੈਸੇ ਦੀ ਵੀ ਆਰਥਿਕ ਸਹਾਇਤਾ ਜਾਂ ਸਨਮਾਨ ਨਾ ਦੇ ਕੇ ਸ਼ਰਮਸਾਰ ਕੀਤਾ ਜਾਂਦਾ ਹੈ।