Bhagwant Mann’s appeal to Farmers: ਪੰਜਾਬ ਲਈ ਫ਼ਸਲੀ ਵਿਭਿੰਨਤਾ ਨੂੰ ਅਹਿਮ ਲੋੜ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਕਪਾਹ, ਬਾਸਮਤੀ ਤੇ ਮੂੰਗੀ ਵਰਗੀਆਂ ਬਦਲਵੀਆਂ ਫ਼ਸਲਾਂ ਅਪਣਾ ਕੇ ਖੇਤੀਬਾੜੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ ਦਿੱਤਾ।
ਸੂਬੇ ਦੇ ਕਿਸਾਨਾਂ ਨੂੰ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਰਖ਼ੇਜ਼ ਜ਼ਮੀਨ ‘ਤੇ ਕਈ ਫ਼ਸਲਾਂ ਉਗਾਈਆਂ ਜਾਂਦੀਆਂ ਸਨ ਪਰ ਹੌਲੀ-ਹੌਲੀ ਕਿਸਾਨ ਝੋਨੇ ਤੱਕ ਮਹਿਦੂਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਸੂਬੇ ਦੀ ਆਰਥਿਕਤਾ ‘ਤੇ ਮਾੜਾ ਪ੍ਰਭਾਵ ਪੈਂਦਾ ਹੈ ਕਿਉਂਕਿ ਇਸ ਲਈ ਬਿਜਲੀ ਤੇ ਪਾਣੀ ਦੀ ਬੇਹੱਦ ਵੱਧ ਵਰਤੋਂ ਕਰਨੀ ਪੈਂਦੀ ਹੈ, ਜਿਸ ਨਾਲ ਪੰਜਾਬ ਦੇ ਕਈ ਇਲਾਕੇ ਡਾਰਕ ਜ਼ੋਨ ਵਿੱਚ ਆ ਚੁੱਕੇ ਹਨ। ਇਸ ਦੇ ਨਾਲ-ਨਾਲ ਪਰਾਲੀ ਫੂਕਣ ਤੇ ਹੋਰ ਸਮੱਸਿਆਵਾਂ ਵੀ ਪੈਦਾ ਹੁੰਦੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਇਸ ਖ਼ਤਰੇ ਨਾਲ ਨਜਿੱਠਣ ਲਈ ਬਦਲਵੀਆਂ ਫ਼ਸਲਾਂ ਅਪਨਾਉਣ ਦੀ ਲੋੜ ਹੈ, ਜਿਸ ਲਈ ਸੂਬੇ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਇਕ ਕਮੇਟੀ ਬਣਾਈ ਗਈ ਹੈ, ਜਿਹੜੀ ਬਦਲਵੀਆਂ ਫ਼ਸਲਾਂ ਬਾਰੇ ਸੁਝਾਅ ਦੇਵੇਗੀ।
ਲਗਾਤਾਰ ਝੋਨੇ ਦੀ ਬਿਜਾਈ ਕਾਰਨ ਪੰਜਾਬ ਦੇ ਕਈ ਇਲਾਕੇ Dark Zone ‘ਚ ਜਾ ਚੁੱਕੇ ਨੇ
ਚੀਫ਼ ਸੈਕਟਰੀ ਦੀ ਅਗਵਾਈ ‘ਚ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਪੂਰੇ ਪੰਜਾਬ ਦਾ ਦੌਰਾ ਕਰੇਗੀ
—CM @BhagwantMann pic.twitter.com/2M22BDWq2M
— AAP Punjab (@AAPPunjab) March 30, 2023
ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਪਹਿਲੀ ਅਪ੍ਰੈਲ ਤੋਂ ਕਪਾਹ ਦੀ ਫ਼ਸਲ ਲਈ ਨਹਿਰੀ ਪਾਣੀ ਮੁਹੱਈਆ ਕਰਨ ਦੀ ਗਰੰਟੀ ਦੇਣ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਤੋਂ ਪ੍ਰਵਾਨਤ ਕਪਾਹ ਬੀਜਾਂ ‘ਤੇ 33 ਫੀਸਦੀ ਸਬਸਿਡੀ ਦੇਵੇਗੀ। ਇਸ ਦੇ ਨਾਲ-ਨਾਲ ਕਪਾਹ ਦੀ ਫ਼ਸਲ ‘ਤੇ ਬੀਮਾ ਅਤੇ ਬਾਸਮਤੀ ਉਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਿੱਤੀ ਜਾਵੇਗੀ। ਝੋਨੇ ਕਾਰਨ ਦਰਪੇਸ਼ ਕਈ ਸਮੱਸਿਆਵਾਂ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ਕਪਾਹ ਤੇ ਨਰਮੇ ਦੀ ਖੇਤੀ ਹੇਠ ਰਕਬਾ ਵਧਾ ਕੇ ਇਸ ਸਮੱਸਿਆ ਦੀ ਜੜ੍ਹ ਨੂੰ ਖ਼ਤਮ ਕੀਤਾ ਜਾ ਸਕਦਾ ਹੈ, ਜਿਸ ਲਈ ਸਰਕਾਰ ਨੇ ਨਰਮੇ ਲਈ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਮੁਹੱਈਆ ਕਰਨ ਦਾ ਫੈਸਲਾ ਕੀਤਾ ਹੈ।
ਅਸੀਂ ਕਪਾਹ ਦੀ ਫ਼ਸਲ ਦੇ ਰਕਬੇ ਨੂੰ ਪੰਜਾਬ ‘ਚ ਵਧਾਉਣਾ ਚਾਹੁੰਦੇ ਹਾਂ, ਜਿਸ ਲਈ ਅਸੀਂ ਕਿਸਾਨ ਮਿਲਣੀ ਕੀਤੀ ਤੇ ਕਿਸਾਨਾਂ ਦੇ ਸੁਝਾਅ ਲਏ
ਮੈਂ ਸਾਰੇ ਅਫ਼ਸਰਾਂ ਨੂੰ ਪਾਣੀ ਦੀ ਚੋਰੀ ਰੋਕਣ ਲਈ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ
1 ਅਪ੍ਰੈਲ ਨੂੰ ਨਰਮਾ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਜਾਵੇਗਾ
—CM @BhagwantMann pic.twitter.com/zPS8wpCtzf
— AAP Punjab (@AAPPunjab) March 30, 2023
ਸੀਐਮ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਤੇ ਸੀਨੀਅਰ ਕਪਤਾਨ ਪੁਲਿਸ ਨੂੰ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪੁਲਿਸ ਬਲ ਤਾਇਨਾਤ ਕਰਨ ਦਾ ਆਦੇਸ਼ ਦਿੱਤਾ ਗਿਆ ਹੈ ਤਾਂ ਕਿ ਟੇਲਾਂ ਉਤੇ ਪੈਂਦੇ ਕਿਸਾਨਾਂ ਨੂੰ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਤਰ੍ਹਾਂ ਦੀ ਪਹਿਲੀ ‘ਕਿਸਾਨ-ਸਰਕਾਰ ਮਿਲਣੀ’ ਦੌਰਾਨ ਪ੍ਰਭਾਵਸ਼ਾਲੀ ਕਿਸਾਨਾਂ ਵੱਲੋਂ ਪਾਣੀ ਚੋਰੀ ਕਰਨ ਦਾ ਮੁੱਦਾ ਉੱਠਿਆ ਸੀ, ਜਿਸ ਲਈ ਸੂਬਾ ਸਰਕਾਰ ਨੇ ਇਸ ਨਾਲ ਸਖ਼ਤੀ ਨਾਲ ਸਿੱਝਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਚੰਗੀ ਗੁਣਵਤਾ ਵਾਲਾ ਨਰਮਾ ਪੈਦਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਨਕਲੀ ਬੀਜਾਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ।
ਫ਼ਸਲੀ ਵਿਭਿੰਨਤਾ ਲਈ ਚੁੱਕੇ ਹੋਰ ਕਦਮਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਰਟੀਫਾਈਡ ਕਪਾਹ ਬੀਜਾਂ ‘ਤੇ 33 ਫੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਤਾਂ ਕਿ ਚੰਗੀ ਪੈਦਾਵਾਰ ਵਾਲੇ ਬੀਜ ਕਿਸਾਨਾਂ ਲਈ ਘੱਟ ਕੀਮਤਾਂ ਉਤੇ ਉਪਲਬਧ ਹੋਣ। ਉਨ੍ਹਾਂ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਟਾਕਰਾ ਕਰਨ ਲਈ ਵੀ ਇਹਤਿਆਤੀ ਕਦਮ ਚੁੱਕੇ ਜਾ ਰਹੇ ਹਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਇਨ੍ਹਾਂ ਸਮੱਸਿਆਵਾਂ ਦੇ ਖ਼ਾਤਮੇ ਲਈ ਨਵੇਂ ਕੀਟਨਾਸ਼ਕਾਂ ਦੀ ਵਿਆਪਕ ਖੋਜ ਦਾ ਫ਼ੈਸਲਾ ਕੀਤਾ ਗਿਆ ਹੈ।
ਬਾਸਮਤੀ ਬੀਜਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਘਾਟਾ ਨਹੀਂ ਪੈਣ ਦਿੱਤਾ ਜਾਵੇਗਾ, ਸਰਕਾਰ ਵੱਲੋਂ ਬਾਸਮਤੀ ਦੀ ਖ਼ਰੀਦ ਕੀਤੀ ਜਾਵੇਗੀ
ਬਾਸਮਤੀ ਬਾਰੇ ਜਾਣਕਾਰੀ ਲਈ ਰਿਸਰਚ ਸੈਂਟਰ ਖੁੱਲ੍ਹੇ ਗਏ ਨੇ
ਪੂਸਾ-44 ਦੀ ਥਾਂ ਕਿਸਾਨਾਂ ਨੂੰ ਨਵੇਂ ਬੀਜ ਦਿੱਤੇ ਜਾਣਗੇ ਤਾਂ ਜੋ ਪਾਣੀ ਤੇ ਬਿਜਲੀ ਦੀ ਬੱਚਤ ਹੋ ਸਕੇ
—CM @BhagwantMann pic.twitter.com/FoDKglTzhq
— AAP Punjab (@AAPPunjab) March 30, 2023
ਸਾਰੀਆਂ ਕੁਦਰਤੀ ਆਫ਼ਤਾਂ ਤੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਕਪਾਹ ਦੀ ਫ਼ਸਲ ਦੇ ਨੁਕਸਾਨ ਦੀ ਪੂਰਤੀ ਲਈ ਸੂਬਾ ਸਰਕਾਰ ਬੀਮਾ ਸਕੀਮ ਉਤੇ ਵਿਚਾਰ ਕਰ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਬਾਸਮਤੀ ਨੂੰ ਵੀ ਫ਼ਸਲੀ ਵਿਭਿੰਨਤਾ ਲਈ ਬਦਲਵੀਂ ਫ਼ਸਲ ਵਜੋਂ ਉਤਸ਼ਾਹਤ ਕੀਤਾ ਜਾਵੇਗਾ ਅਤੇ ਉਨ੍ਹਾਂ ਬਾਸਮਤੀ ‘ਤੇ ਐਮਐਸਪੀ ਦੇਣ ਦਾ ਵੀ ਭਰੋਸਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਐਮਐਸਪੀ ‘ਤੇ ਬਾਸਮਤੀ ਦੀ ਖ਼ਰੀਦ ਲਈ ਮਾਰਕਫੈੱਡ ਨੋਡਲ ਏਜੰਸੀ ਹੋਵੇਗੀ ਅਤੇ ਕਿਸਾਨਾਂ ਦੇ ਹਿੱਤਾਂ ਦੀ ਹਰ ਕੀਮਤ ‘ਤੇ ਰੱਖਿਆ ਕੀਤੀ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਬਾਸਮਤੀ ‘ਤੇ ਕੀਟਨਾਸ਼ਕਾਂ ਦੇ ਛਿੜਕਾਅ ਦੀ ਮਿਕਦਾਰ ਤੈਅ ਕਰਨ ਵਾਸਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲੈਬਾਰਟਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਕਿ ਬਾਸਮਤੀ ਦੀ ਫ਼ਸਲ ਕੀਟਨਾਸ਼ਕ ਰਹਿੰਦ-ਖੂੰਹਦ ਸਬੰਧੀ ਯੂਰਪੀ ਮੁਲਕਾਂ ਦੇ ਬਰਾਮਦ ਮਾਪਦੰਡਾਂ ‘ਤੇ ਪੂਰੀ ਉਤਰੇ। ਉਨ੍ਹਾਂ ਝੋਨੇ ਦੀ ਪੀਆਰ 126 ਤੇ ਅਜਿਹੀਆਂ ਹੋਰ ਕਿਸਮਾਂ ਦੀ ਕਾਸ਼ਤ ਦੀ ਸਿਫ਼ਾਰਸ਼ ਕਰਦਿਆਂ ਆਖਿਆ ਕਿ ਪੀਏਯੂ ਦੀਆਂ ਪ੍ਰਵਾਨਤ ਕਿਸਮਤਾਂ ਨੂੰ ਉਤਸ਼ਾਹਤ ਕਰਨ ਅਤੇ ਪੂਸਾ 44 ਵਰਗੀਆਂ ਪੱਕਣ ਲਈ ਵੱਧ ਸਮਾਂ ਤੇ ਜ਼ਿਆਦਾ ਪਾਣੀ ਲੈਣ ਵਾਲੀਆਂ ਕਿਸਮਾਂ ਦੀ ਖੇਤੀ ਤੋਂ ਕਿਸਾਨਾਂ ਨੂੰ ਰੋਕਣ ਲਈ ਕੋਸ਼ਿਸ਼ਾਂ ਹੋ ਰਹੀਆਂ ਹਨ।
ਮੂੰਗੀ ਦੀ ਫ਼ਸਲ ‘ਤੇ ਪੰਜਾਬ ਸਰਕਾਰ ਵੱਲੋਂ MSP ਦਿੱਤੀ ਜਾਵੇਗੀ
ਮਾਨਸਾ,ਮੁਕਤਸਰ ਸਾਹਿਬ,ਫਾਜ਼ਲਿਕਾ ਤੇ ਬਠਿੰਡਾ ਜ਼ਿਲ੍ਹਿਆਂ ‘ਚ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਨਾ ਬੀਜਣ ਦੀ ਸਲਾਹ ਦੇਵਾਂਗੇ
2500 ਖੇਤੀ ਮਿੱਤਰ ਤੇ 100 PAU ਦੇ ਮਾਹਰਾਂ ਨੂੰ ਅਸੀਂ ਇਸ ਪ੍ਰੋਜੈਕਟ ਲਈ ਨਿਯੁਕਤ ਕੀਤਾ ਹੈ
—CM @BhagwantMann pic.twitter.com/KqM7M5Hevp
— AAP Punjab (@AAPPunjab) March 30, 2023
ਉਨ੍ਹਾਂ ਨੇ ਇਹ ਵੀ ਕਿਹਾ ਕਿ ਮੂੰਗੀ ਉਤੇ ਐਮਐਸਪੀ ਜਾਰੀ ਰਹੇਗੀ ਪਰ ਹਾਲੀਆ ਖੋਜਾਂ ਵਿੱਚ ਪਤਾ ਚੱਲਿਆ ਹੈ ਕਿ ਮੂੰਗੀ ਦੀ ਫ਼ਸਲ ‘ਤੇ ਪੈਦਾ ਹੁੰਦੀ ਚਿੱਟੀ ਮੱਖੀ ਨਰਮੇ ਉਤੇ ਤਬਦੀਲ ਹੋ ਜਾਂਦੀ ਹੈ, ਜਿਸ ਕਾਰਨ ਮਾਨਸਾ, ਬਠਿੰਡਾ, ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੂੰਗੀ ਦੀ ਕਾਸ਼ਤ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਖ਼ਤਰਿਆਂ ਤੋਂ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ 2500 ਕਿਸਾਨ ਮਿੱਤਰ ਅਤੇ ਪੀਏਯੂ ਦੇ 100 ਖੇਤੀਬਾੜੀ ਮਾਹਿਰ ਨਿਯੁਕਤ ਕੀਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h