ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਨਾਕਾਮ ਰਹਿਣ ’ਤੇ ਭਗਵੰਤ ਮਾਨ ਸਰਕਾਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਪਾਰਟੀ ਨੇ ਆਪ ਸਰਕਾਰ ’ਤੇ ਭ੍ਰਿਸ਼ਟਾਚਾਰ ਵਿਚ ਗਲਤਾਨਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸ਼ਰਾਬ ਤੇ ਰੇਤ ਨੀਤੀ ਬਣਾਉਣ ਵਿਚ ਸੈਂਕੜੇ ਕਰੋੜ ਰੁਪਏ ਦਾ ਘੁਟਾਲਾ ਹੋਇਆ ਤੇ ਪਾਰਟੀ ਨੇ ਸਰਕਾਰ ’ਤੇ ਮੀਡੀਆ ਦੀ ਆਵਾਜ਼ ਦਬਾਉਣ ਦੇ ਦੋਸ਼ ਵੀ ਲਗਾਏ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਫਦ ਨੇ ਰਾਜਪਾਲ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿਚ ਮੰਗ ਕੀਤੀ ਗਈ ਕਿ ਰੋਜ਼ਾਨਾ ਅਜੀਤ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰਸਿੰਘ ਹਮਦਰਦ ਨੂੰ ਮਿਲੀਆਂ ਧਮਕੀਆਂ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਦੱਸਿਆ ਕਿ ਕਿਵੇਂ ਸਰਕਾਰ ਅਜੀਤ ਨੂੰ ਇਸ਼ਤਿਹਾਰ ਦੇਣ ਤੋਂ ਨਾਂਹ ਕਰ ਕੇ ਅਤੇ ਇਸਦੇ ਪੱਤਰਕਾਰਾਂ ’ਤੇ ਵਿਧਾਨਸਭਾ ਦੀ ਕਾਰਵਾਈ ਦੀ ਕਵਰੇਜ ’ਤੇ ਰੋਕ ਲਗਾ ਕੇ ਮੀਡੀਆ ਦੀ ਆਵਾਜ਼ ਕੁਚਲਣ ਦਾ ਯਤਨ ਕਰ ਰਹੀ ਹੈ।
ਬਾਦਲ ਨੇ ਕਿਹਾ ਕਿ ਅਜੀਤ ਅਖਬਾਰ ਨੂੰ ਪੰਜਾਬ ਦੀ ਆਵਾਜ਼ ਮੰਨਿਆ ਜਾਂਦਾ ਹੈ ਤੇ ਡਾ. ਹਮਦਰਦ ਵੱਲੋਂ ਲਗਾਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਮੀਡੀਆ ’ਤੇ ਹਮਲਾ ਬੋਲਿਆ ‘ਤੇ ਪੀਟੀਸੀ ਦੇ ਐਮ ਡੀ ਰਬਿੰਦਰ ਨਰਾਇਣ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਇੱਕ ਵੈਬ ਚੈਨਲ ਦੇ ਸੰਪਾਦਕ ਖਿਲਾਫ ਕੇਸ ਦਰਜ ਕੀਤਾ ਗਿਆ।
ਅਕਾਲੀ ਦਲ ਦੇ ਵਫਦ ਨੇ ਵਿਧਾਨ ਸਭਾ ਵਿਚ ਮੁੱਖ ਮੰਤਰੀ ਦੀ ਬਦਸਲੂਕੀ ਤੋਂ ਵੀ ਰਾਜਪਾਲ ਨੂੰ ਜਾਣੂ ਕਰਵਾਇਆ ਅਤੇ ਕਿਹਾ ਕਿ ਭਗਵੰਤ ਮਾਨ ਇਸ ਅਹੁਦੇ ਦੇ ਕਾਬਲ ਨਹੀਂ ਹਨ। ਪਾਰਟੀ ਨੇ ਮੁੱਖ ਮੰਤਰੀ ਦੇ ਉਸ ਬਿਆਨ ’ਤੇ ਵੀ ਹੈਰਾਨੀ ਪ੍ਰਗਟ ਕੀਤੀ ਕਿ ਉਹਨਾਂ ਕੋਲ ਪਿਛਲੇ ਕਾਂਗਰਸ ਦੇ ਮੰਤਰੀਆਂ ਦੀਆਂ ਭ੍ਰਿਸ਼ਟ ਗਤੀਵਿਧੀਆਂ ਬਾਰੇ ਪੂਰਾ ਡੋਜ਼ੀਅਰ ਮੌਜੂਦ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਇਕ ਸੱਚਾਈਹੈ ਕਿ ਪਿਛਲੀ ਕਾਂਗਰਸ ਸਰਕਾਰ ਨਾ ਸਿਰਫ ਸਭ ਤੋਂ ਭ੍ਰਿਸ਼ਟਸੀ ਬਲਕਿ ਇਸ ਗੱਲ ’ਤੇ ਹੈਰਾਨੀ ਹੈ ਕਿ ਆਪਣੇ ਕੋਲ ਉਨ੍ਹਾਂ ਦੀਆਂ ਭ੍ਰਿਸ਼ਟ ਗਤੀਵਿਧੀਆਂ ਦੇ ਸਬੂਤ ਹੋਣ ਦੇ ਬਾਵਜੂਦ ਉਹ ਸਾਬਕਾ ਕਾਂਗਰਸੀ ਮੰਤਰੀਆਂ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੇ।
Submitted memorandum to Pb Governor Sh Banwari Lal Purohit ji seeking dismissal of @BhagwantMann govt for its failure to maintain law & order & demanded action in case related to threats made to @dailyajitnews's ChiefEditor S Barjinder Singh Hamdard to suppress voice of media.1/3 pic.twitter.com/TVsEnRRuWy
— Sukhbir Singh Badal (@officeofssbadal) March 7, 2023
ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਡੋਜ਼ੀਅਰ ਦੀ ਵਰਤੋਂ ਕਾਂਗਰਸ ਆਗੂਆਂ ਨੂੰ ਆਪਣੀ ਅਧੀਨਗੀ ਸਵੀਕਾਰਨ ਵਾਸਤੇ ਮਜਬੂਰ ਕਰਨ ਵਾਸਤੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਪੰਜਾਬ ਵਿਧਾਨ ਸਭਾ ਵਿਚ ਵੀ ਵੇਖਣ ਨੂੰ ਮਿਲੀਸੀ ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਮੁੱਖ ਮੰਤਰੀ ਦੇ ਖਿਲਾਫ ਨਾਅਰੇਬਾਜ਼ੀ ਕਰਨ ਤੋਂ ਇਨਕਾਰ ਕਰ ਦਿੱਤਾਸੀ ਤੇ ਆਪ ਸਰਕਾਰ ਦੇ ਖਿਲਾਫ ਆਪਣੀ ਹੀ ਪਾਰਟੀ ਦੇ ਆਗੂਆਂ ਨਾਲ ਖੜ੍ਹੇ ਹੋਣ ਤੋਂ ਵੀ ਇਨਕਾਰ ਕਰ ਦਿੱਤਾ ਸੀ।
ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸੀ ਬੀ ਆਈ ਜਾਂਚ ਦੀ ਮੰਗ ਵੀ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੂਸੇਵਾਲਾ ਦੇ ਕਤਲ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਪੋਸਟਾਂ ਪਾ ਕੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੀਆਂ ਸ਼ੇਖੀਆਂ ਨਾ ਮਾਰੀਆਂ ਹੁੰਦੀਆਂ ਤਾਂ ਸ਼ਾਇਦ ਅੱਜ ਗਾਇਕ ਸਾਡੇ ਵਿਚ ਜਿਉਂਦਾ ਹੁੰਦਾ। ਉਨ੍ਹਾਂ ਕਿਹਾ ਕਿ ਇਸ ਲਈ ਕੇਸ ਦੀ ਸੱਚਾਈ ਬਾਹਰ ਲਿਆਉਣ ਵਾਸਤੇ ਸੀਬੀਆਈ ਜਾਂਚ ਬਹੁਤ ਜ਼ਰੂਰੀ ਹੈ।
ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਨੂੰਨ ਵਿਵਸਥਾ ਸਭ ਤੋਂ ਅਹਿਮ ਹੈ। ਬਾਦਲ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਗੈਂਗਸਟਰ ਤੇ ਫਿਰੌਤੀਆਂ ਆਮ ਗੱਲ ਹੋ ਗਈ ਹੈ ਤੇ ਸਿਰਫ ਪ੍ਰਭਾਵਤ ਵਪਾਰੀ ਹੀ ਨਹੀਂ ਬਲਕਿ ਆਮ ਲੋਕ ਵੀ ਸੂਬੇ ਵਿਚੋਂ ਜਾ ਰਹੇ ਹਨ। ਇਥੇ ਕੋਈ ਵੀ ਸੁਰੱਖਿਅਤ ਨਹੀਂ ਹੈ। ਪੁਲਿਸ ਥਾਣਿਆਂ ’ਤੇ ਵੀ ਹਮਲੇ ਹੋ ਰਹੇ ਹਨ ਜਿਵੇਂ ਅਜਨਾਲਾ ਪੁਲਿਸ ਥਾਣੇ ’ਤੇ ਹੋਇਆ ਪਰ ਅੱਜ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹਨਾਂ ਮਾੜੇ ਹਾਲਾਤਾਂ ਦਾ ਆਪ ਸਰਕਾਰ ਵੱਲੋਂ ਆਯੋਜਿਤ ਨਿਵੇਸ਼ ਸੰਮੇਲਨ ’ਤੇ ਵੀ ਸਿੱਧਾਂ ਅਸਰ ਪਿਆ ਤੇ ਸੰਮੇਲਨ ਫਲਾਪ ਹੋ ਗਿਆ। ਉਹਨਾਂ ਕਿਹਾ ਕਿ ਬੇਰੋਜ਼ਗਾਰੀ ਨਿਰੰਤਰ ਵੱਧ ਰਹੀ ਹੈ ਤੇ ਸਮਾਜਿਕ ਬੇਚੈਨੀ ਵੀ ਵੱਧ ਰਹੀ ਹੈ।
ਅਕਾਲੀ ਦਲ ਦੇ ਵਫਦ ਨੇ ਇਹ ਵੀ ਅਪੀਲ ਕੀਤੀ ਕਿ ਦਿੱਲੀ ਆਬਕਾਰੀ ਘੁਟਾਲੇ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਦਾ ਦਾਇਰਾ ਪੰਜਾਬ ਤੱਕ ਵਧਾਇਆ ਜਾਵੇ। ਪਾਰਟੀ ਨੇ ਕਿਹਾ ਕਿ ਦਿੱਲੀ ਵਾਂਗ ਹੀ ਇਸਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹੀ ਪੰਜਾਬ ਦੀ ਆਬਕਾਰੀ ਨੀਤੀ ਘੜਨ ਵਿਚ ਅਹਿਮ ਰੋਲ ਨਿਭਾਇਆ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿਸਿਸੋਦੀਆ ਨੇ ਹੀ ਆਬਕਾਰੀ ਨੀਤੀ ਤੈਅ ਕਰਨ ਵਾਸਤੇ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਤੇ ਇਸ ਨੀਤੀ ਤਹਿਤ ਕੁਝ ਚੋਣਵੇਂ ਲੋਕਾਂ ਦਾ ਵਪਾਰ ’ਤੇ ਕਬਜ਼ਾ ਕਰਵਾ ਦਿੱਤਾ ਗਿਆ ਜਿਹਨਾਂ ਨੇ ਬਦਲੇ ਵਿਚ ਆਪ ਵਾਸਤੇ ਫੰਡ ਦਿੱਤੇ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਬਲੈਕਲਿਸਟ ਕੀਤੇ ਮਾਇਨਿੰਗ ਠੇਕੇਦਾਰ ਰਾਕੇਸ਼ ਚੌਧਰੀ ਜਿਹਨਾਂ ਖਿਲਾਫ ਕਈ ਕੇਸ ਦਰਜ ਹਨ, ਨੂੰ ਰੇਤ ਮਾਇਨਿੰਗ ਦਾ ਠੇਕਾ ਮੁੜ ਅਲਾਟ ਕੀਤਾ ਗਿਆ ਜਿਸ ਤੋਂ ਭ੍ਰਿਸ਼ਟਾਚਾਰ ਦੀ ਬੂ ਆ ਰਹੀਹੈ। ਉਹਨਾਂ ਮੰਗ ਕੀਤੀ ਕਿ ਇਹਨਾਂ 800 ਤੋਂ 900 ਕਰੋੜ ਰੁਪਏ ਦੇ ਘੁਟਾਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਸ ਤਰੀਕੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਉਹਨਾਂ ਦਾ ਨਾਂ ਸ਼ਾਮਲ ਕੀਤਾ ਗਿਆ ਹੈ, ਉਸ ਤੋਂ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਮੁੱਖ ਮੰਤਰੀ ਤੇ ਉਨ੍ਹਾਂ ਦੇ ਮੰਤਰੀ ਆਪਹੀ ਜੱਜ ਤੇ ਆਪ ਹੀ ਵਕੀਲ ਬਣੇ ਬੈਠੇ ਹਨ। ਉਨ੍ਹਾਂ ਕਿਹਾ ਕਿ ਮੰਤਰੀ ਤਰੀਕਾਂ ਦਾ ਐਲਾਨ ਕਰ ਰਹੇ ਹਨ ਕਿ ਚਲਾਨ ਕਦੋਂ ਪੇਸ਼ ਕੀਤੇ ਜਾਣਗੇ ਤੇ ਇਹਨਾਂ ਵਿਚ ਕਿੰਨਾ ਨੂੰ ਦੋਸ਼ੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਭ ਤੋਂ ਸਪਸ਼ਟ ਹੈ ਕਿ ਇਹ ਸਿਰਫ ਸਿਆਸੀ ਬਦਲਾਖੋਰੀਹੈ ਤੇ ਨਾਲ ਹੀ ਕਿਹਾ ਕਿ ਸਾਨੂੰ ਨਿਆਂਪਾਲਿਕਾ ਵਿਚ ਪੂਰਨ ਵਿਸ਼ਵਾਸ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਸਿਕੰਦਰ ਸਿੰਘ ਮਲੂਕਾ, ਸਰਦਾਰ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਤੋਂ ਇਲਾਵਾ ਬਸਪਾ ਦੇ ਵਿਧਾਇਕਾ ਨਛੱਤਰਪਾਲ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h