SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਅੰਗਰੇਜ਼ੀ ਦੇ ਇੱਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ‘ਚ ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ ਬੋਰਡ’ ਦੇ ਮੰਚ ’ਤੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਮੌਕਾ ਦੇਣ ਦੀ ਗੱਲ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਘੱਲੂਘਾਰਾ ਹਫ਼ਤੇ ਦੌਰਾਨ ਸਿੱਖ ਕੌਮ ਭਾਵੁਕ ਪਲਾਂ ਚੋਂ ਲੰਘ ਰਹੀ ਹੈ, ਜਦਕਿ ਦੂਜੇ ਪਾਸੇ ਬੀਬੀ ਜਗੀਰ ਕੌਰ ਸਿੱਖ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਜਮਾਤ ਦਾ ਸ਼੍ਰੋਮਣੀ ਕਮੇਟੀ ਚੋਣਾਂ ਲਈ ਸਵਾਗਤ ਕਰ ਰਹੀ ਹੈ।
ਧਾਮੀ ਨੇ ਅੱਗੇ ਕਿਹਾ ਕਿ ਇਹ ਸਿੱਖ ਵਿਰੋਧੀ ਵਿਚਾਰਧਾਰਾ ਨੂੰ ਪ੍ਰਫੁੱਲਤ ਕਰਨ ਦੀ ਕੋਝੀ ਹਰਕਤ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਬੀ ਜਗੀਰ ਕੌਰ ਆਪਣੇ ਸਿਆਸੀ ਹਿੱਤਾਂ ਲਈ ਕੌਮੀ ਹਿੱਤ ਭੁੱਲ ਰਹੇ ਹਨ। ਜੇਕਰ ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਦੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਬੀਬੀ ਜਗੀਰ ਕੌਰ ਮੰਚ ਦੇਣਾ ਚਾਹੁੰਦੇ ਹਨ ਤਾਂ ਇਸ ਦਾ ਸਿੱਧਾ ਅਰਥ ਇਹ ਹੈ ਕਿ ਉਹ ਸਿੱਖ ਨਸਲਕੁਸ਼ੀ ਨੂੰ ਮਾਨਤਾ ਦੇ ਰਹੇ ਹਨ।
ਬੀਬੀ ਜਗੀਰ ਕੌਰ ਨੇ ਵਿਵਾਦਤ ਬਿਆਨ ਨਾਲ ਜੂਨ ’84 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। @bibijagirkaur ਨੇ ‘ਸ਼੍ਰੋਮਣੀ ਅਕਾਲੀ ਪੰਥ ਬੋਰਡ’ ਦੇ ਮੰਚ ’ਤੇ ਕਾਂਗਰਸ, ਭਾਜਪਾ ਤੇ ਆਪ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਮੌਕਾ ਦੇਣ ਦੀ ਗੱਲ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। pic.twitter.com/uZ2CmxoaLj
— Harjinder Singh Dhami (@SGPCPresident) June 6, 2023
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ-ਸੰਭਾਲ ਹਮੇਸ਼ਾ ਹੀ ਪੰਥ ਹਤੈਸ਼ੀ ਲੋਕਾਂ ਦੇ ਹੱਥਾਂ ਵਿਚ ਰਹੀ ਹੈ ਅਤੇ ਭਵਿੱਖ ਵਿਚ ਵੀ ਪੰਥਕ ਸੋਚ ਵਾਲੇ ਲੋਕ ਹੀ ਸੰਗਤਾਂ ਵੱਲੋਂ ਚੁਣੇ ਜਾਣਗੇ। ਕੇਵਲ ਗੁਰਦੁਆਰਾ ਸਾਹਿਬਾਨ ’ਤੇ ਕਾਬਜ਼ ਹੋਣ ਦੀ ਨੀਅਤ ਨਾਲ ਚੋਣਾਂ ਲੜਨ ਵਾਲੇ ਲੋਕਾਂ ਨੂੰ ਸੰਗਤਾਂ ਮੂੰਹ ਨਹੀਂ ਲਗਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ, ਪਰ ਅਜਿਹਾ ਕਰਨ ਵਾਲਿਆਂ ਨੂੰ ਕਦੇ ਸਫਲਤਾ ਨਹੀਂ ਮਿਲੀ।
ਕੌਮ ਵੱਲੋਂ ਘੱਲੂਘਾਰੇ ਦੀ ਯਾਦ ਮਨਾਉਣ ਮੌਕੇ ਬੀਬੀ ਜਗੀਰ ਕੌਰ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ- ਐਡਵੋਕੇਟ ਹਰਜਿੰਦਰ ਸਿੰਘ ਧਾਮੀ pic.twitter.com/gm9Tm1eXhm
— Harjinder Singh Dhami (@SGPCPresident) June 6, 2023
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਤਤਕਾਲੀ ਮੁੱਖ ਮੰਤਰੀ ਸ. ਪ੍ਰਤਾਪ ਸਿੰਘ ਕੈਰੋਂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਸਮਿਆਂ ਦੌਰਾਨ ਗੁਰੂ ਘਰਾਂ ’ਤੇ ਕਬਜ਼ੇ ਦਾ ਕੋਝਾ ਯਤਨ ਕੀਤਾ ਪਰ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਹੁਣ ਬੀਬੀ ਜਗੀਰ ਕੌਰ ਇਸੇ ਰਸਤੇ ’ਤੇ ਚੱਲ ਕੇ ਗੁਰੂ ਘਰਾਂ ਦਾ ਪ੍ਰਬੰਧ ਹਥਿਆਉਣਾ ਚਾਹੁੰਦੇ ਹਨ। ਉਨ੍ਹਾਂ ਦੇ ਬਿਆਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਲਈ ਪੰਥ ਵਿਰੋਧੀਆਂ ਦਾ ਸਹਾਰਾ ਲੈਣ ਤੋਂ ਗੁਰੇਜ ਨਹੀਂ ਕਰਨਗੇ। ਕੀ ਇਹ ਪੰਥਕ ਸੇਵਾ ਵੱਲ ਵੱਧਦਾ ਕਦਮ ਹੈ ਜਾਂ ਸਿੱਖ ਸੰਸਥਾਵਾਂ ਨੂੰ ਪੰਥ ਵਿਰੋਧੀਆਂ ਦੇ ਹੱਥਾਂ ਵਿਚ ਦੇਣ ਦੀ ਪਰਕਿਰਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੇ ਬਿਆਨ ਨੇ ਉਸ ਦੀ ਹਕੀਕਤ ਸੰਗਤ ਸਾਹਮਣੇ ਰੱਖ ਦਿੱਤੀ ਹੈ ਅਤੇ ਹੁਣ ਉਸ ਦੀ ਅਖੌਤੀ ਪੰਥਕ ਵਿਚਾਰਧਾਰਾ ਬਾਰੇ ਕੋਈ ਭੁਲੇਖਾ ਨਹੀਂ ਰਹਿ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h