ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ।6 ਮਹੀਨਿਆਂ ਬਾਅਦ ਅੱਜ ਜੇਲ੍ਹ ਤੋਂ ਬਾਹਰ ਆਉਣਗੇ ਬਿਕਰਮ ਮਜੀਠੀਆ।
ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਸ ਵਿੱਚ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਇਸ ਬਾਰੇ ਵਿਸਥਾਰਤ ਆਦੇਸ਼ ਦੀ ਉਡੀਕ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਮਜੀਠੀਆ ਅੱਜ ਸ਼ਾਮ ਨੂੰ ਹੀ ਜੇਲ੍ਹ ਤੋਂ ਬਾਹਰ ਆਉਣਗੇ। ਹਾਈ ਕੋਰਟ ਵਿੱਚ ਮਜੀਠੀਆ ਦੇ ਵਕੀਲਾਂ ਨੇ ਉਸ ਖ਼ਿਲਾਫ਼ ਦਰਜ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।
ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ, ਪਰ ਉਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸਨ।
ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਮਜੀਠੀਆ ਦੀ ਰੈਗੂਲਰ ਜ਼ਮਾਨਤ ਦੀ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ।
ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਹੈ।







