ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪਿਛਲੇ ਮਹੀਨੇ ਹਰਿਆਣਾ ਦੇ ਕਰਨਾਲ ਤੋਂ ਜ਼ਬਤ ਕੀਤੇ ਆਈਈਡੀ ਦੇ ਸਬੰਧ ਵਿੱਚ ਪੰਜਾਬ ਵਿੱਚ 7 ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ।
ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ਜ਼ਿਲਿਆਂ ‘ਚ 7 ਥਾਵਾਂ ‘ਤੇ ਤਲਾਸ਼ੀ ਦੌਰਾਨ NIA ਨੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਨਾਲ ਸਬੰਧਤ ਦਸਤਾਵੇਜ਼ ਅਤੇ ਡਿਜੀਟਲ ਉਪਕਰਨ ਜ਼ਬਤ ਕੀਤੇ ਹਨ।
ਇਹ ਜਾਣਕਾਰੀ ਐਨਆਈਏ ਦੇ ਇੱਕ ਸੀਨੀਅਰ ਅਧਿਕਾਰੀ ਨੇ ਸਾਂਝੀ ਕੀਤੀ। ਜਾਂਚ ਦੌਰਾਨ ਪਤਾ ਲੱਗਾ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਪਾਕਿਸਤਾਨ ਸਥਿਤ ਸੰਚਾਲਕ ਹਰਵਿੰਦਰ ਸਿੰਘ ਉਰਫ ਰਿੰਦਾ ਨੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਇਸ਼ਾਰੇ ‘ਤੇ ਭਾਰਤ ਨੂੰ ਵਿਸਫੋਟਕ, ਹਥਿਆਰ ਅਤੇ ਗੋਲਾ ਬਾਰੂਦ ਪਹੁੰਚਾਇਆ ਸੀ।
ਇਸ ਸੂਚਨਾ ਦੇ ਆਧਾਰ ‘ਤੇ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ‘ਚ 7 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ‘ਚ ਡਿਜੀਟਲ ਯੰਤਰ, ਵਿੱਤੀ ਲੈਣ-ਦੇਣ ਅਤੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ।
5 ਮਈ, 2022 ਨੂੰ, ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਬਸਤਾਰਾ ਟੋਲ ਪਲਾਜ਼ਾ ਤੋਂ ਆਈਈਡੀ ਅਤੇ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤਾ ਗਿਆ ਸੀ। 3 ਆਈ.ਈ.ਡੀ., 1 ਪਿਸਤੌਲ, 2 ਮੈਗਜ਼ੀਨ, 31 ਜਿੰਦਾ ਰੌਂਦ, 6 ਮੋਬਾਈਲ ਅਤੇ 1.30 ਲੱਖ ਦੀ ਨਕਦੀ ਬਰਾਮਦ ਕੀਤੀ ਗਈ ਹੈ।
ਚਿੱਟੇ ਰੰਗ ਦੀ ਇਨੋਵਾ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕੇਸ ਸ਼ੁਰੂ ਵਿੱਚ ਕਰਨਾਲ ਜ਼ਿਲ੍ਹੇ ਦੇ ਮਧੂਬਨ ਥਾਣੇ ਵਿੱਚ 5 ਮਈ 2022 ਨੂੰ ਦਰਜ ਕੀਤਾ ਗਿਆ ਸੀ, ਪਰ ਉਸੇ ਦਿਨ ਐਨਆਈਏ ਨੇ ਮਾਮਲੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।