ਫ਼ਤਹਿਗੜ੍ਹ ਸਾਹਿਬ ਵਿੱਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਮਹਾਂ ਪੰਚਾਇਤ ਕੀਤੀ ਗਈ ਸੀ। ਇਸ ਮਹਾਂ ਪੰਚਾਇਤ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ।
ਦੱਸ ਦੇਈਏ ਕਿ ਫਤਿਹਗੜ੍ਹ ਸਾਹਿਬ ‘ਚ ਹੋਈ ਇਸ ਕਿਸਾਨ ਮਹਾਪੰਚਾਇਤ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਮੀਟਿੰਗਾਂ ਲਈ ਸੱਦਾ ਦੇ ਰਹੀ ਹੈ ਅਤੇ ਦੂਜੇ ਪਾਸੇ ਰਾਤ ਨੂੰ ਕਿਸਾਨ ਮੋਰਚਿਆਂ ‘ਤੇ ਤਾਕਤ ਦੀ ਵਰਤੋਂ ਕਰ ਰਹੀ ਹੈ।
ਇਸਦੇ ਨਾਲ ਹੀ ਡੱਲੇਵਾਲ ਨੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੀ ਅਪੀਲ ਰੱਦ ਕਰ ਦਿੱਤੀ ਸੀ। ਮੰਤਰੀ ਨੇ ਉਨ੍ਹਾਂ ਨੂੰ 4 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦੇ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦੇ ਕੇ ਮਰਨ ਵਰਤ ਖਤਮ ਕਰਨ ਲਈ ਕਿਹਾ ਸੀ।
ਕਿਸਾਨ ਆਗੂ ਨੇ ਕਿਹਾ ਕਿ ਮੀਟਿੰਗ ਤੋਂ ਬਾਅਦ ਪਹਿਲਾਂ ਕੀਤੇ ਵਾਅਦੇ ਵੀ ਤੋੜ ਦਿੱਤੇ ਗਏ ਸਨ, ਇਸ ਲਈ ਹੁਣ ਉਨ੍ਹਾਂ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਮਹਾਂਪੰਚਾਇਤ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਪੁੱਜੇ ਡੱਲੇਵਾਲ ਨੇ ਵੀ ਮੋਰਚੇ ਦਾ ਮੁੱਦਾ ਉਠਾਇਆ।
ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਅਤੇ ਅਖੰਡ ਪਾਠ ਬੰਦ ਕਰਵਾਉਣ ਵਾਲਿਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ। ਇਸ ਮਾਮਲੇ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ।