ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਪ੍ਰੋਗਰਾਮ ਤੋਂ ਪਹਿਲਾਂ ਯੂਪੀ ਦੇ ਲਖੀਮਪੁਰ ਖੇੜੀ ਦੇ ਬਨਬੀਰਪੁਰ ਵਿੱਚ ਵੱਡਾ ਹੰਗਾਮਾ ਹੋਇਆ ਸੀ। ਟਿਕੁਨੀਆ ਵਿੱਚ ਉਪ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਲਈ ਖੜ੍ਹੇ ਕਿਸਾਨਾਂ ਦੀ ਭਾਜਪਾ ਆਗੂਆਂ ਨਾਲ ਝੜਪ ਹੋ ਗਈ। ਕਿਸਾਨ ਉੱਥੇ ਆਪਣਾ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਦੋਸ਼ ਹੈ ਕਿ ਇਸ ਦੌਰਾਨ ਕੁਝ ਭਾਜਪਾ ਨੇਤਾਵਾਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਕਾਰ ਚੜ੍ਹਾਈ , ਜਿਸ ‘ਚ ਕਈ ਕਿਸਾਨ ਜ਼ਖਮੀ ਹੋ ਗਏ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਨੇ ਦਾਅਵਾ ਕੀਤਾ ਹੈ ਕਿ ਇਸ ਹਾਦਸੇ ਵਿੱਚ 3 ਕਿਸਾਨਾਂ ਦੀ ਮੌਤ ਹੋ ਗਈ ਹੈ। ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਨੇ ਟਵੀਟ ਕਰਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ‘ਤੇ ਕਾਰ ਚਲਾਉਣ ਦਾ ਦੋਸ਼ ਲਗਾਇਆ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਗਾਜ਼ੀਪੁਰ ਤੋਂ ਲਖੀਮਪੁਰ-ਖੇੜੀ ਲਈ ਰਵਾਨਾ ਹੋਏ ਹਨ।