ਬੀਤੇ ਦਿਨੀਂ ਪੰਜਾਬ ਵਿੱਚ ਪੀ.ਐੱਮ. ਮੋਦੀ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਗੜਬੜੀ ਹੋਈ ਸੀ। ਹੁਣ ਇਸ ਮਾਮਲੇ ਵਿੱਚ ਭਾਰਤ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵੱਲੋਂ ਇੱਕ ਹੋਰ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਭਾਰਤ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂ ਸੁਰਜੀਤ ਸਿੰਘ ਫੂਲ ਨੇ ਮੰਨਿਆ ਹੈ ਕਿ ਭਾਰਤ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਵਰਕਰਾਂ ਨੇ ਹੀ ਪ੍ਰਧਾਨ ਮੰਤਰੀ ਮੋਦੀ ਦਾ ਰਾਹ ਰੋਕਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਦੱਸਿਆ ਸੀ ਕਿ ਪ੍ਰਧਾਨ ਮੰਤਰੀ ਸੜਕ ਰਾਹੀਂ ਆ ਰਹੇ ਹਨ।
ਇਸ ਦੇ ਨਾਲ ਹੀ ਹੁਣ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਇਸ ਮਾਮਲੇ ਵਿੱਚ ਹਰਕਤ ਵਿੱਚ ਆ ਗਈ ਹੈ। ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਕਮੇਟੀ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਗ੍ਰਹਿ ਮਾਮਲਿਆਂ ਤੇ ਪ੍ਰਿੰਸੀਪਲ ਸਕੱਤਰ ਅਤੇ ਜਸਟਿਸ ਅਨੁਰਾਗ ਵਰਮਾ ਹੋਣਗੇ।
ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਨੂੰ ਗ੍ਰਹਿ ਮੰਤਰਾਲੇ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਅਮਿਤ ਸ਼ਾਹ ਨੇ ਖੁਦ ਟਵੀਟ ਕਰਕੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕਮੀ ਮਨਜ਼ੂਰ ਨਹੀਂ ਹੈ, ਸਾਰਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।