Punjab Government: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖੋ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿੱਤਾ।
ਇਸ ਮੌਕੇ ਉਨ੍ਹਾਂ ਨੇ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।
ਪਿੰਡ ਮਛਲੀਕਲਾਂ ਅਤੇ ਨਿਹੋਲਕਾ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਾਏ ਕੈਂਪਾਂ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ । ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡ ਮਛਲੀਕਲਾਂ ਦੇ ਟੋਭੇ ਸਬੰਧੀ ਲੋਕਾਂ ਨੂੰ ਆ ਰਹੀ ਮੁਸ਼ਕਲ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਲੋੜੀਂਦੀ ਪੁਲੀ ਲਗਵਾਉਣ ਦੀ ਗੱਲ ਵੀ ਆਖੀ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਇਥੇ ਲੋੜ ਅਨੁਸਾਰ ਬੱਸਾਂ ਦੇ ਰੂਟ ਚਲਾਏ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਇਸ ਸਰਕਾਰ ਦੌਰਾਨ ਨਾ ਤਾਂ ਕਿਸੇ ਨਾਲ ਧੱਕਾ ਹੋਵੇਗਾ ਤੇ ਨਾ ਹੀ ਗਲਤ ਕੰਮ ਕਰਨ ਵਾਲੇ ਬਖਸ਼ੇ ਜਾਣਗੇ।
ਕੈਬਨਿਟ ਮੰਤਰੀ ਨੇ ਲੇਬਰ ਕਾਰਡ ਸਬੰਧੀ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ । ਉਨ੍ਹਾਂ ਦੱਸਿਆ ਕਿ ਲੇਬਰ ਕਾਰਡਾਂ ਜ਼ਰੀਏ ਲੋਕਾਂ ਨੂੰ ਇਲਾਜ ਲਈ ਮਾਲੀ ਮਦਦ ਮਿਲਦੀ ਹੈ ਤੇ ਸ਼ਗਨ ਸਕੀਮ ਸਬੰਧੀ, ਵਿਦਿਆਰਥੀਆਂ ਨੂੰ ਸਕਾਲਰਸ਼ਿਪ ਤੋਂ ਇਲਾਵਾਂ ਹੋਰ ਵੀ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਜੌਬ ਕਾਰਡ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਲੋਕ ਮਗਨਰੇਗਾ ਸਬੰਧੀ ਸਕੀਮਾਂ ਦਾ ਲਾਭ ਲੈ ਸਕਣ।
ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਗਰੰਟੀਆਂ ਦਿੱਤੀਆਂ ਸਨ , ਉਹਨਾਂ ਤੋਂ ਵੀ ਵੱਧ ਕੰਮ ਕੀਤਾ ਜਾਵੇਗਾ। ਉਹਨਾਂ ਨੇ ਅਪੀਲ ਕੀਤੀ ਕਿ ਹਰ ਜ਼ਿੰਮੇਵਾਰ ਵਿਅਕਤੀ ਸੂਬੇ ਦੀ ਤਰੱਕੀ ਲਈ ਯੋਗਦਾਨ ਪਾਵੇ।
ਇਨ੍ਹਾਂ ਕੈਂਪਾਂ ਦੌਰਾਨ ਮੁਫ਼ਤ ਮੈਡੀਕਲ ਸਹੂਲਤ, ਰੋਜ਼ਗਾਰ ਲਈ ਰਜਿਸਟ੍ਰੇਸ਼ਨ, ਜੌਬ ਕਾਰਡ ਤੋਂ ਇਲਾਵਾ ਆਧਾਰ ਕਾਰਡ ਬਣਾਉਣ ਸਬੰਧੀ ਸਹੂਲਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h