ਪੰਜਾਬ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਸ਼ਹਿਰ ਅੰਦਰ ਆਪਣੇ ਦਫਤਰ ਵਿੱਚ ਇੱਕ ਜਨਤਾ ਦਰਬਾਰ ਲਗਾਇਆ ਗਿਆ ਜਿਸ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਉਹਨਾਂ ਦਾ ਨਿਪਟਾਰਾ ਕੀਤਾ ਗਿਆ।
ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਤਿੰਨ ਸਾਲ ਪੂਰੇ ਹੋਣ ਤੇ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ ਉਹ ਪੂਰੇ ਕੀਤੇ ਜਾ ਰਹੇ ਹਨ ਅਤੇ ਤਿੰਨ ਸਾਲ ਵਿੱਚ ਪੰਜਾਬ ਅੰਦਰ ਬਹੁਤ ਸਾਰਾ ਵਿਕਾਸ ਕੀਤਾ ਗਿਆ ਹੈ ਤੇ ਆਉਣ ਵਾਲੇ ਦੋ ਸਾਲਾਂ ਵਿੱਚ ਵੀ ਵੱਡੇ ਪੱਧਰ ਤੇ ਇਹ ਵਿਕਾਸ ਇਸੇ ਤਰੀਕੇ ਨਾਲ ਜਾਰੀ ਰਹੇਗਾ।
ਅੰਮ੍ਰਿਤਸਰ ਵਿੱਚ ਮੰਦਿਰ ਤੇ ਗਰਨੇਡ ਅਟੈਕ ਕਰਨ ਵਾਲਿਆਂ ਦੇ ਇਨਕਾਊਂਟਰ ਤੇ ਬੋਲਦੇ ਹੋਏ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਮਾਫ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਇੱਕ ਅਮਨ ਸ਼ਾਂਤੀ ਵਾਲਾ ਸੂਬਾ ਹੈ ਅਤੇ ਜੋ ਵੀ ਗਲਤ ਗਤੀਵਿਧੀਆਂ ਕਰਨਗੇ ਉਹਨਾਂ ਵਿਰੁੱਧ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ।