Captain Amarinder Singh on Ajnala incident: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਅਜਨਾਲਾ ਦੀ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਇਹ ਬਹੁਤ ਚਿੰਤਾਜਨਕ ਹੈ।
ਦੱਸ ਦਈਏ ਕਿ ਬੀਤੇ ਦਿਨ ‘ਵਾਰਿਸ ਪੰਜਾਬ ਦੇ’ ਦੇ ਮੁੱਖੀ ਸਮਰਥਕਾਂ ਨੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਕਬਜ਼ਾ ਕਰ ਲਿਆ ਸੀ, ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ‘ਚ ਟੱਕਰਾਅ ਹੋਇਆ ਤੇ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਵੀ ਹੋਏ।
ਇਸ ਘਟਨਾ ਦੀ ਨਿਖੇਦੀ ਕਰਦਿਆਂ ਕੈਪਟਨ ਅਮਰਿੰਦਰ ਨੇ ਇੱਕ ਬਿਆਨ ਵਿੱਚ ਕਿਹਾ, “ਇਹ ਨਾ ਸਿਰਫ਼ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣਾ ਹੈ, ਸਗੋਂ ਇਸ ਤੋਂ ਵੀ ਵੱਧ ਗੰਭੀਰ ਹੈ।” ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਘਟਨਾ ਸੂਬੇ ਤੇ ਦੇਸ਼ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਕਾਰਨ ਹੈ। ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਮਾਮਲੇ ਵਿੱਚ ਦਖਲ ਦੇਣਾ ਚਾਹੀਦਾ ਹੈ ਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਵੀਰਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ‘ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੀ ਪੁਲਿਸ ਨਾਲ ਝੜਪ ਹੋਈ ਤੇ ਉਹ ਆਪਣੇ ਇੱਕ ਸਾਥੀ ਦੀ ਗ੍ਰਿਫਤਾਰੀ ਦਾ ਵਿਰੋਧ ਕਰਦੇ ਹੋਏ ਪੁਲਿਸ ਕੰਪਲੈਕਸ ‘ਚ ਦਾਖਲ ਹੋਏ ਸੀ। ਪੁਲਿਸ ਨੇ ਸਿੰਘ ਅਤੇ ਉਸਦੇ ਸਮਰਥਕਾਂ ‘ਤੇ ਇੱਕ ਵਿਅਕਤੀ ਨੂੰ ਅਗਵਾ ਕਰਨ ਦਾ ਮਾਮਲਾ ਦਰਜ ਕੀਤਾ ਸੀ।
ਇਸ ਕਰਕੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸੈਂਕੜੇ ਸਮਰਥਕ ਤਲਵਾਰਾਂ ਤੇ ਹੋਰ ਹਥਿਆਰ ਲੈ ਕੇ ਅਜਨਾਲਾ ਥਾਣੇ ਅੱਗੇ ਇਕੱਠੇ ਹੋਏ। ਅਜਨਾਲਾ ਪਹੁੰਚਣ ਤੋਂ ਪਹਿਲਾਂ ਕਪੂਰਥਲਾ ਜ਼ਿਲ੍ਹੇ ਦੇ ਢਿਲਵਾਂ ‘ਟੋਲ ਪਲਾਜ਼ਾ’ ‘ਤੇ ਸੜਕ ਦੇ ਵਿਚਕਾਰ ਜਾ ਕੇ ਪ੍ਰਦਰਸ਼ਨ ਕੀਤਾ। ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਵੱਲ ਜਾਣ ਤੋਂ ਰੋਕਿਆ।
ਕੀ ਰਹੀ ਸਮਰੱਥਕਾਂ ਦੀ ਮੰਗ
ਬਾਅਦ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਅਜਨਾਲਾ ਥਾਣੇ ਵੱਲ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਦੇ ਰੋਸ ਕਾਰਨ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਕੁਝ ਸਮੇਂ ਲਈ ਜਾਮ ਕੀਤਾ ਗਿਆ। ਬਾਅਦ ‘ਚ ਪੁਲਿਸ ਨੇ ਅਜਨਾਲਾ ਦੇ ਬੱਸ ਸਟੈਂਡ ‘ਤੇ ਬੈਰੀਕੇਡ ਲਗਾ ਕੇ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਰੋਕ ਲਿਆ। ਪਰ ਉਹ ਜ਼ਬਰਦਸਤੀ ਬੈਰੀਕੇਡ ਹਟਾ ਕੇ ਥਾਣੇ ਅੰਦਰ ਦਾਖ਼ਲ ਹੋ ਗਏ ਤੇ ਪੁਲਿਸ ਨਾਲ ਹੱਥੋਪਾਈ ਕੀਤੀ। ਉਨ੍ਹਾਂ ਨੇ ਅੰਮ੍ਰਿਤਪਾਲ ਅਤੇ ਹੋਰ ਸਮਰਥਕਾਂ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਤੇ ਅਣਮਿੱਥੇ ਸਮੇਂ ਲਈ ਸਾਈਟ ‘ਤੇ ਆਪਣਾ ਧਰਨਾ ਜਾਰੀ ਰੱਖਣ ਦੀ ਧਮਕੀ ਵੀ ਦਿੱਤੀ।
ਤਾਈਨਾਤ ਸੀ ਭਾਰੀ ਸੁਰੱਖਿਆ ਬਲ
ਪ੍ਰਦਰਸ਼ਨਕਾਰੀਆਂ ਦੇ ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਸੁਰੱਖਿਆ ਬਲਾਂ ਨੂੰ ਪੁਲਿਸ ਕੰਪਲੈਕਸ ਵਿੱਚ ਤਾਇਨਾਤ ਕੀਤਾ ਗਿਆ ਸੀ। ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਦੇ ਵਸਨੀਕ ਵਰਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਅਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸਵੈ-ਸੇਵੀ ਪ੍ਰਚਾਰਕ ਸਿੰਘ ਅਤੇ ਉਸ ਦੇ ਸਮਰਥਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਧਮਕੀ ਦਿੱਤੀ ਸੀ ਕਿ ਉਹ ਵੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਰਗਾ ਹੀ ਹੋਵੇਗਾ। ਦੁਬਈ ਤੋਂ ਪਰਤਿਆ ਅੰਮ੍ਰਿਤਪਾਲ ਸਿੰਘ ਮਰਹੂਨ ਐਕਟਰ ਤੇ ਕਾਰਕੁਨ ਦੀਪ ਸਿੱਧੂ ਵਲੋਂ ਸਥਾਪਿਤ ਸੰਸਥਾ ‘ਵਾਰਿਸ ਪੰਜਾਬ ਦੇ’ ਦਾ ਮੁਖੀ ਹੈ। ਸਿੱਧੂ ਦੀ ਪਿਛਲੇ ਸਾਲ ਫਰਵਰੀ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h