Electric Vehicle Charging infrastructure: ਪੰਜਾਬ ਨੂੰ ਵਿਕਸਤ ਤਕਨਾਲੋਜੀ ਵਿੱਚ ਇੱਕ ਕਦਮ ਹੋਰ ਅੱਗੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇਲੈਕਟ੍ਰਿਕ ਵਾਹਨ (ਈਵੀ) ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਬਾਰੇ ਵਿਚਾਰ ਕਰ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਟਰਾਂਸਪੋਰਟ, ਲੋਕ ਨਿਰਮਾਣ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਨਿਵੇਸ਼ ਪ੍ਰੋਤਸਾਹਨ, ਹੁਨਰ ਵਿਕਾਸ, ਸੈਰ-ਸਪਾਟਾ, ਪੀਐਸਪੀਸੀਐਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ ਸਮੇਤ ਸਾਰੇ ਭਾਈਵਾਲ ਵਿਭਾਗਾਂ ਨਾਲ ਵਿਚਾਰ-ਵਟਾਂਦਰਾ ਕੀਤਾ ਹੈ।
ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਹੁਨਰ ਵਿਕਾਸ, ਸਿਖਲਾਈ, ਸਿੱਖਿਆ, ਸਟੈਂਡਰਡ ਟੈਸਟਿੰਗ ਅਤੇ ਬੈਟਰੀ ਟੈਕਨਾਲੋਜੀ ਨੂੰ ਹੋਰ ਮਜ਼ਬੂਤ ਕਰਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈਆਈਟੀ ਰੋਪੜ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਲੈਕਟ੍ਰਿਕ ਵਾਹਨ ਨੀਤੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਦਾ ਵਰਕਿੰਗ ਗਰੁੱਪ ਬਣਾਉਣ ਲਈ ਵੀ ਕਿਹਾ।
ਸੂਬੇ ਵਿੱਚ ਈ.ਵੀ. ਨੀਤੀ ਨੂੰ ਲਾਗੂ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦੇ ਇਕਜੁੱਟ ਹੋਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ 2025 ਤੱਕ 25 ਫ਼ੀਸਦ ਇਲੈਕਟ੍ਰਿਕ ਵਾਹਨਾਂ ਦਾ ਟੀਚਾ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਈ-ਮੋਬੀਲਿਟੀ ਵੱਲ ਤਬਦੀਲੀ ਲਈ ਈ.ਵੀ. ਚਾਰਜਿੰਗ ਦੇ ਬੁਨਿਆਦੀ ਢਾਂਚੇ ਦਾ ਪਹੁੰਚਯੋਗ ਅਤੇ ਮਜ਼ਬੂਤ ਨੈੱਟਵਰਕ ਸਥਾਪਤ ਕਰਨਾ ਸਮੇਂ ਦੀ ਲੋੜ ਹੈ। ਇਹ ਨਾ ਸਿਰਫ਼ ਸੂਬੇ ਨੂੰ ਨੈੱਟ-ਜ਼ੀਰੋ ਮਿਸ਼ਨ ਵੱਲ ਲੈ ਕੇ ਜਾਵੇਗਾ ਸਗੋਂ ਦੇਸ਼ ਦੇ ਆਵਾਜਾਈ ਖੇਤਰ ਵਿੱਚ ਨਵੀਨਤਾ ਲਿਆਉਣ ਵਿੱਚ ਵੀ ਸਹਾਈ ਹੋਵੇਗਾ।
ਪ੍ਰਮੁੱਖ ਸਕੱਤਰ ਪਾਵਰ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੀ.ਐਸ.ਪੀ.ਸੀ.ਐਲ. ਸੂਬੇ ਵਿੱਚ ਪ੍ਰਸਤਾਵਿਤ ਈਵੀ ਚਾਰਜਿੰਗ ਸਟੇਸ਼ਨਾਂ ਨੂੰ ਬਿਜਲੀ ਕੁਨੈਕਸ਼ਨ ਦੀ ਤੁਰੰਤ ਪ੍ਰਵਾਨਗੀ ਲਈ ਪੂਰਾ ਸਹਿਯੋਗ ਦੇਵੇਗਾ।
ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਵੀ ਭਗਤ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਸਰੋਤਾਂ ਨਾਲ ਈਵੀ ਚਾਰਜਿੰਗ ਬੁਨਿਆਦੀ ਢਾਂਚੇ ਦੇ ਏਕੀਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਵਿੱਚ ਮਜ਼ਬੂਤ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਈਵੀ. ਚਾਰਜਿੰਗ ਸਟੇਸ਼ਨਾਂ ਵਿੱਚ ਕੁਦਰਤੀ ਸਰੋਤਾਂ ਤੋਂ ਪੈਦਾ ਊਰਜਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਈਵੀ ਅਤੇ ਫਾਸਟ ਚਾਰਜਿੰਗ ਬੈਟਰੀਆਂ ਦੇ ਨਿਰਮਾਣ ਨਾਲ ਜੁੜੀਆਂ ਨਵੀਆਂ ਤਕਨੀਕਾਂ ਨੂੰ ਆਈਆਈਟੀ ਰੋਪੜ ਨਾਲ ਸਲਾਹ-ਮਸ਼ਵਰਾ ਕਰਕੇ ਅਪਣਾਇਆ ਜਾਵੇਗਾ।
ਪੀਐੱਮਆਈਡੀਸੀ ਦੇ ਸੀਈਓ ਈਸ਼ਾ ਕਾਲੀਆ ਨੇ ਕਿਹਾ ਕਿ ਸੈਂਟਰ ਆਫ਼ ਐਕਸੀਲੈਂਸ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਵਿਆਪਕ ਪ੍ਰਵਾਨਗੀ ਲਈ ਪਾਏਦਾਰ ਈ-ਚਾਰਜਿੰਗ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਇੱਕ ਪੁਲ ਵਜੋਂ ਕੰਮ ਕਰੇਗਾ।
New and Renewable Energy Sources Minister @AroraAmanSunam directed Punjab Energy Development Agency to tie up with IIT Ropar to set up a Centre of Excellence for ramping up Electric Vehicle Charging infrastructure in the state for making the smooth transition to e-mobility. pic.twitter.com/7v66STqaGG
— Government of Punjab (@PunjabGovtIndia) April 21, 2023
ਪੇਡਾ ਦੇ ਡਾਇਰੈਕਟਰ ਐਮਪੀ ਸਿੰਘ ਨੇ ਸੂਬੇ ਵਿੱਚ ਈ.ਵੀ. ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਕਰਨ ਅਤੇ ਇਸ ਸਬੰਧੀ ਰਣਨੀਤੀ ਬਣਾਉਣ ਦੀ ਲੋੜ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਚੇਅਰਮੈਨ ਪੇਡਾ ਐਚ.ਐਸ.ਹੰਸਪਾਲ, ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਡੀ.ਪੀ.ਐਸ. ਖਰਬੰਦਾ, ਜੁਆਇੰਟ ਡਾਇਰੈਕਟਰ ਪੇਡਾ ਕੁਲਬੀਰ ਸਿੰਘ ਸੰਧੂ ਤੋਂ ਇਲਾਵਾ ਜੀ.ਆਈ.ਜ਼ੈੱਡ, ਟਰਾਂਸਪੋਰਟ, ਲੋਕ ਨਿਰਮਾਣ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h