Punjab News: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਹ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਉਣ ਵਾਲੀਆਂ ਸਮਾਜ ਸੇਵੀ ਸੰਸਥਾਵਾਂ, ਆਮ ਨਾਗਰਿਕਾਂ ਤੇ ਸਮਾਜ ਸੇਵੀਆਂ ਦਾ ਸਨਮਾਨ ਕਰਨ ਲਈ ਕਰਵਾਏ ਇੱਕ ਵਿਸ਼ੇਸ਼ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸੀ।
ਉਨ੍ਹਾਂ ਦੇ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੇ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਸਿਰਮਨ ਜੀਤ ਕੌਰ ਪਠਾਣਮਾਜਰਾ ਸਮੇਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਰਹੇ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪੂਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਤਾਂ ਕਿ ਹੜ੍ਹ ਪੀੜਤਾਂ ਦਾ ਜਾਨੀ ਤੇ ਮਾਲੀ ਨੁਕਸਾਨ ਘੱਟੋ-ਘੱਟ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਅਤੇ ਸਰਕਾਰ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਏਗੀ।
ਜੌੜਾਮਾਜਰਾ ਨੇ ਕਿਹਾ ਕਿ ਹੜ੍ਹਾਂ ਦੌਰਾਨ ਪੰਜਾਬ ਭਰ ਵਿੱਚ ਐਨ.ਜੀ.ਓਜ., ਕਿਸਾਨਾਂ, ਨੌਜਵਾਨਾਂ ਤੇ ਸਮਾਜ ਸੇਵੀਆਂ ਸਮੇਤ ਪਿੰਡਾਂ ਦੇ ਲੋਕਾਂ ਨੇ ਟ੍ਰੈਕਟਰ ਟਰਾਲੀਆ ਨਾਲ ਜਿੱਥੇ ਪਸ਼ੂਆਂ ਲਈ ਹਰਾ ਚਾਰਾ ਲਿਆਂਦਾ, ਉਥੇ ਹੀ ਦਵਾਈਆਂ, ਸੁੱਕਾ ਰਸਦ ਤੇ ਪੀਣ ਵਾਲੇ ਪਾਣੀ ਸਮੇਤ ਹੋਰ ਰਾਹਤ ਸਮੱਗਰੀ ਨਾਲ ਆਪਣਾ ਯੋਗਦਾਨ ਪਾ ਕੇ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਜੰਗੀ ਪੱਧਰ ‘ਤੇ ਅਰੰਭੇ। ਉਨ੍ਹਾਂ ਕਿਹਾ ਕਿ ਇਸ ਲਈ ਇਨ੍ਹਾਂ ਦਾ ਸਨਮਾਨ ਕਰਨਾ ਸਾਡਾ ਫਰਜ਼ ਬਣਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪੱਧਰ ‘ਤੇ ਇਹ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਨੇ ਹੜ੍ਹ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਵਾਲਿਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਸਨਮਾਨ ਸਮਰੋਹ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੇ ਨੀਨਾ ਮਿੱਤਲ ਨੇ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਵਾਲੇ ਸਾਰੇ ਸਮਾਜ ਸੇਵੀਆਂ, ਆਮ ਨਾਗਰਿਕਾਂ ਅਤੇ ਹਰ ਧਾਰਮਿਕ, ਸਮਾਜਿਕ ਤੇ ਹੋਰ ਸੰਸਥਾਵਾਂ ਦਾ ਧੰਨਵਾਦ ਕੀਤਾ, ਜਿਸਨੇ ਮਨੁੱਖਤਾ ਨੂੰ ਆਪਣਾ ਧਰਮ ਸਮਝਕੇ ਕਿਸੇ ਨਾ ਕਿਸੇ ਤਰ੍ਹਾਂ ਮਦਦ ਕਰਨ ਲਈ ਆਪਣਾ ਹੱਥ ਅੱਗੇ ਵਧਾਇਆ। ਦੋਵਾਂ ਵਿਧਾਇਕਾਂ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਧਾਈ ਦਾ ਪਾਤਰ ਹੈ, ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੇਂ ਸਿਰ ਠੋਸ ਕਦਮ ਉਠਾਏ ਤੇ ਜ਼ਿਲ੍ਹੇ ਵਿੱਚ ਭਾਰੀ ਹੜ੍ਹਾਂ ਦੇ ਬਾਵਜੂਦ ਕਿਸੇ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਜੇਕਰ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਦੇ ਕਾਰਨ ਜਾਨੀ ਨੁਕਸਾਨ ਤੋਂ ਲੋਕਾਂ ਨੂੰ ਬਚਾਅ ਸਕੇ ਹਨ ਤਾਂ ਇਸ ਲਈ ਸਮਾਜ ਸੇਵੀਆਂ ਤੇ ਆਮ ਨਾਗਰਿਕਾਂ ਦੇ ਸਹਿਯੋਗ ਨੇ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਐਨ.ਜੀ.ਓਜ਼ ਤੇ ਸਮਾਜ ਸੇਵੀ ਇਸ ਕਦਰ ਮਦਦ ਲਈ ਅੱਗੇ ਨਾ ਆਉਂਦੇ ਤਾਂ ਉਨ੍ਹਾਂ ਲਈ ਇਸ ਚੁਣੌਤੀ ਦਾ ਟਾਕਰਾ ਕਰਨਾ ਐਨਾ ਆਸਾਨ ਨਹੀਂ ਸੀ ਹੋਣਾ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਪੁਲਿਸ ਵਿਭਾਗ ਨੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਤੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਪੂਰੀ ਤਨਦੇਹੀ ਨਾਲ ਹੜ੍ਹ ਵਿੱਚ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ। ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਮੁੱਖ ਨਿਸ਼ਾਨਾ ਨਦੀਆਂ ਵਿੱਚ ਪਏ ਪਾੜਾਂ ਨੂੰ ਪੂਰਨਾ, ਨੁਕਸਾਨੀਆਂ ਸੰਪਰਕ ਸੜਕਾਂ ਤੇ ਹੋਰ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਪ੍ਰਭਾਵਤ ਲੋਕਾਂ ਦੀ ਮਦਦ ਕਰਨ ਸਮੇਤ ਲੋਕਾਂ ਦਾ ਹੜ੍ਹਾਂ ਤੋਂ ਬਾਅਦ ਦੀਆਂ ਬਿਮਾਰੀਆਂ ਤੋਂ ਬਚਾਅ ਕਰਨਾ ਹੈ।
ਰਾਹਤ ਕਾਰਜਾਂ ਲਈ ਨੋਡਲ ਅਫਸਰ ਤੇ ਸਹਾਇਕ ਕਮਿਸ਼ਨਰ (ਯੂ.ਟੀ.) ਡਾ ਅਕਸ਼ਿਤਾ ਗੁਪਤਾ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ ਅਰਵਿੰਦ, ਏ.ਡੀ.ਸੀ ਜਗਜੀਤ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੇ ਵੀ.ਸੀ. (ਲੈਫ਼. ਜਨ) ਜੇ.ਐਸ. ਚੀਮਾ, ਸਹਾਇਕ ਕਮਿਸ਼ਨਰ (ਯੂ.ਟੀ.) ਡਾ ਅਕਸ਼ਿਤਾ ਗੁਪਤਾ, ਵੀਰਪਾਲ ਕੌਰ ਅਤੇ ਹੋਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਪੁੱਜੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h